Punjab News: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਨਾਨਕ ਨਾਮ ਲੇਵਾ ਸਿੱਖ ਸੰਗਤ ਲਈ ਵੱਡੀ ਖੁਸ਼ਖ਼ਬਰੀ ਆਈ ਹੈ। ਦਰਅਸਲ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਣ ਸਿੱਖ ਸ਼ਰਧਾਲੂ ਬਿਨ੍ਹਾਂ ਕੋਈ ਵੀਜ਼ਾ ਫੀਸ ਦਿੱਤੇ ਕਰਤਾਰਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਦਰਸ਼ਨ ਦੀਦਾਰ ਕਰ ਸਕਣਗੇ।


 






 ਕਮੇਟੀ ਵੱਲੋਂ ਆਪਣੇ ਅਧਿਕਾਰਿਤ ਸ਼ੋਸਲ ਮੀਡੀਆ ਹੈਂਡਲ X ‘ਤੇ ਪੋਸਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਲਈ ਇਹ ਵੱਡਾ ਫੈਸਲਾ ਕੀਤਾ ਹੈ। ਹਾਲਾਂਕਿ ਪੋਸਟ ਵਿੱਚ ਲਾਂਘਾ ਸ਼ਬਦ ਦੀ ਵਰਤੋਂ ਨਹੀਂ ਕੀਤੀ ਗਈ ਹੈ। ਇਸ ਪੋਸਟ ਵਿੱਚ ਕਿਹਾ ਗਿਆ ਹੈ ਕਿ  ਸਿੱਖ ਸ਼ਰਧਾਲੂ ਹੁਣ ਬਿਨਾਂ ਵੀਜ਼ਾ ਫੀਸ ਦੇ ਪਾਕਿਸਤਾਨ ਜਾ ਸਕਦੇ ਹਨ ਇੱਕ ਸਵਾਗਤਯੋਗ ਕਦਮ ਵਿੱਚ, ਪਾਕਿਸਤਾਨ ਸਰਕਾਰ ਨੇ ਵੀਜ਼ਾ ਫੀਸਾਂ ਨੂੰ ਮੁਆਫ ਕਰਨ ਤੇ ਸਿੱਖ ਸ਼ਰਧਾਲੂਆਂ ਲਈ ਜਲਦੀ ਵੀਜ਼ਾ-ਆਨ-ਅਰਾਈਵਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਮੇਤ ਪਵਿੱਤਰ ਸਥਾਨਾਂ ਦੀ ਯਾਤਰਾ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਇਸ ਯੋਜਨਾ ਦਾ ਉਦੇਸ਼ ਸਲਾਨਾ 10 ਲੱਖ ਸਿੱਖ ਸ਼ਰਧਾਲੂਆਂ ਦੀ ਮੇਜ਼ਬਾਨੀ ਕਰਨਾ ਹੈ, ਜੋ ਕਿ ਭਾਈਚਾਰੇ ਲਈ ਮਜ਼ਬੂਤ ​​ਸਮਰਥਨ ਦਰਸਾਉਂਦਾ ਹੈ।



ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀ ਕਿਹਾ ?


ਇਸ ਬਾਬਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਫੈਸਲਾ ਸ਼ਲਾਘਾਯੋਗ ਹੈ ਪਰ ਅਜੇ ਤੱਕ ਸ਼੍ਰੋਮਣੀ ਕਮੇਟੀ ਕੋਲ ਕੋਈ ਅਧਿਕਾਰਤ ਸੂਚਨਾ ਨਹੀਂ ਪਹੁੰਚੀ ਹੈ। ਜੋ ਪਾਕਿਸਤਾਨੀ ਕਮੇਟੀ ਦਾ ਟਵੀਟ ਆਇਆ ਹੈ। ਉਸ ਵਿੱਚ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੋਈ ਸਪੱਸਟ ਜ਼ਿਕਰ ਨਹੀਂ ਹੈ।



ਦੱਸ ਦਈਏ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਹੀ ਭਾਰਤ ਅਤੇ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਨਾਲ ਸਬੰਧਿਤ ਸਮਝੌਤੇ ਨੂੰ ਅਗਲੇ 5 ਸਾਲਾਂ ਲਈ ਵਧਾਉਣ ਦਾ ਫੈਸਲਾ ਕੀਤਾ ਸੀ। ਇਸ ਮੌਕੇ ਦੋਵੇਂ ਦੇਸ਼ਾਂ ਵੱਲੋਂ ਯਾਤਰਾ ਨੂੰ ਹੋਰ ਬੇਹਤਰ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵੀ ਵਿਚਾਰ ਵਿਟਾਂਦਰਾਂ ਕੀਤਾ ਗਿਆ ਸੀ।