ਅੰਮ੍ਰਿਤਸਰ: ਜੂਨ 1984 ਵਿੱਚ ਵਾਪਰੇ ਆਪ੍ਰੇਸ਼ਨ ਬਲੂ ਸਟਾਰ ਦੀ 6 ਜੂਨ ਨੂੰ ਮਨਾਈ ਜਾ ਰਹੀ ਬਰਸੀ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਗੁਰੂ ਨਗਰੀ ਅੰਮ੍ਰਿਤਸਰ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। ਉਧਰ, ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤੀ ਹੈ ਕਿ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਕਿਸੇ ਨੂੰ ਅਣਸੁਖਾਵੇਂ ਹਾਲਾਤ ਪੈਦਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।   ਦਰਅਸਲ ਇਸ ਵਾਰ ਵੀ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਅਕਾਲ ਤਖ਼ਤ ਤੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਦੇ ਐਲਾਨ ਕੀਤਾ ਹੋਇਆ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਅਕਾਲ ਤਖ਼ਤ ਤੋਂ ਸਿਰਫ ਜਥੇਦਾਰ ਗਿਆਨੀ ਗੁਰਬਚਨ ਸਿੰਘ ਹੀ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨਗੇ। ਹੋਰ ਕਿਸੇ ਨੂੰ ਅਜਿਹਾ ਕਰਨ ਦਾ ਹੱਕ ਨਹੀਂ ਹੈ। ਇਸ ਕਰਕੇ ਟਕਰਾਅ ਦੇ ਆਸਰ ਹਨ। ਸ਼੍ਰੋਮਣੀ ਕਮੇਟੀ ਵੱਲੋਂ 4 ਜੂਨ ਅਕਾਲ ਤਖ਼ਤ ਵਿਖੇ ਅਖੰਡ ਪਾਠ ਪ੍ਰਕਾਸ਼ ਕਰਵਾਇਆ ਗਿਆ ਸੀ ਜਿਸ ਦਾ ਭੋਗ 6 ਜੂਨ ਨੂੰ ਪਵੇਗਾ। ਲੌਂਗੋਵਾਲ ਨੇ ਆਖਿਆ ਕਿ ਇਹ ਸਮਾਗਮ ਆਪ੍ਰੇਸ਼ਨ ਬਲੂ ਸਟਾਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹੈ। ਇਸ ਲਈ ਇਹ ਸਮਾਗਮ ਸਾਦਗੀ ਤੇ ਸ਼ਾਂਤਮਈ ਢੰਗ ਨਾਲ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕਿਸੇ ਨੂੰ ਵੀ ਅਣਸੁਖਾਵਾਂ ਮਾਹੌਲ ਬਣਾਉਣ ਦਾ ਯਤਨ ਨਹੀਂ ਕਰਨਾ ਚਾਹੀਦਾ। ਇਹੀ ਸ਼ਹੀਦਾਂ ਨੂੰ ਸ਼ਰਧਾਂਜਲੀ ਹੋਵੇਗੀ। ਜੇਕਰ ਕੋਈ ਅਣਸੁਖਾਵੇਂ ਹਾਲਾਤ ਬਣਦੇ ਹਨ ਤਾਂ ਇਸ ਨਾਲ ਸਿੱਖਾਂ ਦੇ ਅਕਸ ’ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਨੂੰ ਇਹ ਦਿਹਾੜਾ ਇਕਜੁਟਤਾ ਅਤੇ ਸ਼ਾਂਤਮਈ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ ਹੈ।