ਸ਼ੰਕਰ ਦਾਸ ਦੀ ਰਿਪੋਰਟ


ਚੰਡੀਗੜ੍ਹ: ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਰੱਦ ਕਰਨ ਦੀ ਸ਼ਲਾਘਾ ਕੀਤੀ ਹੈ। ਪਰਗਟ ਸਿੰਘ ਟਵੀਟ ਕਰਦਿਆਂ ਲਿਖਿਆ, ਮਾਨਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਦਾ ਫੈਸਲਾ ਸਵਾਗਤਯੋਗ ਹੈ। ਉਨ੍ਹਾਂ ਨੇ ਸੰਵਿਧਾਨਕ ਕਦਰਾਂ-ਕੀਮਤਾਂ ਤੇ ਵਿਧਾਨ ਸਭਾ ਦੇ ਨਿਯਮਾਂ ਨੂੰ ਬਰਕਰਾਰ ਰੱਖਿਆ ਹੈ ਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਸਖ਼ਤ ਤਾੜਨਾ ਕੀਤੀ ਹੈ।


ਦਰਅਸਲ 'ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀਰਵਾਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਲਈ ਰਾਜਪਾਲ ਤੋਂ ਮਨਜੂਰੀ ਮੰਗੀ ਸੀ, ਜਿਸ ਨੂੰ ਰਾਜਪਾਲ ਨੇ ਗ਼ੈਰ ਸੰਵਿਧਾਨਿਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਇੱਕ ਹੁਕਮ ਜਾਰੀ ਕਰਦੇ ਹੋਏ ਰਾਜਪਾਲ ਨੇ ਕਿਹਾ ਕਿ ਸਿਰਫ ਵਿਸ਼ਵਾਸ ਮਤ ਹਾਸਲ ਕਰਨ ਦੇ ਵਿਚਾਰ ਨਾਲ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੇ ਫੈਸਲੇ 'ਚ ਖਾਸ ਨਿਯਮਾਂ ਦੀ ਘਾਟ ਕਾਰਨ ਮੈਂ ਆਪਣੇ ਉਸ ਆਦੇਸ਼ ਨੂੰ ਵਾਪਸ ਲੈ ਰਿਹਾ ਹਾਂ, ਜਿਸ ਤਹਿਤ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ।

ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਤੀਜੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵ੍ਹਿਪ ਵੀ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ 'ਆਪ' ਦੇ ਸਾਰੇ ਵਿਧਾਇਕਾਂ ਨੂੰ ਵੀ ਸੈਸ਼ਨ 'ਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਗਏ ਸਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਚੀਫ ਵ੍ਹਿਪ ਬਣਾਇਆ ਹੈ।

ਜ਼ਿਕਰਯੋਗ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਪ ਵੱਲੋਂ ਇੱਕ ਦਿਨ ਲਈ ਸੱਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਬਾਰੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਸੀ। ਇਸ ਤੋਂ ਪਹਿਲਾਂ ਪ੍ਰਤਾਪ ਬਾਜਵਾ ਨੇ ਰਾਜਪਾਲ ਵੱਲੋਂ ਵਿਧਾਨ ਸਭਾ ਸੈਸ਼ਨ ਰੱਦ ਕਰਨ ਲਈ ਬਨਵਾਰੀ ਲਾਲ ਪੁਰੋਹਿਤ ਦੀ ਸ਼ਲਾਘਾ ਕੀਤੀ ਹੈ। ਬਾਜਵਾ ਨੇ ਕਿਹਾ ਕਿ "ਮੈਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ 'ਆਪ' ਸਰਕਾਰ ਦੁਆਰਾ "ਵਿਸ਼ਵਾਸ ਮਤੇ" 'ਤੇ ਇਕ ਦਿਨ ਦਾ ਵਿਧਾਨ ਸਭਾ ਸੈਸ਼ਨ ਵਾਪਸ ਲੈਣ ਦੇ ਆਦੇਸ਼ ਦੇਣ ਲਈ ਵਧਾਈ ਦਿੰਦਾ ਹਾਂ, ਜੋ ਸਦਨ ਦੇ ਨਿਯਮਾਂ ਦੇ ਵਿਰੁੱਧ ਸੀ।