ਅੰਮ੍ਰਿਤਸਰ : ਦਲ ਖਾਲਸਾ ਵੱਲੋਂ ਅੱਜ ਆਪਰੇਸ਼ਨ ਬਲੂ ਸਟਾਰ (Operation Blue Star ) ਦੀ ਬਰਸੀ ਨੂੰ ਲੈ ਕੇ ਅੰਮ੍ਰਿਤਸਰ 'ਚ ਆਜ਼ਾਦੀ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਦਲ ਖਾਲਸਾ ਵੱਲੋਂ ਖਾਲਿਸਤਾਨ ਦੇ ਝੰਡੇ ਲਹਿਰਾਏ ਜਾ ਰਹੇ ਹਨ ਤੇ ਖਾਲਿਸਤਾਨ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਖਾਲਿਸਤਾਨ ਜ਼ਿੰਦਾਬਾਦ ਅਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਨਾਅਰੇ ਲਗਾਏ ਜਾ ਰਹੇ ਹਨ।
ਇਸ ਦੇ ਨਾਲ ਹੀ ਲੈ ਕੇ ਰਹਾਂਗੇ ਖਾਲਿਸਤਾਨ ਦੇ ਨਾਅਰੇ ਲਾਏ ਜਾ ਰਹੇ ਹਨ। ਸਿੱਖ ਜਥੇਬੰਦੀਆਂ ਨੇ 6 ਜੂਨ ਨੂੰ ਖਾਲਿਸਤਾਨ ਡੇ ਐਲਾਨਿਆ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਨੇ 6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਤਾਂ ਜੋ ਸ਼ਹਿਰ ਵਿੱਚ ਆਉਣ ਵਾਲੇ ਸਥਾਨਕ ਲੋਕਾਂ ਅਤੇ ਸੈਲਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਆਫ ਪੁਲਿਸ (ਡੀਸੀਪੀ) ਪਰਮਿੰਦਰ ਸਿੰਘ ਭੰਡਾਲ ਨੇ ਮੀਡੀਆ ਨੂੰ ਦੱਸਿਆ ਕਿ ਫਲੈਗ ਮਾਰਚ ਸ਼ਹਿਰ ਦੀਆਂ ਤੰਗ ਗਲੀਆਂ ਅਤੇ ਅੰਦਰੂਨੀ ਹਿੱਸਿਆਂ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।
ਦੱਸ ਦੇਈਏ ਕਿ ਭਾਰਤੀ ਫੌਜ ਵੱਲੋਂ ਜੂਨ 1984 ਵਿੱਚ ਅੰਮ੍ਰਿਤਸਰ ਦੇ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਪ੍ਰੇਸ਼ਨ ਬਲੂ ਸਟਾਰ ਚਲਾਇਆ ਗਿਆ ਸੀ। ਬੀਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਨੇ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।
ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਨੋਟ ਵਿੱਚ "ਜੂਨ 1984 ਦੇ ਘੱਲੂਘਾਰੇ ਹਫ਼ਤੇ ਦੀ ਯਾਦ ਵਿੱਚ ਅੰਮ੍ਰਿਤਸਰ ਸ਼ਹਿਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਨ ਲਈ ਸਰਕਾਰ ਦੀ ਨਿਖੇਧੀ ਕੀਤੀ ਹੈ।"
ਹਰਜਿੰਦਰ ਸਿੰਘ ਨੇ ਕਿਹਾ, "ਅਜਿਹਾ ਕਰਕੇ ਸਰਕਾਰ ਡਰ ਦਾ ਮਾਹੌਲ ਪੈਦਾ ਕਰ ਰਹੀ ਹੈ ਜਦਕਿ ਇਹ ਦਿਨ ਸਿੱਖ ਕੌਮ ਲਈ ਬਹੁਤ ਹੀ ਗੰਭੀਰ ਅਤੇ ਦੁਖਦਾਈ ਹੈ। ਹਰ ਸਾਲ ਘੱਲੂਘਾਰਾ ਦਿਵਸ ''ਤੇ ਕੌਮ ਆਪਣੇ ਸ਼ਹੀਦਾਂ ਨੂੰ ਯਾਦ ਕਰਨ ਲਈ ਇਕੱਠ ਕਰਦੀ ਹੈ ਅਤੇ ਇਸ ਲਈ ਸਰਕਾਰ ਨੂੰ ਇਸ ਮੌਕੇ ਨੂੰ ਡਰਾਉਣੇ ਮੌਕੇ ਵਜੋਂ ਪੇਸ਼ ਨਹੀਂ ਕਰਨਾ ਚਾਹੀਦਾ ਹੈ।"
ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਕਿਹਾ ਹੈ, "ਘੱਲੂਘਾਰਾ ਹਫ਼ਤੇ ਦੌਰਾਨ ਅਮਨ-ਕਾਨੂੰਨ ਕਾਇਮ ਰੱਖਣ ਦੇ ਨਾਂ ''ਤੇ ਪੁਲਿਸ ਨਾਕਿਆਂ ''ਤੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਦਹਿਸ਼ਤ ਪੈਦਾ ਕਰ ਰਹੀ ਹੈ। ਸਰਕਾਰ ਅਤੇ ਪੁਲਿਸ ਨੂੰ ਅਜਿਹੀਆਂ ਦਹਿਸ਼ਤੀ ਚਾਲਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।"