ਅੰਮ੍ਰਿਤਸਰ: ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਇੱਕ ਨਵਾਂ ਮੁੱਦਾ ਉੱਠਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਦਾ ਲਾਂਘਾ ਖੋਲ੍ਹਿਆ ਜਾਵੇ। ਯਾਦ ਰਹੇ ਇਸ ਵੇਲੇ ਕਰਤਾਰਪੁਰ ਲਾਂਘੇ ਰਾਹੀਂ ਸਿਰਫ ਭਾਰਤ ਵੱਲੋਂ ਸੰਗਤ ਆ ਜਾ ਸਕਦੀ ਹੈ। ਹੁਣ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਨੂੰ ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਦੀ ਮੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਠਾਈ ਹੈ।


ਜਥੇਦਾਰ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਕੋਲੋਂ ਮੰਗ ਕੀਤੀ ਹੈ ਕਿ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਦਾ ਲਾਂਘਾ ਖੋਲ੍ਹਿਆ ਜਾਵੇ। ਸ਼ਨੀਵਾਰ ਨੂੰ ਗੁਰਦੁਆਰਾ ਕਰਤਾਰਪੁਰ ਵਿੱਚ ਉਦਘਾਟਨੀ ਸਮਾਗਮ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਿਵੇਂ ਭਾਰਤੀ ਸਿੱਖਾਂ ਵਾਸਤੇ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨ ਦੀਦਾਰਿਆਂ ਵਾਸਤੇ ਲਾਂਘਾ ਖੋਲ੍ਹਿਆ ਗਿਆ ਹੈ, ਉਸੇ ਤਰ੍ਹਾਂ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਵਾਸਤੇ ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਿਆ ਜਾਵੇ।

ਉਨ੍ਹਾਂ ਆਖਿਆ ਕਿ ਪਾਕਿਸਤਾਨ ਵਿੱਚ ਇਸ ਵੇਲੇ ਸਿੱਖਾਂ ਦੀ ਆਬਾਦੀ ਲਗਪਗ ਦਸ ਹਜ਼ਾਰ ਹੈ ਤੇ ਇਹ ਸਿੱਖ ਵੀ ਭਾਰਤ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਦੀ ਮੰਗ ਵੀ ਪੂਰੀ ਕੀਤੀ ਜਾਵੇ। ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਲਈ ਦੋਵਾਂ ਸਰਕਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਵਿਸ਼ੇਸ਼ ਤੌਰ ’ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਮਜ਼ਬੂਤ ਹੋਣ ਤੇ ਦੋਵਾਂ ਮੁਲਕਾਂ ਦੀ ਤਰੱਕੀ ਦੀ ਅਰਦਾਸ ਕੀਤੀ।