ਚੰਡੀਗੜ੍ਹ: ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਵਾਸਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਵੱਲ ਇਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣ ਅਤੇ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਸ਼ਕਤੀਆਂ ਡਾਇਰੈਕਟਰ ਫ਼ੈਕਟਰੀਜ਼ ਨੂੰ ਸੌਂਪ ਦਿੱਤੀਆਂ ਹਨ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਹਿਲਾਂ ਉਦਯੋਗਪਤੀਆਂ ਨੂੰ ਆਪਣੀਆਂ ਫੈਕਟਰੀਆਂ ਦੇ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਲਈ ਦੋ ਵੱਖ-ਵੱਖ ਵਿਭਾਗਾਂ ਵਿੱਚ ਅਰਜ਼ੀਆਂ ਦੇਣੀਆਂ ਪੈਂਦੀਆਂ ਸਨ ਪਰ ਹੁਣ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣ ਅਤੇ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਸਮੇਤ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਪੈਂਦੇ ਉਦਯੋਗਾਂ ਦੀ ਕੰਪਾਊਂਡਿੰਗ ਸਬੰਧੀ ਸ਼ਕਤੀਆਂ ਡਾਇਰੈਕਟਰ ਫ਼ੈਕਟਰੀਜ਼ ਨੂੰ ਸੌਂਪ ਦਿੱਤੀਆਂ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਉਦਯੋਗਪਤੀ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਲਈ ਸਿੱਧੇ ਡਾਇਰੈਕਟਰ ਫ਼ੈਕਟਰੀਜ਼ ਪੰਜਾਬ ਦੇ ਦਫ਼ਤਰ ਵਿੱਚ ਅਪਲਾਈ ਕਰ ਸਕਦੇ ਹਨ। ਉਦਯੋਗਾਂ ਲਈ ‘ਚੇਂਜ ਆਫ਼ ਲੈਂਡ ਯੂਜ਼’ ਸਬੰਧੀ ਪ੍ਰਵਾਨਗੀ ਪਹਿਲਾਂ ਹੀ ਮੁਆਫ਼ ਕਰ ਦਿੱਤੀ ਗਈ ਹੈ। ਇਸ ਲਈ ਬਿਨੈ-ਪੱਤਰ ਪ੍ਰਾਪਤ ਹੋਣ ਉਤੇ ਡਾਇਰੈਕਟਰ ਫ਼ੈਕਟਰੀਜ਼ ਵੱਲੋਂ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਟਾਊਨ ਪਲਾਨਰ (ਡੀ.ਟੀ.ਪੀ.) ਤੋਂ ਰਿਪੋਰਟ ਮੰਗੀ ਜਾਵੇਗੀ ਕਿ ਇਸ ਉਦਯੋਗ ਦੀ ਪ੍ਰਵਾਨਗੀ ਮਾਸਟਰ ਪਲਾਨਜ਼, ਰੀਜਨਲ ਪਲਾਨ, ਲੈਂਡ ਯੂਜ਼ ਪਲਾਨ, ਸਥਾਨਕ ਯੋਜਨਾ ਖੇਤਰ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਹੋਰ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਉਪਬੰਧਾਂ ਮੁਤਾਬਕ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਡੀ.ਟੀ.ਪੀ. ਵੱਲੋਂ ਸੱਤ ਕੰਮ-ਕਾਜੀ ਦਿਨਾਂ ਦੇ ਅੰਦਰ ਡਾਇਰੈਕਟਰ ਫ਼ੈਕਟਰੀਜ਼ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਅਮਨ ਅਰੋੜਾ ਨੇ ਦੱਸਿਆ ਕਿ ਡਾਇਰੈਕਟਰ ਫ਼ੈਕਟਰੀਜ਼ ਵੱਲੋਂ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਬਿਲਡਿੰਗ ਰੂਲਜ਼, 2021 ਮੁਤਾਬਕ ਜਾਰੀ ਕੀਤੀ ਜਾਵੇਗੀ। ਇਸ ਤਰ੍ਹਾਂ ਇੱਕੋ ਸਮਰੱਥ ਅਥਾਰਟੀ ਬਿਲਡਿੰਗ ਪਲਾਨਜ਼ ਦੀ ਪ੍ਰਵਾਨਗੀ ਜਾਰੀ ਕਰੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ