(Source: ECI/ABP News/ABP Majha)
Punjab News: ਹੁਣ ਕੇਂਦਰ ਸਰਕਾਰ ਕੱਢੇਗੀ ਐਸਵਾਈਐਲ ਵਿਵਾਦ ਦਾ ਹੱਲ? ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਦਿੱਲੀ ਬੁਲਾਇਆ
Punjab News: ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਫਿਰ ਗਰਮਾ ਗਿਆ ਹੈ। ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦੌਰਾਨ ਕੋਈ ਹੱਲ ਨਾ ਨਿਕਲਣ ਮਗਰੋਂ ਹੁਣ ਕੇਂਦਰ ਸਰਕਾਰ ਅੱਗੇ ਆਈ ਹੈ। ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਦੀ...
Punjab News: ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਫਿਰ ਗਰਮਾ ਗਿਆ ਹੈ। ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦੌਰਾਨ ਕੋਈ ਹੱਲ ਨਾ ਨਿਕਲਣ ਮਗਰੋਂ ਹੁਣ ਕੇਂਦਰ ਸਰਕਾਰ ਅੱਗੇ ਆਈ ਹੈ। ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਬੁਲਾ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 4 ਜਨਵਰੀ ਨੂੰ ਦਿੱਲੀ ਵਿੱਚ ਮੀਟਿੰਗ ਕਰਨਗੇ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਦਾ ਪਾਣੀਆਂ ਦੇ ਮੁੱਦੇ ’ਤੇ ਵਿਵਾਦ ਇਸ ਵੇਲੇ ਸੁਪਰੀਮ ਕੋਰਟ ਵਿੱਚ ਹੈ। ਸੁਪਰੀਮ ਕੋਰਟ ਨੇ ਸਤੰਬਰ ਮਹੀਨੇ ਵਿੱਚ ਦੋਵਾਂ ਸੂਬਿਆਂ ਨੂੰ ਗੱਲਬਾਤ ਰਾਹੀਂ ਮਸਲੇ ਦਾ ਹੱਲ ਲੱਭਣ ਦੀ ਹਦਾਇਤ ਕੀਤੀ ਸੀ। ਇਸ ਦੇ ਮੱਦੇਨਜ਼ਰ ਦੋਵਾਂ ਸੂਬਿਆਂ ਦੀ ਚੰਡੀਗੜ੍ਹ ਵਿੱਚ 14 ਅਕਤੂਬਰ ਨੂੰ ਮੀਟਿੰਗ ਵੀ ਹੋਈ ਸੀ ਪਰ ਕੋਈ ਹੱਲ ਨਹੀਂ ਨਿਕਲਿਆ ਸੀ।
ਉਧਰ, ਸੁਪਰੀਮ ਕੋਰਟ ਵਿੱਚ ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ ਨੂੰ ਹੈ। ਇਸ ਨੂੰ ਲੈ ਕੇ ਕੇਂਦਰ ਸਰਕਾਰ ਖੁਦ ਦੋਵਾਂ ਸੂਬਿਆਂ ਦੀ ਮੀਟਿੰਗ ਕਰਵਾ ਰਹੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ ਸੀ ਕਿ ਦੋਵੇਂ ਸੂਬੇ ਇਸ ਮਸਲੇ ਨੂੰ ਗੱਲਬਾਤ ਰਾਹੀਂ ਸੁਲਝਾਉਣ। ਪਹਿਲੀ ਕੋਸ਼ਿਸ਼ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਕੀਤੀ ਸੀ ਤੇ ਇਹ ਮੀਟਿੰਗ ਬੇਸਿੱਟਾ ਰਹੀ ਸੀ। ਹੁਣ ਕੇਂਦਰ ਸਰਕਾਰ ਨੇ ਕੋਸ਼ਿਸ਼ ਆਰੰਭੀ ਹੈ।
ਇਹ ਵੀ ਪੜ੍ਹੋ: Chandigarh News: ਸੀਐਮ ਭਗਵੰਤ ਮਾਨ ਲੋਕਾਂ ਦਾ ਭਰੋਸਾ ਗੁਆ ਚੁੱਕੇ, ‘ਆਪ’ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ: ਬਾਜਵਾ
ਦੱਸ ਦਈਏ ਕਿ 8 ਅਪਰੈਲ 1982 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਪਿੰਡ ਕਪੂਰੀ ਵਿੱਚ ਟੱਕ ਲਾ ਕੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਸੀ। ਸ਼੍ਰੋਮਣੀ ਅਕਾਲੀ ਦਲ ਨੇ ਪਾਣੀਆਂ ਦੇ ਮੁੱਦੇ ’ਤੇ ਮੋਰਚਾ ਵੀ ਲਗਾਇਆ ਸੀ। ਪਾਣੀਆਂ ਦਾ ਮਾਮਲਾ ਲੰਮੇ ਅਰਸੇ ਤੋਂ ਕਈ ਪੜਾਵਾਂ ਵਿਚੋਂ ਦੀ ਗੁਜ਼ਰ ਚੁੱਕਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਾਲ 2004 ਵਿੱਚ ਪਾਣੀਆਂ ਦੇ ਸਮਝੌਤੇ ਰੱਦ ਹੀ ਕਰ ਦਿੱਤੇ ਸਨ। ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੀ ਵਜ਼ਾਰਤ ਨੇ ਸਤਲੁਜ ਯਮਨਾ ਲਿੰਕ ਨਹਿਰ ਲਈ ਐਕੁਆਇਰ ਕੀਤੀ ਜ਼ਮੀਨ ਵਾਪਸ ਕਰਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਸਨ।