ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਜਲਦ ਹੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਮੁਤਾਬਕ ਸਿੱਟ ਗਿਆਨੀ ਗੁਰਬਚਨ ਸਿੰਘ ਤੋਂ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮਾਫੀ ਦੇਣ ਤੇ ਫਿਰ ਇਹ ਹੁਕਮ ਰੱਦ ਕਰਨ ਬਾਰੇ ਸਵਾਲ ਪੁੱਛੇਗੀ।

ਦਰਅਸਲ ਬੇਅਦਬੀ ਤੇ ਉਸ ਮਗਰੋਂ ਗੋਲੀ ਕਾਂਡ ਦੇ ਤਾਰ ਡੇਰਾ ਸਿਰਸਾ ਨਾਲ ਜੁੜੇ ਹਨ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ ਸੀ ਕਿ ਡੇਰਾ ਸਿਰਸਾ ਮੁਖੀ ਨੂੰ ਮਾਫੀ ਦਵਾਉਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹੋਰ ਲੀਡਰਾਂ ਨੇ ਗਿਆਨੀ ਗੁਰਬਚਨ ਸਿੰਘ ਤੇ ਹੋਰ ਜਥੇਦਾਰ ਸਹਿਬਾਨ 'ਤੇ ਦਬਾਅ ਬਣਾਇਆ ਸੀ। ਇਸ ਕਰਕੇ ਸਿੱਖ ਸੰਗਤਾਂ ਵਿੱਚ ਰੋਸ ਸੀ।

ਰਿਪੋਰਟ ਵਿੱਚ ਇਹ ਵੀ ਸ਼ੱਕ ਜਤਾਇਆ ਗਿਆ ਸੀ ਕਿ ਡੇਰਾ ਮੁਖੀ ਨਾਲ ਅਕਾਲੀ ਲੀਡਰਾਂ ਦੀ ਨੇੜਤਾ ਕਰਕੇ ਬਾਦਲ ਸਰਕਾਰ ਨੇ ਬੇਅਦਬੀ ਮਾਮਲਿਆਂ 'ਤੇ ਵੇਲੇ ਸਿਰ ਕਾਰਵਾਈ ਨਹੀਂ ਕੀਤੀ ਸੀ। ਇਸ ਕਰਕੇ ਸਿੱਖ ਸੰਗਤਾਂ ਵਿੱਚ ਰੋਸ ਵਧਦਾ ਗਿਆ। ਸਿੱਟ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਤੋਂ ਪੁੱਛਗਿੱਛ ਕਰ ਚੁੱਕੀ ਹੈ। ਇਸ ਮਗਰੋਂ ਸਿੱਟ ਗਿਆਨੀ ਗੁਰਬਚਨ ਸਿੰਘ ਤੋਂ ਵੀ ਪੁੱਛਗਿੱਛ ਕਰਨਾ ਜ਼ਰੂਰੀ ਸਮਝਦੀ ਹੈ।