ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬਾਦਲ ਪਰਿਵਾਰ ਤੋਂ ਇਲਾਵਾ ਕਿਸੇ ਹੋਰ ਦਾ ਅਖੰਡ ਪਾਠ ਬੁੱਕ ਨਹੀਂ ਕੀਤਾ ਜਾ ਰਿਹਾ। ਇਹ ਖੁਲਾਸਾ ਜਸਟਿਸ ਅਜੀਤ ਸਿੰਘ ਬੈਂਸ (ਸੇਵਾਮੁਕਤ) ਦੀ ਅਗਵਾਈ ਵਾਲੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਕੀਤਾ ਹੈ। ਉਨ੍ਹਾਂ ਇਸ ਗੱਲਬਾਤ ਦੀ ਆਡੀਓ ਰਿਕਾਰਡਿੰਗ ਹੋਣ ਦਾ ਵੀ ਦਾਅਵਾ ਕੀਤਾ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਨੂੰ ਪੱਤਰ ਸੌਂਪ ਕੇ ਇਸ ਦੀ ਸ਼ਿਕਾਇਤ ਵੀ ਕੀਤੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਦੀ ਅਪੀਲ ਕੀਤੀ ਹੈ। ਇਹ ਪੱਤਰ ਜਥੇਬੰਦੀ ਦੇ ਕਾਰਕੁਨ ਸਰਬਜੀਤ ਸਿੰਘ ਵੇਰਕਾ ਤੇ ਹੋਰਨਾਂ ਵੱਲੋਂ ਅਕਾਲ ਤਖ਼ਤ ਦੇ ਸਕੱਤਰੇਤ ’ਚ ਦਿੱਤਾ ਗਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਲਿਖਿਆ ਕਿ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਬਾਦਲ ਪਰਿਵਾਰ ਵੱਲੋਂ 2012 ਤੋਂ ਨਿਰੰਤਰ ਅਖੰਡ ਪਾਠ ਕਰਵਾਏ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧ ਵਿੱਚ ਆਪਣੇ ਪੱਧਰ ’ਤੇ ਅਖੰਡ ਪਾਠ ਬੁੱਕ ਕਰਾਉਣ ਦਾ ਯਤਨ ਕੀਤਾ ਸੀ ਪਰ ਸ਼੍ਰੋਮਣੀ ਕਮੇਟੀ ਦੇ ਸਬੰਧਤ ਅਮਲੇ ਨੇ ਇਸ ਥਾਂ ’ਤੇ ਅਖੰਡ ਪਾਠ ਬੁੱਕ ਕਰਨ ਤੋਂ ਇਹ ਆਖ ਕੇ ਨਾਂਹ ਕਰ ਦਿੱਤੀ ਕਿ ਉੱਥੇ ਪਹਿਲਾਂ ਹੀ ਬੁਕਿੰਗ ਚੱਲ ਰਹੀ ਹੈ। ਸਬੰਧਤ ਅਮਲੇ ਨੇ ਦੱਸਿਆ ਕਿ 2022 ਤੱਕ ਉੱਥੇ ਨਿਰੰਤਰ ਅਖੰਡ ਪਾਠ ਦੀ ਬੁਕਿੰਗ ਕੀਤੀ ਹੋਈ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਡਿਊਟੀ ’ਤੇ ਤਾਇਨਾਤ ਸ਼੍ਰੋਮਣੀ ਕਮੇਟੀ ਦੇ ਅਮਲੇ ਨੇ ਉਨ੍ਹਾਂ ਨੂੰ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਉੱਚ ਅਧਿਕਾਰੀਆਂ ਨੇ ਇਸ ਥਾਂ ’ਤੇ ਆਮ ਸੰਗਤ ਜਾਂ ਸ਼ਰਧਾਲੂਆਂ ਦੇ ਅਖੰਡ ਪਾਠ ਬੁੱਕ ਕਰਨ ਤੋਂ ਮਨ੍ਹਾਂ ਕੀਤਾ ਹੋਇਆ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ। ਉਨ੍ਹਾਂ ਆਖਿਆ ਕਿ ਉਹ ਇਸ ਮਸਲੇ ਬਾਰੇ ਪਤਾ ਲਾਉਣਗੇ।