ਗੁਰਦੁਆਰੇ 'ਚ ਲਹਿਰਾਇਆ ਪਾਕਿਸਤਾਨੀ ਝੰਡਾ, ਪਾਕਿਸਤਾਨ ਜ਼ਿੰਦਾਬਾਦ ਦੇ ਲੱਗੇ ਨਾਅਰੇ, ਸ਼੍ਰੋਮਣੀ ਕਮੇਟੀ ਖਫਾ
ਪਾਕਿਸਤਾਨ ਵਿੱਚ ਕੁਝ ਸਿੱਖਾਂ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿੱਚ ਪਾਕਿਸਤਾਨੀ ਝੰਡਾ ਲਹਿਰਾਇਆ ਗਿਆ ਹੈ। ਇਸ ਦਾ ਵੀਡੀਓ ਵਾਇਰਲ ਹੋਇਆ ਹੈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਵਿਰੋਧ ਕੀਤਾ ਹੈ।
ਚੰਡੀਗੜ੍ਹ: ਪਾਕਿਸਤਾਨ ਵਿੱਚ ਕੁਝ ਸਿੱਖਾਂ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿੱਚ ਪਾਕਿਸਤਾਨੀ ਝੰਡਾ ਲਹਿਰਾਇਆ ਗਿਆ ਹੈ। ਇਸ ਦਾ ਵੀਡੀਓ ਵਾਇਰਲ ਹੋਇਆ ਹੈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਸਿੱਖ ਮਰਿਆਦਾ ਦੇ ਉਲਟ ਕਰਾਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਕਿ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਈ ਹੈ। ਇਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਕੁਝ ਸਿੱਖ ਜਿਨ੍ਹਾਂ ਨੇ ਹਰੀਆਂ ਦਸਤਾਰਾਂ ਸਜਾਈਆਂ ਹੋਈਆਂ ਹਨ ਤੇ ਪਾਕਿਸਤਾਨੀ ਝੰਡੇ ਫੜੇ ਹੋਏ ਹਨ, ਪਾਕਿਸਤਾਨੀ ਆਜ਼ਾਦੀ ਦਿਵਸ ਦੀ ਵਧਾਈ ਦੇ ਰਹੇ ਹਨ। ਉਹ ਪਾਕਿਸਤਾਨ ਆਜ਼ਾਦੀ ਦਿਵਸ ’ਤੇ ਨਾਅਰੇ ਵੀ ਲਾਉਂਦੇ ਹਨ।
ਉਹ ਉੱਥੇ ਹਾਜ਼ਰ ਮੀਡੀਆ ਨੂੰ ਦੱਸਦੇ ਹਨ ਕਿ ਜਲਦੀ ਹੀ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਜਾਵੇਗੀ। ਉਸ ਵੀਡੀਓ ਤੋਂ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਜਿਵੇਂ ਇਹ ਗੁਰਦੁਆਰਾ ਕਰਤਾਰਪੁਰ ਸਾਹਿਬ ਹੋਵੇ। ਉਂਝ ਇਸ ਵੀਡੀਓ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋਈ ਕਿ ਇਹ ਕਿੱਥੋਂ ਦੀ ਹੈ।
ਇਸ ਮਾਮਲੇ ਵਿਚ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਆਖਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਦੇ ਕੈਂਪਸ ਵਿੱਚ ਸਿਰਫ਼ ਖ਼ਾਲਸਈ ਨਿਸ਼ਾਨ ਸਾਹਿਬ ਨੂੰ ਹੀ ਲਹਿਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਣਗੇ ਕਿ ਅਜਿਹੀ ਸਿੱਖ ਮਰਿਆਦਾ ਖ਼ਿਲਾਫ਼ ਕਾਰਵਾਈ ਨੂੰ ਰੋਕਿਆ ਜਾਵੇ।