ਅਬੋਹਰ: ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਤਾਜ਼ਾ ਮਾਮਲੇ ਵਿੱਚ ਅੱਜ ਅਬੋਹਰ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ। ਮ੍ਰਿਤਕ ਲੜਕਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਕਰੀਬ ਇੱਕ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਪਵਨਪ੍ਰੀਤ ਦੇ ਪਿਤਾ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਪੁੱਤਰ ਚੰਡੀਗੜ੍ਹ ਦੇ ਜ਼ੀਰਕਪੁਰ ਵਿੱਚ ਟ੍ਰਾਂਸਪੋਰਟੇਸ਼ਨ ਦਾ ਕੰਮ ਕਰਦੇ ਹਨ ਤੇ ਉਨ੍ਹਾਂ ਦਾ ਪੁੱਤਰ ਕੱਲ੍ਹ ਰਾਤ ਹੀ ਘਰ ਆਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਆਪਣੇ ਲੜਕੇ ਉੱਤੇ ਸ਼ੱਕ ਰਹਿੰਦਾ ਸੀ ਕਿ ਉਹ ਨਸ਼ਾ ਕਰਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਕਿਸੇ ਹੋਰ ਦੇ ਪੁੱਤ ਦੀ ਨਸ਼ੇ ਕਾਰਨ ਮੌਤ ਨਾ ਹੋਵੇ ।

ਇਸ ਮਾਮਲੇ ਸਬੰਧੀ ਫਾਜ਼ਿਲਕਾ ਦੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਨਾਲ ਜਦੋਂ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਨਸ਼ੇ ਦੀ ਓਵਰਡੋਜ਼ ਕਾਰਨ ਲੜਕੇ ਦੀ ਮੌਤ ਹੋਈ ਹੈ। ਡੀਐਸਪੀ ਨੇ ਇਸ ਮਾਮਲੇ ਦੀ ਜਾਂਚ ਕੀਤੀ ਹੈ ਕਿ ਉਹ ਲੜਕਾ ਚੰਡੀਗੜ੍ਹ ਤੋਂ ਕੱਲ੍ਹ ਰਾਤ ਹੀ ਆਇਆ ਸੀ। ਰਾਤ ਨੂੰ ਉਸ ਦੀ ਲਾਸ਼ ਨਸ਼ੇ ਦੀ ਓਵਰਡੋਜ ਕਾਰਨ ਬਾਥਰੂਮ ਵਿੱਚ ਪਈ ਮਿਲੀ ਹੈ। ਉਨ੍ਹਾਂ ਦੱਸਿਆ ਕਿ ਉੱਥੋਂ ਕੁਝ ਨਸ਼ੀਲਾ ਪਦਾਰਥ ਵੀ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਹੋ ਰਹੀ ਹੈ ਜੋ ਵੀ ਗੱਲ ਸਾਹਮਣੇ ਆਵੇਗੀ ਉਸ ਮੁਤਾਬਕ ਅਗਲੇਰੀ ਕਾਰਵਾਈ ਕੀਤੀ ਜਾਵੇਗੀ।