Punjab News:  ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਸਹੀ ਢੰਗ ਨਾਲ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 29 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਇਸ ਮਾਮਲੇ ਨੇ ਸਿਆਸੀ ਰੰਗ ਵੀ ਲੈ ਲਿਆ ਹੈ। ਪੰਜਾਬ ਸਰਕਾਰ ਇਸ ਸਥਿਤੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ।



ਕਿਸਾਨ ਕਰ ਰਹੇ ਨੇ ਸੰਘਰਸ਼


ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦਾ ਮੁੱਦਾ ਕਈ ਦਿਨਾਂ ਤੋਂ ਗਰਮਾ ਰਿਹਾ ਹੈ। ਅੱਠ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਕਿਸਾਨਾਂ ਨੇ 14 ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ੇ ਮੁਫ਼ਤ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ 25 ਵਿਧਾਇਕਾਂ ਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਹੈ।



ਮੁੱਖ ਮੰਤਰੀ ਨੇ ਦਿੱਤਾ ਭਰੋਸਾ 


ਜਦਕਿ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਸੀਐਮ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਇਸ ਦੇ ਨਾਲ ਹੀ ਸਾਰਾ ਮਾਮਲਾ ਹੱਲ ਕਰਨ ਦਾ ਭਰੋਸਾ ਦਿੱਤਾ। ਪਰ ਸਥਿਤੀ ਅਜੇ ਵੀ ਸੁਧਰੀ ਨਹੀਂ ਹੈ।


ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ


ਜਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ 'ਚ ਝੋਨੇ ਦੀ ਖ਼ਰੀਦ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਗੱਲਬਾਤ ਕੀਤੀ ਸੀ। ਉਨ੍ਹਾਂ ਨਾਲ ਰਾਈਸ ਮਿੱਲਰਾਂ ਦੇ ਮਸਲੇ ਉਠਾਏ ਹਨ। ਇਸ ਦੌਰਾਨ ਮੁੱਖ ਤੌਰ 'ਤੇ ਆਵਾਜਾਈ ਦੇ ਖਰਚੇ ਵਿੱਚ ਸਮੱਸਿਆ ਦਾ ਮੁੱਦਾ ਉਠਾਇਆ ਗਿਆ। ਸਟੋਰੇਜ ਸਪੇਸ ਦੀ ਘਾਟ, ਹਾਈਬ੍ਰਿਡ ਗੁਣਵੱਤਾ ਦਾ ਮੁੱਦਾ ਅਤੇ ਵਿਕਰੇਤਾਵਾਂ ਦੁਆਰਾ ਹੋਣ ਵਾਲੇ ਨੁਕਸਾਨ ਬਾਰੇ ਗ੍ਰਹਿ ਮੰਤਰੀ ਨੂੰ ਵਿਸਥਾਰ ਵਿੱਚ ਦੱਸਿਆ ਗਿਆ।


ਕੇਂਦਰੀ ਮੰਤਰੀ ਨੇ ਦਿੱਤਾ ਭਰੋਸਾ 


ਚੌਲਾਂ ਦੀ ਲਿਫਟਿੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਅਧਿਕਾਰੀਆਂ ਨੇ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਕੀਤੀ ਸੀ। ਮੀਟਿੰਗ ਵਿੱਚ ਜੋਸ਼ੀ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਗੁਦਾਮਾਂ ਵਿੱਚ ਪਏ 120 ਲੱਖ ਮੀਟ੍ਰਿਕ ਟਨ ਚੌਲਾਂ ਦੀ ਲਿਫਟਿੰਗ 31 ਮਾਰਚ ਤੱਕ ਕਰ ਦਿੱਤੀ ਜਾਵੇਗੀ।