ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦਾ ਨਜ਼ਰ ਆ ਰਿਹਾ ਹੈ। ਅਕਾਲੀ ਦਲ ਨੇ ਇਸ ਦੀ ਸ਼ੁਰੂਆਤ ਅੱਜ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਕਰ ਦਿੱਤੀ ਹੈ। ਖਾਸ ਗੱਲ਼ ਹੈ ਕਿ ਇਸ ਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖੁਦ ਮੋਰਚਾ ਸੰਭਾਲਣ ਪਹੁੰਚੇ ਹੋਏ ਹਨ।

ਯਾਦ ਰਹੇ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਦਾ ਰੁਤਬਾ ਆਮ ਆਦਮੀ ਪਾਰਟੀ ਕੋਲ ਹੈ ਪਰ ਇਸ ਵੇਲੇ ਪਾਰਟੀ ਲੀਰੋ-ਲੀਰ ਹੋਈ ਪਈ ਹੈ। ‘ਆਪ’ ਦੇ ਕੁੱਲ 20 ਵਿਧਾਇਕ ਸਨ। ਇਨ੍ਹਾਂ ਵਿੱਚੋਂ ਤਿੰਨ ਵਿਧਾਇਕ ਸੁਖਪਾਲ ਸਿੰਘ ਖਹਿਰਾ, ਮਾਸਟਰ ਬਲਦੇਵ ਸਿੰਘ ਤੇ ਐਚਐਸ ਫੂਲਕਾ ਪਾਰਟੀ ਤੋਂ ਬਾਹਰ ਹੋ ਚੁੱਕੇ ਹਨ। ਪੰਜ ਵਿਧਾਇਕ ਕੰਵਰ ਸੰਧੂ, ਨਾਜ਼ਰ ਸਿੰਘ ਮਾਨਸ਼ਾਹੀਆ, ਪਿਰਮਲ ਸਿੰਘ ਖਾਲਸਾ, ਜਗਤਾਰ ਸਿੰਘ ਹਿੱਸੋਵਾਲ ਤੇ ਜਗਦੇਵ ਸਿੰਘ ਕਮਾਲੂ ਬਾਗੀ ਹੋ ਕੇ ਵੱਖ ਚੱਲ ਰਹੇ ਹਨ। ਉਧਰ ਲੋਕ ਇਨਸਾਫ ਪਾਰਟੀ ਦੇ ਦੋ ਵਿਧਾਇਕ ਵੀ 'ਆਪ' ਦਾ ਸਾਥ ਛੱਡ ਚੁੱਕੇ ਹਨ।

ਇਸ ਤਰ੍ਹਾਂ ਪਾਰਟੀ ਕੋਲ 12 ਵਿਧਾਇਕ ਹੀ ਬਚੇ ਹਨ। ਪਾਰਟੀ ਵੱਲੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਅਮਨ ਅਰੋੜਾ, ਪ੍ਰੋਫੈਸਰ ਬਲਜਿੰਦਰ ਕੌਰ, ਪ੍ਰਿੰਸੀਪਲ ਬੁੱਧ ਰਾਮ, ਕੁਲਤਾਰ ਸਿੰਘ ਸੰਧਵਾਂ, ਅਮਰਜੀਤ ਸਿੰਘ ਸੰਦੋਆ, ਮੀਤ ਹੇਅਰ, ਕੁਲਵੰਤ ਸਿੰਘ ਕੋਟਲੀ, ਮਨਜੀਤ ਸਿੰਘ ਬਿਲਾਸਪੁਰ, ਜੈ ਕਿਸ਼ਨ ਸਿੰਘ ਰੋੜੀ ਤੇ ਰੁਪਿੰਦਰ ਰੂਬੀ ਵਿਰੋਧੀ ਧਿਰ ਦੇ ਆਗੂ ਵਕੀਲ ਹਰਪਾਲ ਸਿੰਘ ਚੀਮਾ ਹੀ ਮੋਰਚਾ ਸੰਭਾਲ ਰਹੇ ਹਨ।

ਦੂਜੇ ਪਾਸੇ ਅਕਾਲੀ ਦਲ ਕੋਲ 15 ਤੇ ਭਾਈਵਾਲ ਬੀਜੇਪੀ ਕੋਲ ਤਿੰਨ ਵਿਧਾਇਕ ਹਨ। ਇਸ ਤੋਂ ਇਲਾਵਾ ਅਕਾਲੀ ਦਲ ਦੇ ਵਿਧਾਇਕਾਂ ਕੋਲ ਤਜਰਬਾ ਹੋਣ ਕਰਕੇ ਉਹ ਇਹ ਪ੍ਰਭਾਵ ਦੇਣਾ ਚਾਹੁੰਦੇ ਹਨ ਕਿ ਪੰਜਾਬ ਦੇ ਮੁੱਦਿਆਂ ਨੂੰ ਸਿਰਫ ਅਕਾਲੀ ਦਲ ਹੀ ਉਠਾ ਸਕਦਾ ਹੈ। ਇਸ ਲਈ ਅਕਾਲੀ ਦਲ ਸ਼ੁਰੂ ਤੋਂ ਹੀ ਹਮਲਾਵਾਰ ਰੁਖ ਅਪਣਾ ਰਿਹਾ ਹੈ।