ਲਾਹੌਰ: ਗੁਰੂ ਨਾਨਕ ਸਾਹਿਬ ਦੇ 548ਵੇਂ ਪ੍ਰਕਾਸ਼ ਦਿਹਾੜੇ ‘ਤੇ ਪਾਕਿਸਤਾਨ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪਾਕਿਸਤਾਨ ਵਕਫ਼ ਬੋਰਡ ਦੇ ਚੇਅਰਮੈਨ ਸਿਦੀਕਉੱਲ ਫ਼ਾਰੂਕ ਨੇ ਆਖਿਆ ਕਿ ਅਗਲੇ ਸਾਲ ਜਨਵਰੀ ‘ਚ ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਪਾਕਿਸਤਾਨ ਸਰਕਾਰ ਨੇ ਬੰਦ ਪਏ ਗੁਰੂ ਘਰ ਵੀ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।
ਸਿਦੀਕਉੱਲ ਫ਼ਾਰੂਕ ਨੇ ਆਖਿਆ ਕਿ ਗੁਰਦੁਆਰਾ ਕਿਆਰਾ ਸਾਹਿਬ ਸਿੱਖ ਯਾਤਰੀਆਂ ਲਈ ਖੋਲ੍ਹਿਆ ਜਾ ਰਿਹਾ ਹੈ ਜੋ ਪਿਛਲੇ ਕਾਫ਼ੀ ਸਾਲਾਂ ਤੋਂ ਬੰਦ ਪਿਆ ਸੀ। ਜਦਕਿ ਬਾਬਾ ਗੁਰੂ ਨਾਨਕ ਦੇ ਨਜ਼ਦੀਕੀ ਸਾਥੀ ਰਹੇ ਭਾਈ ਮਰਦਾਨਾ ਦੀ ਯਾਦਗਾਰ ਬਣਾਉਣ ਲਈ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਐਲਾਨ ਕੀਤਾ ਕਿ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਅੰਗੀਠਾ ਸਾਹਿਬ ਦਾ ਉਦਘਾਟਨ 19 ਨਵੰਬਰ ਨੂੰ ਕੀਤਾ ਜਾ ਰਿਹਾ ਹੈ।
ਪਾਕਿਸਤਾਨ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਇਸ ਵਾਰ ਬਾਬਾ ਨਾਨਕ ਦਾ ਪ੍ਰਕਾਸ਼ ਉਤਸਵ ਮਨਾਉਣ ਲਈ 3000 ਦੇ ਕਰੀਬ ਸਿੱਖ ਯਾਤਰੀ ਨਨਕਾਣਾ ਸਾਹਿਬ ਪਹੁੰਚੇ ਹਨ। ਸਿੱਖ ਸ਼ਰਧਾਲੂਆਂ ਦੀ ਆਮਦ ਨੂੰ ਦੇਖਦੇ ਹੋਏ ਨਨਕਾਣਾ ਸਾਹਿਬ ਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।