Punjab News: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਸਰਕਾਰ ਤੇ ਕੇਂਦਰ ਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਮੋਗਾ-ਫਿਰੋਜ਼ਪੁਰ ਹਾਈਵੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਪੁਤਲਾ ਸਾੜ ਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।


ਇਸ ਮੌਕੇ ਕਿਸਾਨਾਂ ਨੇ ਆਪਣੀਆਂ ਮੰਗਾਂ ਬਾਬਤ ਦੱਸਿਆ ਕਿ 23 ਫ਼ਸਲਾਂ ਲਈ ਐਮਐਸਪੀ ਦੀ ਗਾਰੰਟੀ ਦਿੱਤੀ ਜਾਵੇ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ 'ਤੇ ਹੋਏ ਪਰਚੇ ਰੱਦ ਕੀਤੇ ਜਾਣ, ਕਿਸਾਨ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ, ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਸ਼ਾਮਲ ਹੈ।


ਇਸ ਤੋਂ ਇਲਾਵਾ ਨੌਜਵਾਨਾਂ ਨੰ ਸਰਕਾਰੀ ਨੌਕਰੀਆਂ, ਭਾਖੜਾ ਪ੍ਰਬੰਧ ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨੀ, ਪੱਤਰਕਾਰਾਂ ਅਤੇ ਬੁੱਧੀਜੀਵੀਆਂ ਵਿਰੁੱਧ ਕੇਸ ਰੱਦ ਕਰਨ ਅਤੇ ਜੇਲ੍ਹਾਂ ਵਿੱਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਆਦਿ ਸਮੇਤ ਕਈ ਹੋਰ ਮੁੱਦੇ ਹਨ। ਇਸ ਦੇ ਨਾਲ ਹੀ  ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਵੀ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜ਼ੀਰਾ ਵਿੱਚ ਖੁੱਲ੍ਹੀ ਫੈਕਟਰੀ ਨੂੰ ਪੱਕੇ ਤੌਰ ਉੱਤੇ ਬੰਦ ਕਰਨ ਲਈ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ 2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਸਜ਼ਾ ਦਿੱਤੀ ਜਾਵੇ।


ਜ਼ਿਕਰ ਕਰ ਦਈਏ ਕਿ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀਸੀ ਦਫਤਰਾਂ ਅੱਗੇ ਧਰਨੇ ਲਾਏ ਜਾ ਰਹੇ ਹਨ ਜਿਸ ਦੀ ਅਗਵਾਈ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਕਰ ਰਹੇ ਹਨ। ਦੱਸ ਦਈਏ ਕਿ ਇਹ ਧਰਨੇ 26 ਨਵੰਬਰ ਤੋਂ ਸ਼ੁਰੂ ਕੀਤੇ ਗਏ ਹਨ ਜਿਸ ਵਿੱਚ ਭਲਕੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਮਨਾਇਆ ਗਿਆ। ਇਸ ਮੌਕੇ ਮੋਰਚੇ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ, ਕੀਰਤਨ ਦਰਬਾਰ ਕਰਵਾਏ ਗਏ ਸਨ।


ਕਿਸਾਨ ਮੋਰਚੇ ਵਿੱਚ ਮੌਜੂਦ ਕਿਸਾਨ ਮਜ਼ਦੂਰ ਅਤੇ ਔਰਤਾਂ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਕਿਹਾ ਸੀ ਕਿ ਤੇ ਪੰਜਾਬ ਸਰਕਾਰ ਤਹਿਸੀਲ ਕੰਪਲੈਕਸ ਦੀਆਂ ਬਿਲਡਿੰਗਾਂ ਦੀ ਹਾਲਤ ਸੁਧਾਰਨ ਤੇ ਪੈਸਾ‌‌ ਲਾਉਣ ਦਾ ਫੈਸਲਾ ਕਰ ਰਹੀ ਹੈ ਜਦ ਕਿ ਲੋਕਾਂ ਦੀਆਂ ਦਫਤਰਾਂ ਨਾਲ ਸਬੰਧਤ ਮੁਸ਼ਕਲਾਂ ਓਵੇਂ ਦੀਆਂ ਓਵੇਂ ਬਣੀਆਂ ਹੋਈਆਂ ਹਨ‌, ਲੋਕ‌ ਖ਼ਜਲ ਖੁਆਰ ਹੋ ਰਹੇ ਹਨ ਸਰਕਾਰ ਨੂੰ ਚਾਹੀਦਾ ਸੀ ਕਿ ਪਹਿਲਾਂ ਇਸ 'ਤੇ ਕਾਬੂ ਕਰੇ ।