ਚੰਡੀਗੜ੍ਹ: ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ 'ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਤੱਕ ਪਿੰਡ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਪਿੰਡਾਂ ਵਿੱਚ ਲਾਊਡ ਸਪੀਕਰਾਂ ਰਾਹੀਂ ਐਲਾਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਇਨ੍ਹਾਂ ਪਿੰਡਾਂ ਵਿੱਤ ਪਿਛਲੇ ਕਈ ਦਿਨਾਂ ਤੋਂ ਦਹਿਸ਼ਤ ਦਾ ਮਾਹੌਲ ਹੈ। ਦਰਅਸਲ ਭਾਰਤ ਤੇ ਪਾਕਿਸਾਤਨ ਵਿਚਾਲੇ ਜੰਗ ਲੱਗਣ ਦੇ ਆਸਾਰ ਬਣ ਗਏ ਹਨ। ਭਾਰਤੀ ਫੌਜ ਦੇ ਸਰਜੀਕਲ ਹਮਲੇ ਤੋਂ ਬਾਅਦ ਪਾਕਿਸਤਾਨ ਵੀ ਭੜਕ ਗਿਆ ਹੈ। ਉੜੀ ਹਮਲੇ ਦਾ ਬਦਲਾ ਲੈਣ ਲਈ ਲੰਘੀ ਰਾਤ ਭਾਰਤੀ ਫੌਜੀਆਂ ਨੇ ਪਾਕਿਸਤਾਨ 'ਤੇ ਸਰਜੀਕਲ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਕਈ ਅੱਤਵਾਦੀ ਤੇ ਪਾਕਿ ਫੌਜੀ ਮਾਰੇ ਜਾਣ ਦੀ ਖਬਰ ਹੈ। ਭਾਰਤ ਦੀ ਇਸ ਕਾਰਵਾਈ ਤੋਂ ਖਫਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਿਹਾ ਕਿ ਉਹ ਦੇਸ਼ ਦੀ ਸੁਰੱਖਿਆ ਤੇ ਪ੍ਰਭੁਸੱਤਾ ਨੂੰ ਨੁਕਸਾਨ ਪਹੁੰਚਾਉਣ ਦੇ ਸ਼ੈਤਾਨੀ ਮਨਸੂਬਿਆਂ ਦਾ ਮੂੰਹਤੋੜ ਜਵਾਬ ਦੇਣਗੇ। ਨਵਾਜ਼ ਨੇ ਕਿਹਾ ਹੈ ਕਿ ਉਨ੍ਹਾਂ ਦੀ ਸ਼ਾਂਤੀ ਦੀ ਇੱਛਾ ਨੂੰ ਕਮਜ਼ੋਰੀ ਨਾ ਸਮਝਿਆ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਫੌਜ ਭਾਰਤੀ ਫੌਜ ਦਾ ਮੁਕਾਬਲਾ ਕਰਨ ਤੇ ਸਰਹੱਦ ਦੀ ਰਾਖੀ ਕਰਨ ਲਈ ਤਿਆਰ ਹੈ।