ਅੰਮ੍ਰਿਤਸਰ: ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦੇਸੀ ਘਿਓ ਦੇ ਇਕ ਲੱਖ ਦੀਵੇ ਅਲੌਕਿਕ ਦ੍ਰਿਸ਼ ਪੇਸ਼ ਕਰਨਗੇ। ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ਿਆਂ ਦੇ ਬਾਹਰ ਮੇਜ ਲਗਾ ਕੇ ਦੀਵਿਆਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਸੰਗਤ ਨੇ ਕੇਵਲ ਸ਼ਰਧਾ ਪ੍ਰਗਟਾਉਂਦਿਆਂ ਦੀਵਿਆਂ ਨੂੰ ਬਾਲ ਕੇ ਸਰੋਵਰ ਦੁਆਲੇ ਪਰਕਰਮਾਂ ਵਿੱਚ ਰੱਖਣਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਖੂਬਸੂਰਤ ਸਜ਼ਾਵਟ ਵੀ ਕੀਤੀ ਜਾਵੇਗੀ।