Jalandhar News: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸਕੂਲਾਂ ਬਾਰੇ ਆਰਟੀਆਈ ਰਾਹੀਂ ਹਾਸਲ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਉੱਤੇ ਸ਼ੇਅਰ ਕਰਦਿਆਂ ਲਿਖਿਆ ਹੁਣ 9 ਮਹੀਨੇ ਹੋ ਗਏ ਹਨ ਪਰ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦਾ ਅਨੁਪਾਤ ਹੇਠਲੀ ਆਰਟੀਆਈ ਜਾਣਕਾਰੀ ਅਨੁਸਾਰ ਉਹੀ ਹੈ! ਬਦਲਾਵ ਕਿੱਥੇ ਹੈ? ਅਖੌਤੀ ਦਿੱਲੀ ਮਾਡਲ ਕਿੱਥੇ ਹੈ? ਮੁੱਖ ਮੰਤਰੀ ਭਗਵੰਤ ਮਾਨ ਸੂਬੇ 'ਚ ਅਧਿਆਪਕ ਤੇ ਡਾਕਟਰ ਮੁਹੱਈਆ ਕਰਵਾਉਣ ਦੀ ਬਜਾਏ ਸਾਡਾ ਪੈਸਾ ਪ੍ਰਚਾਰ 'ਤੇ ਵਹਾਉਣਾ ਬੰਦ ਕਰੋ।
ਦਰਅਸਲ ਆਰਟੀਆਈ ਰਾਹੀਂ ਜਾਣਕਾਰੀ ਮਿਲੀ ਹੈ ਕਿ ਜਲੰਧਰ ਜ਼ਿਲ੍ਹੇ ਵਿੱਚ 23.5 ਫੀਸਦੀ ਸਕੂਲਾਂ ਵਿੱਚ ਸਿਰਫ ਇੱਕੋ ਅਧਿਆਪਕ ਹੈ। ਇਸ ਅਸਲੀਅਤ ਭਗਵੰਤ ਮਾਨ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹਦੀ ਹੈ। ਭਗਵੰਤ ਮਾਨ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀ ਲਿਆਉਣ ਦਾ ਵਾਅਦਾ ਕੀਤਾ ਸੀ। ਹੁਣ ਸਾਹਮਣੇ ਆ ਰਹੇ ਤੱਥ ਹੈਰਾਨ ਕਰਨ ਵਾਲੇ ਹਨ।
ਸੁਖਪਾਲ ਖਹਿਰਾ ਨੇ ਸੀਐਮ ਭਗਵੰਤ ਮਾਨ ਨੂੰ ਘੇਰਿਆ
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਨਾਇਬ ਤਹਿਸੀਲਦਾਰਾਂ ਦੀ ਭਰਤੀ ਵਿੱਚ ਹੋਏ ਘੁਟਾਲੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਸੀ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਸੀ ਕਿ ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਲਈ ਯੋਗ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸਾਡੀਆਂ ਕੋਸ਼ਿਸ਼ਾਂ ਨੇ ਕਾਮਯਾਬੀ ਹਾਸਲ ਕੀਤੀ। ਵਿਜੀਲੈਂਸ ਬਿਊਰੋ ਨੇ ਨੌਕਰੀ ਘੁਟਾਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਹੁਣ ਭਗਵੰਤ ਮਾਨ ਨੂੰ ਬੇਨਤੀ ਕਰਦੇ ਹਾਂ ਕਿ ਨੌਕਰੀ ਘੁਟਾਲੇ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਇਸ ਵਿੱਚ ਕਰੋੜਾਂ ਦਾ ਭ੍ਰਿਸ਼ਟਾਚਾਰ ਸ਼ਾਮਲ ਹੈ।
ਦੱਸ ਦਈਏ ਕਿ ਨਾਇਬ ਤਹਿਸੀਲਦਾਰਾਂ ਦੀ ਭਰਤੀ ਲਈ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਹੁੰਦਿਆਂ ਹੀ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਸਿੱਧੇ ਤੌਰ ’ਤੇ ਇਸ ਭਰਤੀ ’ਚ ਗੜਬੜੀ ਹੋਣ ਦੇ ਦੋਸ਼ ਲਾਏ ਗਏ ਸਨ। ਖਾਸ ਤੌਰ ’ਤੇ ਸੁਖਪਾਲ ਖਹਿਰਾ ਨੇ ਹੇਠਲੇ ਪੱਧਰ ਦੇ ਇਮਤਿਹਾਨਾਂ ’ਚ ਅਸਫ਼ਲ ਰਹਿਣ ਵਾਲੇ ਕੁਝ ਉਮੀਦਵਾਰਾਂ ਵੱਲੋਂ ਨਾਇਬ ਤਹਿਸੀਲਦਾਰਾਂ ਦਾ ਇਹ ਇਮਤਿਹਾਨ ਵਧੇਰੇ ਅੰਕਾਂ ਨਾਲ ਪਾਸ ਕਰਨ ਉਤੇ ਸਵਾਲ ਵੀ ਉਠਾਏ ਸਨ।