Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕਰਕੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਵਾਲਿਆਂ ਨਾਲ ਰਾਬਤਾ ਕੀਤਾ।


ਮੁੱਖ ਮੰਤਰੀ ਨੇ  ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਈ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿੱਚ ਚੱਲ ਰਹੇ ਲਗਭਗ 2500 ਭੱਠਿਆਂ ਵਿੱਚ ਬਾਲਣ ਵਜੋਂ 20 ਫੀਸਦੀ ਕੋਲੇ ਨੂੰ ਝੋਨੇ ਦੀ ਪਰਾਲੀ ਦੀਆਂ ਗੱਟੀਆਂ ਨਾਲ ਬਦਲਣ ਨੂੰ ਨੋਟੀਫਾਈ ਕੀਤਾ ਹੈ। 


ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 23,000 ਹੋਰ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਇਸ ਦੀ ਤੁਰੰਤ ਲਿਫਟਿੰਗ ਲਈ ਵੀ ਵਚਨਬੱਧ ਹੈ। 


ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਦਾਣਾ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।