ਪਹਿਲਗਾਮ ਅੱਤਵਾਦੀ ਘਟਨਾ ਤੋਂ ਬਾਅਦ ਭਾਰਤ ਸਰਕਾਰ ਨੇ ਸਰਹੱਦ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਬਾਅਦ ਅਟਾਰੀ ਬਾਰਡਰ 'ਤੇ ਹਰ ਰੋਜ਼ ਹੋਣ ਵਾਲੀ ਰਿਟਰੀਟ ਸੈਰਮਨੀ ਵੀ ਰੱਦ ਕਰ ਦਿੱਤੀ ਗਈ ਹੈ। ਸਰਹੱਦ ਬੰਦ ਹੋਣ ਕਰਕੇ ਹੁਣ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਹੋਣ ਵਾਲਾ ਵਪਾਰ ਵੀ ਪ੍ਰਭਾਵਤ ਹੋਵੇਗਾ। ਭਾਰਤ ਪਹਿਲਾਂ ਹੀ ਅਟਾਰੀ-ਵਾਘਾ ਬਾਰਡਰ ਰਾਹੀਂ ਪਾਕਿਸਤਾਨ ਨਾਲ ਵਪਾਰ ਬੰਦ ਕਰ ਚੁੱਕਾ ਹੈ।
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲੱਗਦੀ ਭਾਰਤ-ਪਾਕਿਸਤਾਨ ਦੀ 553 ਕਿਲੋਮੀਟਰ ਲੰਬੀ ਸਰਹੱਦ 'ਤੇ ਬੀ.ਐੱਸ.ਐਫ਼. (BSF) ਅਤੇ ਪੁਲਿਸ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਸਰਹੱਦੀ ਇਲਾਕਿਆਂ 'ਚ ਘੁੰਮ ਰਹੇ ਅਣਜਾਣ ਲੋਕਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਕਈ ਥਾਵਾਂ 'ਤੇ ਨਾਕੇ ਲਗਾ ਕੇ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ 'ਚ ਵੀ ਕੀਤੀ ਜਾ ਰਹੀ ਸਖਤ ਚੈਕਿੰਗ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ 'ਚ ਬੀ.ਐੱਸ.ਐਫ਼., ਫੌਜ ਅਤੇ ਪੰਜਾਬ ਪੁਲਿਸ ਨੇ ਤਿੰਨ-ਪੱਧਰੀ ਸੰਯੁਕਤ ਅਭਿਆਨ ਸ਼ੁਰੂ ਕਰ ਦਿੱਤਾ ਹੈ।
ਖੇਤਾਂ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ
ਮੰਗਲਵਾਰ ਰਾਤ ਤੋਂ ਨਾਕਾਬੰਦੀ ਵਧਾ ਦਿੱਤੀ ਗਈ ਹੈ। ਫਿਰੋਜ਼ਪੁਰ ਦੇ ਪਿੰਡ ਵਾਸੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਿਰਫ ਕਿਸਾਨਾਂ ਨੂੰ ਹੀ ਖੇਤਾਂ ਵਿੱਚ ਕੰਮ ਕਰਨ ਦੀ ਇਜਾਜ਼ਤ ਮਿਲ ਰਹੀ ਹੈ। ਬਹੁਤ ਜ਼ਿਆਦਾ ਸੰਵੇਦਨਸ਼ੀਲ ਥਾਵਾਂ 'ਤੇ ਗਸ਼ਤ ਵਧਾਈ ਗਈ ਹੈ। ਫਾਜ਼ਿਲਕਾ ਅਤੇ ਜਲਾਲਾਬਾਦ 'ਚ ਵੀ ਸਰਹੱਦ ਵੱਲ ਜਾਂਦੇ ਰਸਤੇ ਉੱਤੇ ਸੁਰੱਖਿਆ ਚੁਸਤ ਕੀਤੀ ਗਈ ਹੈ।
ਡ੍ਰਾਈਫਰੂਟ, ਫਲਾਂ ਦਾ ਵਪਾਰ ਹੋਵੇਗਾ ਪ੍ਰਭਾਵਤ
ਆਯਾਤ-ਨਿਰਯਾਤ ਐਸੋਸੀਏਸ਼ਨ ਦੇ ਆਗੂ ਅਤੇ ਵਪਾਰੀ ਅਨਿਲ ਮਹੇਰਾ ਨੇ ਦੱਸਿਆ ਕਿ ਅਫ਼ਗਾਨਿਸਤਾਨ ਨਾਲ ਮੁੱਖ ਤੌਰ 'ਤੇ ਡ੍ਰਾਈਫਰੂਟ, ਪਿਆਜ਼ ਅਤੇ ਫਲਾਂ ਦਾ ਵਪਾਰ ਹੁੰਦਾ ਹੈ। ਹਾਲਾਂਕਿ ਹਾਲੇ ਤੱਕ ਸਰਕਾਰ ਵਲੋਂ ਐਸੋਸੀਏਸ਼ਨ ਨੂੰ ਕੋਈ ਸਾਫ ਨੋਟੀਫਿਕੇਸ਼ਨ ਨਹੀਂ ਮਿਲਿਆ। ਉਹਨਾਂ ਕਿਹਾ ਕਿ ਅੱਜਕੱਲ 30 ਤੋਂ 35 ਟਰੱਕ ਰੋਜ਼ਾਨਾ ਲਗਭਗ 689 ਕਰੋੜ ਰੁਪਏ ਦਾ ਵਪਾਰ ਕਰ ਰਹੇ ਸਨ, ਜੋ ਹੁਣ ਸਰਕਾਰ ਦੇ ਹੁਕਮਾਂ ਕਾਰਨ ਰੁਕ ਜਾਣ ਦੀ ਸੰਭਾਵਨਾ ਹੈ। ਜੇਕਰ ਸਰਕਾਰ ਵਾਸਤਵ ਵਿੱਚ ਬਾਰਡਰ ਨੂੰ ਬੰਦ ਕਰਨ ਦਾ ਫੈਸਲਾ ਲੈ ਲੈਂਦੀ ਹੈ, ਤਾਂ ਫਿਰ ਇਹ ਵਪਾਰ ਸਿਰਫ਼ ਸਮੁੰਦਰੀ ਰਸਤੇ ਰਾਹੀਂ ਹੀ ਕੀਤਾ ਜਾ ਸਕੇਗਾ।
ਜੰਮੂ-ਕਸ਼ਮੀਰ 'ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਘਰ ਲਿਆਵੇਗੀ ਸਰਕਾਰ : CM ਮਾਨ
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਮੁੱਖ ਸਕੱਤਰ ਕੇ.ਏ.ਪੀ. ਸਿੰਹਾ, ਡੀ.ਜੀ.ਪੀ. ਗੌਰਵ ਯਾਦਵ, ਸਪੈਸ਼ਲ ਡੀ.ਜੀ.ਪੀ. ਲਾ ਐਂਡ ਆਰਡਰ ਅਰਪਿਤ ਸ਼ੁਕਲਾ, ਇੰਟੈਲੀਜੈਂਸ, ਵਿਜੀਲੈਂਸ, ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਹੋਰ ਏਜੰਸੀ ਦੇ ਮੁਖੀਆਂ ਨਾਲ ਚੰਡੀਗੜ੍ਹ ਸਥਿਤ ਆਪਣੇ ਨਿਵਾਸ 'ਤੇ ਮੀਟਿੰਗ ਕੀਤੀ।
ਇਸ ਮੀਟਿੰਗ 'ਚ ਮੁੱਖ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਫਸੇ ਸਾਰੇ ਪੰਜਾਬੀ ਨਾਗਰਿਕਾਂ ਨੂੰ ਸੁਰੱਖਿਅਤ ਤਰੀਕੇ ਨਾਲ ਘਰ ਵਾਪਸ ਲਿਆਂਦਾ ਜਾਵੇਗਾ। ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਲਗਾਤਾਰ ਜੰਮੂ-ਕਸ਼ਮੀਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਸੰਪਰਕ 'ਚ ਹਨ।
ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਜੰਮੂ-ਕਸ਼ਮੀਰ ਦੇ ਕਈ ਹਾਈਵੇ ਇਸ ਵੇਲੇ ਬੰਦ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਉੱਥੇ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਘਰ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕਰੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਰੇ ਧਾਰਮਿਕ ਸਥਾਨਾਂ, ਸੈਲਾਨੀ ਥਾਵਾਂ ਅਤੇ ਜਨਤਕ ਥਾਵਾਂ 'ਤੇ ਚੌਕਸੀ ਵਧਾ ਦਿੱਤੀ ਗਈ ਹੈ।
ਰਾਜ ਦੇ ਸਾਰੇ ਰੇਲਵੇ ਸਟੇਸ਼ਨਾਂ, ਬਸ ਅੱਡਿਆਂ 'ਤੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਹਨ, ਜੋ ਹਰ ਗਤੀਵਿਧੀ 'ਤੇ ਨਜ਼ਰ ਰੱਖਣਗੀਆਂ।