ਰਿਪੋਰਟਰ--ਮੁਕੇਸ਼ ਸੈਣੀ ਪਠਾਨਕੋਟ
Punjab News: ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਪਰਮਾਨੰਦ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਥਾਨਕ ਲੋਕਾਂ ਨੇ ਸੜਕ ਕਿਨਾਰੇ ਇੱਕ ਨੌਜਵਾਨ ਦੀ ਲਾਸ਼ ਪਈ ਦੇਖੀ, ਜਿਸ ਕਾਰਨ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਕਿ ਨੌਜਵਾਨ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
ਕੁਝ ਦਿਨ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ ਪਿੰਡ
ਤੁਹਾਨੂੰ ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਜੋ ਕਿ ਐਨ.ਆਰ.ਆਈ ਹੈ, ਕੁਝ ਦਿਨ ਪਹਿਲਾਂ ਹੀ ਆਪਣੇ ਪਿੰਡ ਪਰਤਿਆ ਸੀ। ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਆਪਣੀ ਥਾਰ ਕਾਰ ਵਿੱਚ ਵਾਪਸ ਆ ਰਿਹਾ ਸੀ ਜਿਸ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਆਹ ਦੇਖਕੇ ਵਾਪਸ ਆ ਰਹੇ ਨੌਜਵਾਨ ਨੂੰ ਗੋਲ਼ੀਆਂ ਨਾਲ ਭੁੰਨਿਆ
ਮ੍ਰਿਤਕ ਨੌਜਵਾਨ ਦੀ ਪਛਾਣ ਹਰਦੇਵ ਸਿੰਘ ਠਾਕੁਰ ਪੁੱਤਰ ਰਮੇਸ਼ ਸਿੰਘ ਵਾਸੀ ਚੱਕਮੀਰ ਜ਼ਿਲ੍ਹਾ ਪਠਾਨਕੋਟ ਵਜੋਂ ਹੋਈ ਹੈ ਜੋ ਕਿ ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਆਪਣੇ ਪਿੰਡ ਪਰਤਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਤਰਨਤਾਰਨ 'ਚ ਦੇਰ ਰਾਤ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀਅਤੇ ਜਦੋਂ ਮਲਕਪੁਰ ਪੁੱਜਾ ਤਾਂ ਉਸਨੂੰ ਇਕ ਫੋਨ ਆਇਆ ਅਤੇ ਫਿਰ ਵਾਪਸ ਜ਼ਿਲ੍ਹਾ ਗੁਰਦਾਸਪੁਰ ਵੱਲ ਨੂੰ ਆਇਆ, ਜਦੋਂ ਉਹ ਪਰਮਾਨੰਦ ਨੇੜੇ ਪਹੁੰਚਿਆ ਤਾਂ ਕਿਸੇ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨਾਂ ਕਿਹਾ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਪਤਾ ਨਹੀਂ ਕਿਸ ਨੇ ਉਸ ਨੂੰ ਗੋਲੀ ਮਾਰੀ ਹੈ। ਫਿਲਹਾਲ ਉਨਾਂ ਨੇ ਪੁਲਸ ਨੂੰ ਇਨਸਾਫ ਦੀ ਅਪੀਲ ਕੀਤੀ ਹੈ।
ਕਤਲ ਦੇ ਕਾਰਨਾਂ ਬਾਰੇ ਨਹੀਂ ਹੋਇਆ ਖ਼ੁਲਾਸਾ
ਦੂਜੇ ਪਾਸੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।