ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਨੂੰਹ ਤੇ ਪੁੱਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਮਲੂਕਾ ਤੇ ਪਰਮਪਾਲ ਕੌਰ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ  ਫੜ੍ਹ ਲਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪਰਮਪਾਲ ਕੌਰ ਬਠਿੰਡਾ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ।


ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੰਜਾਬ ਕੇਡਰ ਦੀ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਅਸਤੀਫਾ ਦੇ ਦਿੱਤਾ ਸੀ ਜਿਸ ਤੋਂ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਰਮਪਾਲ 2011 ਬੈਚ ਦੇ ਆਈਏਐਸ ਅਧਿਕਾਰੀ ਸਨ। ਉਹ ਇਸ ਸਾਲ ਅਕਤੂਬਰ 'ਚ ਰਿਟਾਇਰ ਹੋਣ ਵਾਲੇ ਸੀ।






ਕਿਆਸ ਲਗਾਏ ਜਾ ਰਹੇ ਹਨ ਕਿ ਪਰਮਪਾਲ ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਸਕਦੇ ਹਨ। ਮਲੂਕਾ ਅਕਾਲੀ ਦਲ ਦੇ ਸੀਨੀਅਰ ਆਗੂ ਹਨ ਅਤੇ ਅਕਾਲੀ ਸਰਕਾਰ ਵਿੱਚ ਸਿੱਖਿਆ ਮੰਤਰੀ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ। ਪਰਮਪਾਲ ਸਿੱਧੂ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸਨ। ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਬਠਿੰਡਾ ਸੀਟ ਤੋਂ ਸੰਸਦ ਮੈਂਬਰ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।


ਬਠਿੰਡਾ ਲੋਕ ਸਭਾ ਸੀਟ ਦਾ ਸਿਆਸੀ ਸਮਰੀਕਰਨ


ਜੇ ਬਠਿੰਡਾ ਸੀਟ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਆਮ ਆਦਮੀ ਪਾਰਟੀ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਵਾਲੇ ਪਾਸਿਓਂ ਚਰਚਾ ਹੈ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਸਿੰਘ ਵੜਿੰਗ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ, ਹਾਲਾਂਕਿ ਵਿੱਚ-ਵਿਚਾਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀ ਚਰਚਾ ਛਿੜੀ ਸੀ।  ਇਸ ਦੇ ਨਾਲ ਹੀ ਜੇ ਭਾਰਤੀ ਜਨਤਾ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਉਹ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ IAS ਪਰਮਪਾਲ ਕੌਰ ਨੂੰ ਟਿਕਟ ਦੇ ਸਕਦੀ ਹੈ। 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ