ਹਰਸਿਮਰਤ ਮਗਰੋਂ ਸੁਖਬੀਰ ਖਿਲਾਫ ਡਟੀਆਂ ਸਿੱਖ ਜਥੇਬੰਦੀਆਂ, ਟਕਸਾਲੀਆਂ ਵੱਲੋਂ ਵੱਡਾ ਐਲਾਨ
ਏਬੀਪੀ ਸਾਂਝਾ | 01 May 2019 12:40 PM (IST)
ਬਠਿੰਡਾ ਵਿੱਚ ਹਰਸਿਮਰਤ ਬਾਦਲ ਦੇ ਵਿਰੋਧ ਮਗਰੋਂ ਹੁਣ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਬੀਰ ਬਾਦਲ ਨੂੰ ਵੀ ਕਾਲੀਆਂ ਝੰਡੀਆਂ ਵਿਖਾਉਣੀਆਂ ਸ਼ੁਰੂ ਹੋ ਗਈਆਂ ਹਨ। ਮੰਗਲਵਾਰ ਨੂੰ ਕਸਬਾ ਤਲਵੰਡੀ ਭਾਈ ’ਚ ਸੁਖਬੀਰ ਬਾਦਲ ਦੇ ਕਾਫ਼ਲੇ ਨੂੰ ਪੰਥਕ ਜਥੇਬੰਦੀਆਂ ਨੇ ਕਾਲੀਆਂ ਝੰਡੀਆਂ ਦਿਖਾਈਆਂ। ਸੁਰੱਖਿਆ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਤੁਰੰਤ ਸੁਖਬੀਰ ਬਾਦਲ ਦਾ ਰੂਟ ਤਬਦੀਲ ਕਰਨਾ ਪਿਆ।
ਫ਼ਿਰੋਜ਼ਪੁਰ: ਬਠਿੰਡਾ ਵਿੱਚ ਹਰਸਿਮਰਤ ਬਾਦਲ ਦੇ ਵਿਰੋਧ ਮਗਰੋਂ ਹੁਣ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਬੀਰ ਬਾਦਲ ਨੂੰ ਵੀ ਕਾਲੀਆਂ ਝੰਡੀਆਂ ਵਿਖਾਉਣੀਆਂ ਸ਼ੁਰੂ ਹੋ ਗਈਆਂ ਹਨ। ਮੰਗਲਵਾਰ ਨੂੰ ਕਸਬਾ ਤਲਵੰਡੀ ਭਾਈ ’ਚ ਸੁਖਬੀਰ ਬਾਦਲ ਦੇ ਕਾਫ਼ਲੇ ਨੂੰ ਪੰਥਕ ਜਥੇਬੰਦੀਆਂ ਨੇ ਕਾਲੀਆਂ ਝੰਡੀਆਂ ਦਿਖਾਈਆਂ। ਸੁਰੱਖਿਆ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਤੁਰੰਤ ਸੁਖਬੀਰ ਬਾਦਲ ਦਾ ਰੂਟ ਤਬਦੀਲ ਕਰਨਾ ਪਿਆ। ਹਾਸਲ ਜਾਣਕਾਰੀ ਮੁਤਾਬਕ ਮੁੱਦਕੀ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨ ਮਗਰੋਂ ਪਿੰਡ ਕੋਟ ਕਰੋੜ ਪਹੁੰਚਣ ’ਤੇ ਪੰਥਕ ਜਥੇਬੰਦੀਆਂ ਦੇ ਕਾਰਕੁਨਾਂ ਨੇ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆ ਵਿਖਾਈਆਂ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਯੂਥ ਅਕਾਲੀ ਦਲ ਦੇ ਵਰਕਰਾਂ ਦਰਮਿਆਨ ਟਕਰਾਅ ਦੀ ਹਾਲਤ ਪੈਦਾ ਹੋ ਗਈ ਪਰ ਪੁਲਿਸ ਨੇ ਮੌਕਾ ਸੰਭਾਲ ਲਿਆ। ਉਧਰ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਐਮਪੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਿੱਖ ਸੰਗਤਾਂ ਨੂੰ ਸੱਦਾ ਦਿੱਤਾ ਕਿ ਬਾਦਲਾਂ ਨੂੰ ਪਿੰਡਾਂ ਵਿੱਚ ਕਾਲੇ ਝੰਡੇ ਦਿਖਾਏ ਜਾਣ ਤੇ ਪਿੰਡਾਂ ਵਿੱਚ ਵੜਨ ਨਾ ਦਿੱਤਾ ਜਾਵੇ। ਬ੍ਰਹਮਪੁਰਾ ਨੇ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਘਟਨਾ ਪਿੱਛੇ ਬਾਦਲਾਂ ਦਾ ਹੱਥ ਹੈ, ਉਨ੍ਹਾਂ ਨੂੰ ਇਸ ਦੀ ਸਜ਼ਾ ਮਿਲਣੀ ਚਾਹੀਦੀ ਹੈ। ਇਹ ਸਜ਼ਾ ਦੇਣ ਦਾ ਹੁਣ ਢੁੱਕਵਾਂ ਸਮਾਂ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਅੱਜ ਸਿਆਸੀ ਖੇਤਰ ਵਿੱਚ ਉੱਖੜ ਚੁੱਕਾ ਹੈ। ਉਨ੍ਹਾਂ ਅਪੀਲ ਕੀਤੀ ਕਿ ਬਾਦਲਾਂ ਤੇ ਕਾਂਗਰਸ ਨੂੰ ਹਰਾਉਣ ਲਈ ਨਿਰਪੱਖ ਤੇ ਵਧੀਆ ਉਮੀਦਵਾਰ ਦਾ ਸਮਰਥਨ ਕੀਤਾ ਜਾਵੇ। ਬ੍ਰਹਮਪੁਰਾ ਨੇ ਆਖਿਆ ਕਿ ਬਾਦਲ ਪਰਿਵਾਰ ਨੇ ਜਿੰਨਾ ਵੱਡਾ ਪਾਪ ਕੀਤਾ ਹੈ, ਉਸ ਅਨੁਸਾਰ ਇਨ੍ਹਾਂ ਨੂੰ ਕਾਲੀਆਂ ਝੰਡੀਆਂ ਨਹੀਂ, ਝੰਡੇ ਦਿਖਾਏ ਜਾਣ। ਉਨ੍ਹਾਂ ਕਿਹਾ ਕਿ ਉਹ ਬਾਦਲ ਤੇ ਕਾਂਗਰਸ ਦੋਵਾਂ ਖ਼ਿਲਾਫ਼ ਹਨ। ਕਾਂਗਰਸ ਨੇ 1984 ਦੇ ਸਿੱਖ ਕਤਲੇਆਮ ਤੋਂ ਇਲਾਵਾ ਧਾਰਮਿਕ ਸਥਾਨਾਂ ਨੂੰ ਢਾਹਿਆ ਹੈ ਜਦੋਂਕਿ ਬਾਦਲਾਂ ਨੇ ਅਕਾਲ ਤਖ਼ਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਣੇ ਸਿੱਖ ਸੰਸਥਾਵਾਂ ਦਾ ਘਾਣ ਕੀਤਾ ਹੈ।