ਪੜਚੋਲ ਕਰੋ
ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਲੱਗੇ ਖ਼ਾਲਿਸਤਾਨੀ ਨਾਅਰੇ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਅੱਜ 1984 ਵਿੱਚ ਹੋਏ ਨੀਲਾ ਤਾਰਾ ਸਾਕਾ (ਆਪ੍ਰੇਸ਼ਨ ਬਲੂ ਸਟਾਰ) ਦੀ 34ਵੀਂ ਬਰਸੀ ਮਨਾਈ ਜਾ ਰਹੀ ਹੈ। ਅੱਜ ਸਵੇਰੇ ਅਰਦਾਸ ਤੋਂ ਤੁਰੰਤ ਬਾਅਦ ਹੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਖ਼ਾਲਿਸਤਾਨ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਇਸ ਮੌਕੇ ਖ਼ਾਲਿਸਤਾਨ ਸਮਰਥਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਕੀਤੇ ਭਾਸ਼ਣ ਦਾ ਵਿਰੋਧ ਕੀਤਾ। ਉਨ੍ਹਾਂ ਦੇ ਭਾਸ਼ਣ ਦੌਰਾਨ ਹੀ ਖ਼ਾਲਿਸਤਾਨ ਦੇ ਨਾਅਰੇ ਸ਼ੁਰੂ ਹੋ ਗਏ ਪਰ ਉਨ੍ਹਾਂ ਨਾਅਰਿਆਂ ਦੇ ਚੱਲਦਿਆਂ ਆਪਣਾ ਭਾਸ਼ਣ ਜਾਰੀ ਰੱਖਿਆ। ਇਸ ਮੌਕੇ ਉਨ੍ਹਾਂ ਬਰਗਾੜੀ ਬੇਅਦਬੀ ਕਾਂਡ ਦੀ ਨਿੰਦਾ ਕਰਦੇ ਹੋਏ ਦੋਸ਼ੀਆਂ ਨੂੰ ਫੜ੍ਹਨ ਦੀ ਮੰਗ ਕੀਤੀ। ਉਸ ਦੌਰਾਨ ਉਨ੍ਹਾਂ ਸ਼ਾਤੀ ਬਣਾਈ ਰੱਖਣ ਵਿੱਚ ਆਪਣਾ ਸਹਿਯੋਗ ਦੇਣ ਲਈ ਸਿਮਰਨਜੀਤ ਸਿੰਘ ਮਾਨ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਅੰਮ੍ਰਿਤਸਰ ਵਿੱਚ ਅੱਜ ਬਰਸੀ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਗੁਰੂ ਨਗਰੀ ਅੰਮ੍ਰਿਤਸਰ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। ਉਧਰ, ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤੀ ਹੈ ਕਿ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਕਿਸੇ ਨੂੰ ਅਣਸੁਖਾਵੇਂ ਹਾਲਾਤ ਪੈਦਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸਮਾਗਮ ਆਪ੍ਰੇਸ਼ਨ ਬਲੂ ਸਟਾਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹੈ। ਇਸ ਲਈ ਇਹ ਸਮਾਗਮ ਸਾਦਗੀ ਤੇ ਸ਼ਾਂਤਮਈ ਢੰਗ ਨਾਲ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕਿਸੇ ਨੂੰ ਵੀ ਅਣਸੁਖਾਵਾਂ ਮਾਹੌਲ ਬਣਾਉਣ ਦਾ ਯਤਨ ਨਹੀਂ ਕਰਨਾ ਚਾਹੀਦਾ। ਇਹੀ ਸ਼ਹੀਦਾਂ ਨੂੰ ਸ਼ਰਧਾਂਜਲੀ ਹੋਵੇਗੀ। ਜੇਕਰ ਕੋਈ ਅਣਸੁਖਾਵੇਂ ਹਾਲਾਤ ਬਣਦੇ ਹਨ ਤਾਂ ਇਸ ਨਾਲ ਸਿੱਖਾਂ ਦੇ ਅਕਸ ’ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਨੂੰ ਇਹ ਦਿਹਾੜਾ ਇਕਜੁਟਤਾ ਅਤੇ ਸ਼ਾਂਤਮਈ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















