Punjab News: ਕਾਂਗਰਸ ਦੇ ਸੀਨੀਅਰ ਲੀਡਰਾਂ ਤੇ ਸੰਸਦ ਮੈਂਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨੇ ਪੈਣਗੇ। ਪੰਜਾਬ ਵਿਧਾਨ ਸਭਾ ਨੇ ਦੋਵੇਂ ਲੀਡਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਦੋਵੇਂ ਲੀਡਰਾਂ ਨੇ ਲੋਕ ਸਭਾ ਚੋਣਾਂ ਜਿੱਤਣ ਮਗਰੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਲਈ ਉਨ੍ਹਾਂ ਨੂੰ ਵਿਧਾਇਕ ਵਜੋਂ ਮਿਲੇ ਘਰ ਖਾਲੀ ਕਰਨੇ ਪੈਣਗੇ।


ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਨੇ ਨਵੇਂ ਚੁਣੇ ਸੰਸਦ ਮੈਂਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਿਧਾਇਕਾਂ ਵਜੋਂ ਦਿੱਤੀਆਂ ਗਈਆਂ ਰਿਹਾਇਸ਼ਾਂ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਿਯਮਾਂ ਮੁਤਾਬਕ ਉਨ੍ਹਾਂ ਨੂੰ 20 ਜੂਨ ਨੂੰ 15 ਦਿਨਾਂ ਦੇ ਅੰਦਰ-ਅੰਦਰ ਘਰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲਾਂਕਿ, ਤੈਅ ਸਮੇਂ ਤੋਂ ਬਾਅਦ ਵੀ ਉਹ ਕੁਝ ਸਮੇਂ ਲਈ ਘਰ ਰੱਖ ਸਕਦੇ ਹਨ ਪਰ ਇਸ ਦੌਰਾਨ ਉਨ੍ਹਾਂ ਨੂੰ ਵਾਜਬ ਕਿਰਾਇਆ ਅਦਾ ਕਰਨਾ ਹੋਵੇਗਾ।


ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸਨ। ਜਦਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਦੇ ਵਿਧਾਇਕ ਸਨ। ਹੁਣ ਉਹ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਦੋਵਾਂ ਨੇ ਹੁਣ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਧਾਨ ਸਭਾ ਸਪੀਕਰ ਨੇ ਅਸਤੀਫਾ ਸਵੀਕਾਰ ਵੀ ਕਰ ਲਿਆ ਹੈ। ਅਜਿਹੇ 'ਚ ਉਨ੍ਹਾਂ ਨੂੰ ਘਰ ਖਾਲੀ ਕਰਨਾ ਪਵੇਗਾ।


ਨਿਯਮਾਂ ਅਨੁਸਾਰ ਜਦੋਂ ਵਿਧਾਨ ਸਭਾ ਮੈਂਬਰ ਨੂੰ ਘਰ, ਫਲੈਟ, ਨੌਕਰ, ਕੁਆਟਰ, ਗੈਰੇਜ ਆਦਿ ਅਲਾਟ ਕੀਤਾ ਜਾਂਦਾ ਹੈ। ਜੇਕਰ ਉਹ ਹੁਣ ਮੈਂਬਰ ਨਹੀਂ ਰਹੇ ਤਾਂ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਇਸ ਨੂੰ ਖਾਲੀ ਕਰਨਾ ਹੋਵੇਗਾ। ਜੇਕਰ ਕਿਸੇ ਕਾਰਨ ਕਰਕੇ ਉਹ ਅਗਲੇ 15 ਦਿਨਾਂ ਵਿੱਚ ਮਕਾਨ ਖਾਲੀ ਨਹੀਂ ਕਰਦੇ ਤਾਂ ਉਨ੍ਹਾਂ ਤੋਂ ਵਾਜ਼ਬ ਕਿਰਾਇਆ ਵਸੂਲਿਆ ਜਾਂਦਾ ਹੈ। ਜੇਕਰ ਉਹ ਇਸ ਤੋਂ ਬਾਅਦ ਵੀ ਮਕਾਨ ਖਾਲੀ ਨਹੀਂ ਕਰਦੇ ਤਾਂ 160 ਗੁਣਾ ਕਿਰਾਇਆ ਵਸੂਲਿਆ ਜਾਵੇਗਾ। ਮਕਾਨ ਖਾਲੀ ਕਰਨ ਲਈ ਭੇਜੇ ਹੁਕਮਾਂ ਵਿੱਚ ਇਸ ਗੱਲ ਦਾ ਸਪਸ਼ਟ ਜ਼ਿਕਰ ਕੀਤਾ ਗਿਆ ਹੈ।


 ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ