ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ਆਰਡੀਨੈਂਸਾ ਤੇ ਵਿਰੋਧੀ ਧਿਰਾਂ ਅਕਾਲੀ ਦਲ ਨੂੰ ਘੇਰਨ ਲੱਗੀਆਂ ਹਨ। ਕਾਂਗਰਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਵੀ ਬਾਦਲ ਪਰਿਵਾਰ ਨੂੰ ਕੋਸਿਆ ਹੈ।


ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਕਿਸਾਨਾਂ ਦੀ ਬਰਬਾਦੀ ਦਾ ਆਧਾਰ ਬਣਨ ਵਾਲੇ ਆਰਡੀਨੈਂਸ ਦਾ ਵਿਰੋਧ ਕਰਨ ਦੀ ਥਾਂ ਮੋਦੀ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਹਨ। ਬ੍ਰਹਮਪੁਰਾ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਕਿਹਾ ਕਿ ਪੰਜਾਬ ਨੂੰ ਤੀਜੇ ਬਦਲ ਦੀ ਲੋੜ ਹੈ ਤੇ ਉਹ ਇਸ ਸਬੰਧੀ ਸਾਰਥਿਕ ਭੂਮਿਕਾ ਨਿਭਾਉਣ ਲਈ ਵਚਨਬੱਧ ਹਨ।


ਬ੍ਰਹਮਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਵੱਖ-ਵੱਖ ਆਰਡੀਨੈਂਸ ਦਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਰੋਧ ਕਰਦਾ ਹੈ। ਉਨ੍ਹਾਂ ਠੋਕ ਕੇ ਕਿਹਾ ਕਿ ਕੁਰਸੀ ਦੀ ਖਾਤਰ ਹਰਸਿਮਰਤ ਬਾਦਲ ਨੇ ਕੈਬਨਿਟ ਮੀਟਿੰਗ ਵਿੱਚ ਇਸ ਬਿੱਲ ’ਤੇ ਦਸਤਖਤ ਕਰ ਕੇ ਪੰਜਾਬ ਦੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ।


ਬ੍ਹਹਮਪੁਰਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰਨ ਲਈ ਡੀਜ਼ਲ ਮਹਿੰਗਾ ਤੇ ਜਾਅਲੀ ਬੀਜ, ਖਾਦਾਂ ਦੇਣਾ ਇਸ ਦੀਆਂ ਤਾਜ਼ਾ ਮਿਸਾਲਾਂ ਹਨ। ਉਨ੍ਹਾਂ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਦੇਸ਼ ਦੇ ਸਮੂਹ ਕਿਸਾਨਾਂ, ਮਜ਼ਦੂਰਾਂ ਤੇ ਕਿਰਤੀਆਂ ਨੂੰ ਇੱਕ ਜਗ੍ਹਾ ਇਕੱਠੇ ਹੋਕੇ ਡਟਣ ਦਾ ਹੋਕਾ ਦਿੱਤਾ।