CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਕਿਹਾ ਹੈ ਕਿ ਉਹ ਪਿੰਡਾਂ ਵਿੱਚ ਜਾ ਕੇ ਮੀਂਹ ਨਾਲ ਨੁਕਸਾਨੀਆਂ ਗਈਆਂ ਫਸਲਾਂ ਦਾ ਜਾਇਜ਼ਾ ਲੈਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਅਫ਼ਸਰ ਵੀ ਪਿੰਡਾਂ 'ਚ ਜਾ ਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।


ਸੀਐਮ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ ਦਿਨਾਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਸਾਡੀ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਨੇ...ਸਾਰੇ ਵਿਧਾਇਕ ਇਸੇ ਤਰ੍ਹਾਂ ਪਿੰਡਾਂ 'ਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੇ ਅਫ਼ਸਰ ਵੀ ਪਿੰਡਾਂ 'ਚ ਜਾ ਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ...


 







ਦੱਸ ਦਈਏ ਕਿ ਬੇਮੌਸਮੀ ਬਾਰਸ਼ ਤੇ ਗੜ੍ਹੇਮਾਰੀ ਨੇ ਕਣਕ ਦੀ ਫਸਲ ਤਬਾਹ ਕਰ ਦਿੱਤੀ ਹੈ। ਗੜ੍ਹੇਮਾਰੀ ਤੇ ਤੇਜ਼ ਬਾਰਸ਼ ਨੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਬਿਲਕੁਲ ਬਰਬਾਦ ਹੋ ਗਈ ਹੈ ਤੇ ਸੌ ਫੀਸਦੀ ਨੁਕਸਾਨ ਹੋਇਆ ਹੈ। 


ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਸੌ ਫੀਸਦੀ ਨੁਕਸਾਨ ਬਦਲੇ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਐਲਾਨ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।


ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਕਿਸਾਨਾਂ ਨੇ 70-75 ਹਜ਼ਾਰ ਪ੍ਰਤੀ ਏਕੜ ਠੇਕੇ ’ਤੇ ਲੈ ਕੇ ਫਸਲਾਂ ਨੂੰ ਪੁੱਤਾਂ ਵਾਂਗ ਪਾਲਿਆ, ਜੋ ਵੱਢਣ ਕਿਨਾਰੇ ਸਨ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਪ੍ਰਤੀ ਏਕੜ ਘੱਟੋ-ਘੱਟ 50 ਤੋਂ 60 ਹਜ਼ਾਰ ਰੁਪਏ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ, ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਸੰਘਰਸ਼ ਵਿੱਢੇਗੀ।