Operation Blue Star: 6 ਜੂਨ ਨੂੰ ਅਕਾਲ ਤਖਤ ਸਾਹਿਬ ਵਿਖੇ ਹੋ ਸਕਦਾ ਖੜਕਾ-ਦੜਕਾ, ਦਮਦਮੀ ਟਕਸਾਲ ਨੇ ਕਰ ਦਿੱਤਾ ਵੱਡਾ ਐਲਾਨ
Operation Blue Star: ਸਾਕਾ ਨੀਲਾ ਤਾਰਾ ਦੇ ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਮਦਮੀ ਟਕਸਾਲ ਵਿਚਾਲੇ ਟਕਰਾਅ ਦਾ ਖਤਰਾ ਹੈ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ...

Operation Blue Star: ਸਾਕਾ ਨੀਲਾ ਤਾਰਾ ਦੇ ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਮਦਮੀ ਟਕਸਾਲ ਵਿਚਾਲੇ ਟਕਰਾਅ ਦਾ ਖਤਰਾ ਹੈ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਾੜਨਾ ਕੀਤੀ ਹੈ ਕਿ ਜੇਕਰ 6 ਜੂਨ ਵਾਲੇ ਦਿਨ ਸ੍ਰੀ ਅਕਾਲ ਤਖਤ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਦਾ ਯਤਨ ਕੀਤਾ ਤਾਂ ਇਸ ਕਾਰਵਾਈ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਦਮਦਮੀ ਟਕਸਾਲ ਦੇ ਹੈੱਡਕੁਆਰਟਰ ਚੌਕ ਮਹਿਤਾ ਸਥਿਤ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਸ਼ਨੀਵਾਰ ਨੂੰ ਪੱਤਰਕਾਰ ਸੰਮੇਲਨ ਦੌਰਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਕੌਮ ਦੇ ਪ੍ਰਵਾਨਿਤ ਜਥੇਦਾਰ ਨਹੀਂ ਹਨ। ਉਨ੍ਹਾਂ ਨੂੰ ਸਮੂਹ ਸਿੱਖ ਕੌਮ ਵੱਲੋਂ ਮਾਨਤਾ ਨਹੀਂ ਮਿਲੀ ਹੈ, ਉਂਝ ਵੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਪੰਜ ਪਿਆਰਿਆਂ ਵੱਲੋਂ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਤੇ ਕਿਸੇ ਤਨਖਾਹੀਆ ਕਰਾਰ ਦਿੱਤੇ ਵਿਅਕਤੀ ਨੂੰ ਪੰਥ ਨੂੰ ਸੰਦੇਸ਼ ਦੇਣ ਦਾ ਕੋਈ ਹੱਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੋਇਆ ਤਾਂ ਦਮਦਮੀ ਟਕਸਾਲ ਸਮੇਤ ਸੰਤ ਸਮਾਜ, ਸਿੰਘ ਸੰਪਰਦਾਵਾਂ, ਸਿੱਖ ਫੈਡਰੇਸ਼ਨਾਂ, ਨਿਹੰਗ ਜਥੇਬੰਦੀਆਂ ਤੇ ਹੋਰਨਾਂ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਟਕਰਾਅ ਵਾਲੀ ਸਥਿਤੀ ਪੈਦਾ ਹੋਈ ਤਾਂ ਇਸ ਦੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਵੇਗੀ। ਉਨ੍ਹਾਂ ਸਰਕਾਰ ਨੂੰ ਵੀ ਸੁਚੇਤ ਕੀਤਾ ਹੈ ਕਿ ਉਹ ਅਜਿਹੀ ਟਕਰਾਅ ਵਾਲੀ ਸਥਿਤੀ ਨੂੰ ਰੋਕਣ ਲਈ ਆਪਣੀ ਜ਼ਿੰਮੇਵਾਰੀ ਨਿਭਾਵੇ। ਇਸ ਸਬੰਧੀ ਸਰਕਾਰ ਨੂੰ ਪਹਿਲਾਂ ਹੀ ਸੁਚੇਤ ਕਰ ਦਿੱਤਾ ਗਿਆ ਹੈ।
ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਦਮਦਮੀ ਟਕਸਾਲ ਇਸ ਮੌਕੇ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੀ ਹੈ, ਇਸ ਲਈ ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਗਿਆਨੀ ਗੜਗੱਜ ਨੂੰ ਸੰਦੇਸ਼ ਜਾਰੀ ਕਰਨ ਤੋਂ ਰੋਕੇ। ਉਨ੍ਹਾਂ ਦੀ ਥਾਂ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਜਾਂ ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰ ਸਕਦੇ ਹਨ, ਜਿਸ ਨਾਲ ਟਕਰਾਅ ਤੋਂ ਬਚਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਅਤੇ ਹੋਰ ਸਿੱਖ ਜਥੇਬੰਦੀਆਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਜਥੇਦਾਰਾਂ ਦੀ ਇਸ ਨਿਯੁਕਤੀ ਖ਼ਿਲਾਫ਼ ਵਿਰੋਧ ਕਰ ਚੁੱਕੇ ਹਨ। ਇਸ ਸਬੰਧੀ 28 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ ਵੀ ਦਿੱਤਾ ਸੀ ਤੇ ਸ਼੍ਰੋਮਣੀ ਕਮੇਟੀ ਨੇ 15 ਅਪਰੈਲ ਦਾ ਸਮਾਂ ਮੰਗਿਆ ਸੀ ਪਰ ਸ਼੍ਰੋਮਣੀ ਕਮੇਟੀ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਮਗਰੋਂ ਦਮਦਮੀ ਟਕਸਾਲ ਤੇ ਸਿੱਖ ਜਥੇਬੰਦੀਆਂ ਨੇ ਉਸ ਨੂੰ 10 ਮਈ ਤੱਕ ਦਾ ਸਮਾਂ ਦਿੱਤਾ ਸੀ। ਹੁਣ ਇਹ ਸਮਾਂ ਵੀ ਲੰਘ ਚੁੱਕਾ ਹੈ ਪਰ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ।
ਦੱਸਣਯੋਗ ਹੈ ਕਿ ਇਸੇ ਮਾਮਲੇ ਵਿੱਚ ਦਮਦਮੀ ਟਕਸਾਲ ਵੱਲੋਂ 11 ਜੂਨ ਨੂੰ ਸੁਖਬੀਰ ਸਿੰਘ ਬਾਦਲ ਦੇ ਘਰ ਦੇ ਬਾਹਰ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਹੈ। ਦਮਦਮੀ ਟਕਸਾਲ ਦੇ ਮੁਖੀ ਨੇ ਦੋਸ਼ ਲਾਇਆ ਕਿ ਪੰਥ ਵਿੱਚ ਪੈਦਾ ਹੋਏ ਟਕਰਾਅ ਲਈ ਸ਼੍ਰੋਮਣੀ ਕਮੇਟੀ ਜ਼ਿੰਮੇਵਾਰ ਹੈ, ਜਿਸ ਕਾਰਨ ਪੰਥ ਵਿੱਚ ਸੰਕਟ ਵਧ ਰਿਹਾ ਹੈ।
ਦੂਜੇ ਪਾਸੇ ਸਰਕਾਰ ਵੱਲੋਂ ਇਸ ਦਿਵਸ ਦੀ ਗੰਭੀਰਤਾ ਤੇ ਸੰਵੇਦਨਾ ਨੂੰ ਦੇਖਦਿਆਂ ਸੁਰੱਖਿਆ ਦੇ ਕਰੜੇ ਪ੍ਰਬੰਧ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਤਹਿਤ ਸ਼ਹਿਰ ਵਿੱਚ ਲਗਪਗ 6000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਤੇ ਸ਼ਹਿਰ ਵਿੱਚ ਤੇ ਸ਼ਹਿਰ ਤੋਂ ਬਾਹਰ ਜਾਣ ਵਾਲੇ ਰਸਤਿਆਂ ’ਤੇ ਨਾਕੇਬੰਦੀ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਲਗਪਗ 3000 ਸੁਰੱਖਿਆ ਕਰਮਚਾਰੀ ਵੱਖ ਵੱਖ ਜ਼ਿਲ੍ਹਿਆਂ ਤੋਂ ਸੱਦੇ ਜਾਣਗੇ, ਜਿਨ੍ਹਾਂ ਵਿੱਚ ਪੀਏਪੀ ਦੇ ਸੁਰੱਖਿਆ ਕਰਮਚਾਰੀ ਵੀ ਸ਼ਾਮਲ ਹੋਣਗੇ।






















