ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਵੱਲੋਂ ਜਥੇਦਾਰ ਸਾਹਿਬਾਨਾਂ ਉੱਤੇ ਦਬਾਅ ਵਾਲੇ ਬਿਆਨ ਦੇਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਦੇਸ਼ ਦਿੱਤਾ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਚੋਂ 10 ਸਾਲਾਂ ਲਈ ਬਾਹਰ ਕੱਢਿਆ ਜਾਵੇ।


ਜ਼ਿਕਰ ਕਰ ਦਈਏ ਕਿ ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਏ ਸੀ ਜਿਸ ਤੋਂ ਬਾਅਦ ਜਥੇਦਾਰ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਵਿੱਚ ਪਾਰਟੀ ਚੋਂ 10 ਸਾਲ ਲਈ ਕੱਢਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇ ਵਲਟੋਹਾ ਨੇ ਮੁੜ ਬਿਆਨਬਾਜ਼ੀ ਜਾਰੀ ਰੱਖੀ ਤਾਂ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ



ਇਸ ਬਾਰੇ ਜਾਣਕਾਰੀ ਦਿੰਦਿਆਂ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਬਿਮਾਰੀ ਸੀ ਤੇ ਉਸ ਮੌਕੇ ਵਲਟੋਹਾ ਘਰ ਵਿੱਚ ਹਾਲ ਜਾਣਨ ਲਈ ਆਇਆ ਤਾਂ ਇਸ ਮੌਕੇ ਉਸ ਨੇ ਧਮਕੀ ਦਿੱਤੀ ਕਿ ਜੇ ਸੁਖਬੀਰ ਸਿੰਘ ਬਾਦਲ ਨੇ ਖ਼ਿਲਾਫ਼ ਕੋਈ ਉਲਟਾ ਕੋਈ ਫ਼ੈਸਲਾ ਕੀਤਾ ਤਾਂ ਖੰਡਾ ਖੜਕਾਅ ਦੇਵੇਗਾ। ਜਥੇਦਾਰ ਨੇ ਕਿਹਾ ਕਿ ਵਲਟੋਹਾ ਨੇ ਹੋਈਆਂ ਗੱਲਾਂ ਦੀ ਮੋਬਾਇਲ ਉੱਤੇ ਰਿਕਾਡਿੰਗ ਕੀਤੀ ਜੋ ਕਿ ਇੱਕ ਵਿਸ਼ਵਾਸ਼ਘਾਤ ਹੈ।


ਜਥੇਦਾਰ ਸਾਹਿਬਾਨ ਨੇ ਕਿਹਾ ਕਿ ਵਲਟੋਹਾ ਨੇ ਜੋ ਜਥੇਦਾਰ ਸਾਹਿਬਾਨਾਂ ਦੇ ਖ਼ਿਲਾਫ਼ ਬਿਆਨਬਾਜ਼ੀਆਂ ਕੀਤੀਆਂ ਹਨ ਉਹ ਉਸ ਦਾ ਕੋਈ ਸਬੂਤ ਨਹੀਂ ਦੇ ਸਕਿਆ ਜਿਸ ਕਰਕੇ ਵਲਟੋਹਾ ਵੱਲੋਂ ਕੀਤੇ ਗਏ ਸਾਰੇ ਦਾਅਵੇ ਜਾਅਲੀ ਸਾਬਤ ਹੋਏ ਹਨ। ਜਥੇਦਾਰ ਨੇ ਕਿਹਾ ਕਿ ਇਸ ਸਾਰੀ ਸੁਣਵਾਈ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਲਟੋਹਾ ਦੀ ਬਦਜ਼ੁਬਾਨੀ ਕਰਕੇ ਪੰਥਕ ਜ਼ਮਾਨ ਦਾ ਭਾਰੀ ਨੁਕਸਾਨ ਹੋਇਆ ਹੈ।



ਜਥੇਦਾਰ ਨੇ ਦੱਸਿਆ ਕਿ ਇਸ ਸਭ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਮੁਆਫ਼ੀਨਾਮਾ ਵੀ ਦਿੱਤਾ ਹੈ, ਇਸ ਤੋਂ ਬਾਅਦ ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੂੰ ਆਦੇਸ਼ ਜਾਰੀ ਕੀਤਾ ਗਿਆ ਹੈ ਵਿਰਸਾ ਸਿੰਘ ਨੂੰ 10 ਸਾਲਾਂ ਲਈ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਜਾਵੇ।