ਅੰਮ੍ਰਿਤਸਰ: ਆਪ੍ਰੇਸ਼ਨ ਬਲਿਊ ਸਟਾਰ ਦੀ 34ਵੀਂ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਸਿਆਸਤ ਚਰਚਾ ਦਾ ਵਿਸ਼ਾ ਰਹੀ। ਪਹਿਲਾਂ ਨਾਲੋਂ ਵੱਖ ਅੱਜ ਸਿਮਰਨਜੀਤ ਸਿੰਘ ਮਾਨ ਦੇ ਸੁਰ ਕਾਫ਼ੀ ਨਰਮ ਦਿਖਾਈ ਦਿੱਤੇ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਖ਼ਿਲਾਫ਼ ਕੋਈ ਵੀ ਤਿੱਖਾ ਸ਼ਬਦ ਨਹੀਂ ਵਰਤਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਇਸ ਵਾਰ ਨਜ਼ਾਰਾ ਵੀ ਕੁਝ ਵੱਖਰਾ ਸੀ। ਇਸ ਵਾਰ ਦੋਵਾਂ ਪਾਸੇ ਤਣਾਅ ਬਹੁਤ ਘੱਟ ਦੇਖਣ ਨੂੰ ਮਿਲਿਆ, ਜਦਕਿ ਪਿਛਲੇ ਕਈ ਸਾਲਾਂ ਵਿੱਚ ਅਕਸਰ ਇੱਥੇ ਹਾਲਾਤ ਖਰਾਬ ਹੁੰਦੇ ਰਹੇ ਹਨ।   ਦੂਜੇ ਪਾਸੇ ਗਿਆਨੀ ਗੁਰਬਚਨ ਸਿੰਘ ਨੇ ਵੀ ਬਕਾਇਦਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਅਮਨ ਸ਼ਾਂਤੀ ਬਣਾਈ ਰੱਖਣ ਵਿੱਚ ਮਾਨ ਸਾਹਿਬ ਨੇ ਬਹੁਤ ਵੱਡਾ ਸਹਿਯੋਗ ਦਿੱਤਾ। ਉਂਝ ਮਾਨ ਨੇ ਇਹ ਜ਼ਰੂਰ ਕਿਹਾ ਕਿ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਲਈ ਖਾਲਿਸਤਾਨ ਦਾ ਬਣਨਾ ਜ਼ਰੂਰੀ ਹੈ। ਉਧਰ ਦਲ ਖ਼ਾਲਸਾ ਦੇ ਕੰਵਰਪਾਲ ਸਿੰਘ ਨੇ ਕਿਹਾ ਕਿ ਉਹ ਗਿਆਨੀ ਗੁਰਬਚਨ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਹੀ ਨਹੀਂ ਮੰਨਦੇ। ਉਨ੍ਹਾਂ ਕਿਹਾ ਕਿ ਸੰਗਤ ਨੇ ਜਥੇਦਾਰ ਦੀ ਨਿਯੁਕਤੀ ਉਸ ਦਿਨ ਹੀ ਰੱਦ ਕਰ ਦਿੱਤੀ ਸੀ ਜਿਸ ਦਿਨ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਅਕਾਲ ਤਖਤ ਵੱਲੋਂ ਮਾਫੀ ਦਿੱਤੀ ਗਈ ਸੀ। ਦਰਅਸਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਵੇਰੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਸਿੱਖ ਸੰਗਤਾਂ ਦੇਸ਼ ਵਿਦੇਸ਼ ਤੋਂ ਪਹੁੰਚੀਆਂ ਤੇ ਗੁਰੂ ਘਰ ਨਤਮਸਤਕ ਹੋਈਆਂ। ਜਿਵੇਂ ਹੀ ਅਰਦਾਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੌਮ ਦੇ ਨਾਂ ਆਪਣਾ ਸੰਦੇਸ਼ ਪੜ੍ਹਨ ਲਈ ਉੱਠੇ ਤਾਂ ਸੰਗਤ ਵਿੱਚ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਜੋ ਸੰਦੇਸ਼ ਪੜ੍ਹਨ ਦੇ ਅਖੀਰ ਤੱਕ ਜਾਰੀ ਰਿਹਾ। ਸੰਗਤ ਵਿੱਚ ਮੌਜੂਦ ਲੋਕਾਂ ਨੇ ਖ਼ਾਲਿਸਤਾਨ ਪੱਖੀ ਨਾਅਰੇ ਲਾਏ ਤੇ ਖਾਲਿਸਤਾਨ ਦੇ ਪੋਸਟਰ ਤੇ ਝੰਡੇ ਵੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਲਹਿਰਾਏ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ਼ਹਿਰ ਦੇ ਕੋਨੇ-ਕੋਨੇ 'ਤੇ ਅੱਜ ਪੁਲਿਸ ਲਾਈ ਗਈ। ਅੱਜ ਸਵੇਰੇ ਤੜਕੇ ਅਕਾਲੀ ਦਲ (ਅੰਮ੍ਰਿਤਸਰ) ਨੇ ਸ੍ਰੀ ਦਰਬਾਰ ਸਾਹਿਬ ਤੱਕ ਪੈਦਲ ਮਾਰਚ ਕੱਢਿਆ। ਸਿੱਖ ਜਥੇਬੰਦੀਆਂ ਦੇ ਹੋਰ ਵੀ ਆਗੂ ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਸਨ ਜਿਨ੍ਹਾਂ ਦੇ ਵਿੱਚ ਯੁਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਮੋਹਕਮ ਸਿੰਘ ਤੇ ਵੱਸਣ ਸਿੰਘ ਜਫਰਵਾਲ ਜ਼ਿਕਰਯੋਗ ਹਨ। ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਮੋਹਕਮ ਸਿੰਘ ਨੇ ਵੀ ਇਸ ਮੌਕੇ ਸ਼੍ਰੋਮਣੀ ਕਮੇਟੀ ਨੂੰ ਕਰੜੇ ਹੱਥੀਂ ਲਿਆ।