ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀ ਤੇ ਸਟਾਫ਼ ਨਿੱਜੀ ਤੌਰ ਉਤੇ ਜ਼ਿੰਮੇਵਾਰ ਹੋਵੇਗਾ: ਭਗਵੰਤ ਮਾਨ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ਼ ਨੂੰ ਨਿੱਜੀ ਤੌਰ ਉਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ਼ ਨੂੰ ਨਿੱਜੀ ਤੌਰ ਉਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
ਇੱਥੇ ਨਵੀਂ ਜ਼ਿਲ੍ਹਾ ਜੇਲ੍ਹ ਦਾ ਮੁਆਇਨਾ ਕਰਨ ਪੁੱਜੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ ਉਤੇ ਪੁਖ਼ਤਾ ਸੁਰੱਖਿਆ ਢਾਂਚਾ ਮੁਹੱਈਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੇਲ੍ਹਾਂ ਵਿੱਚ ਸੁਰੱਖਿਆ ਤੰਤਰ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਵਿਭਾਗ ਨੂੰ ਵਾਹਨ ਮੁਹੱਈਆ ਕਰਨ ਦੇ ਨਾਲ-ਨਾਲ ਜੇਲ੍ਹਾਂ ਵਿੱਚ ਜੈਮਰਾਂ, ਡੋਰ ਮੈਟਲ ਡਿਟੈਕਟਰ ਤੇ ਹੋਰ ਉਪਕਰਨ ਪਹਿਲਾਂ ਹੀ ਲਗਾ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਚੰਭੇ ਵਾਲੀ ਗੱਲ ਹੈ ਕਿ ਹਾਲੇ ਵੀ ਜੇਲ੍ਹਾਂ ਵਿੱਚੋਂ ਮੋਬਾਈਲ ਤੇ ਨਸ਼ੇ ਮਿਲਣ ਦੀਆਂ ਰਿਪੋਰਟਾਂ ਆ ਰਹੀਆਂ ਹਨ।
ਪੰਜਾਬ ਦੀਆਂ ਜੇਲ੍ਹਾਂ ਨੂੰ ਸਹੀ ਮਾਅਨੇ ‘ਚ ਸੁਧਾਰ ਘਰ ਬਣਾਵਾਂਗੇ…ਜੋ ਵੀ ਵਿਅਕਤੀ ਕਿਸੇ ਕਾਰਨ ਜੇਲ੍ਹਾਂ ‘ਚ ਆਏ ਨੇ ਇੱਥੋਂ ਕੁਝ ਸਿੱਖ ਕੇ ਜ਼ਿੰਦਗੀ ਦੇ ਸਬਕ ਲੈ ਕੇ ਬਾਹਰ ਜਾਣ…ਪੰਜਾਬ ਭਰ ਦੀਆਂ ਜੇਲ੍ਹਾਂ ਨੂੰ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਅਪਗ੍ਰੇਡ ਕਰਾਂਗੇ.. pic.twitter.com/BzMKufZqpa
— Bhagwant Mann (@BhagwantMann) December 13, 2022
ਮੁੱਖ ਮੰਤਰੀ ਨੇ ਆਖਿਆ ਕਿ ਜੇਲ੍ਹ ਸਟਾਫ਼ ਦੀ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਹੜਾ ਅਧਿਕਾਰੀ ਇਸ ਤਰ੍ਹਾਂ ਦੀਆਂ ਕੁਤਾਹੀਆਂ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕੁਤਾਹੀਆਂ ਲਈ ਜੇਲ੍ਹਾਂ ਦੀ ਕਾਰਜਪ੍ਰਣਾਲੀ ਦੀ ਦੇਖ-ਰੇਖ ਕਰ ਰਹੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਜੇਲ੍ਹਾਂ ਵਿੱਚ ਨਸ਼ਿਆਂ ਤੇ ਮੋਬਾਈਲਾਂ ਦੀ ਸਪਲਾਈ ਉਤੇ ਸਖ਼ਤੀ ਨਾਲ ਨੱਥ ਪਾਉਣ ਦੀ ਲੋੜ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਇਸ ਗੈਰ-ਕਾਨੂੰਨੀ ਕਵਾਇਦ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਸੂਬਾ ਸਰਕਾਰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਲ੍ਹ ਬੰਦੀਆਂ ਵਿਚਾਲੇ ਅਨੁਸ਼ਾਸਨਹੀਣਤਾ ਦੀਆਂ ਵਧਦੀਆਂ ਘਟਨਾਵਾਂ ਉਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਮਾਨ ਨੇ ਅੱਗੇ ਕਿਹਾ ਕਿ ਅਧਿਕਾਰੀ ਢੁਕਵੇਂ ਕਦਮ ਚੁੱਕ ਕੇ ਇਸ ਰੁਝਾਨ ਨੂੰ ਨੱਥ ਪਾਉਣ।