Operation Sindoor: ਭਾਰਤ ਵਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਜਵਾਬੀ ਹਮਲੇ ਵਿਚ ਪਾਕਿਸਤਾਨ ਵਲੋਂ ਪੁਣਛ ਵਿਖੇ ਕੀਤੀ ਗਈ ਗੋਲਾਬਾਰੀ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ ਹਮਲਾ ਕੀਤਾ ਗਿਆ ਹੈ, ਇਸ ਦੌਰਾਨ ਤਿੰਨ ਗੁਰਸਿੱਖ ਭਾਈ ਅਮਰੀਕ ਸਿੰਘ ਰਾਗੀ, ਭਾਈ ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਭਾਈ ਰਣਜੀਤ ਸਿੰਘ ਮਾਰੇ ਗਏ ਹਨ। ਇਸ ਤੋਂ ਬਾਅਦ ਸਿੱਖ ਆਗੂਆਂ ਤੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਕਰੜੇ ਸ਼ਬਦਾਂ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਸਥਿਤ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਬੰਬ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਮਿਲੀ ਜਿਸ ਵਿੱਚ ਇੱਕ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਮਾਰੇ ਗਏ ਹਨ। ਜਿੱਥੇ ਸਰਬੱਤ ਦਾ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਉੱਥੇ ਇਸ ਤਰ੍ਹਾਂ ਦਾ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਗਲਤ ਹੈ।

ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ, ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੁਣਛ ਖੇਤਰ ਵਿਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ। 

ਜਥੇਦਾਰ ਗੜਗੱਜ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੰਗ ਹਮੇਸ਼ਾ ਹੀ ਮਨੁੱਖਤਾ ਦਾ ਵੱਡਾ ਘਾਣ ਕਰਦੀ ਹੈ, ਜਿਸ ਵਿਚ ਬੇਗੁਨਾਹ ਲੋਕ ਵੀ ਵੱਡੀ ਗਿਣਤੀ ਵਿਚ ਮਾਰੇ ਜਾਂਦੇ ਹਨ। ਇਸ ਲਈ ਮੌਜੂਦਾ ਸਥਿਤੀ ਨੂੰ ਸ਼ਾਂਤੀਪੂਰਵਕ ਕਰਨ ਲਈ ਵੱਧ ਤੋਂ ਵੱਧ ਯਤਨ ਹੋਣੇ ਚਾਹੀਦੇ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਬਾਰਡਰ ਉੱਤੇ ਵੱਸਦੇ ਲੋਕ ਇਸ ਤਣਾਅ ਵਾਲੀ ਸਥਿਤੀ ਵਿਚ ਇਕ ਦੂਜੇ ਦਾ ਸਾਥ ਦੇਣ ਅਤੇ ਗੁਰਬਾਣੀ ਦਾ ਓਟ ਆਸਰਾ ਲੈ ਕੇ ਹੌਂਸਲਾ ਬਣਾਈ ਰੱਖਣ।