ਉਚੇਰੀ ਸਿੱਖਿਆ ਵਿਭਾਗ 'ਚ ਭਰਤੀ 45 ਦਿਨਾਂ 'ਚ ਮੁਕੰਮਲ ਕਰਨ ਦੇ ਨਿਰਦੇਸ਼
ਪਰਗਟ ਸਿੰਘ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਤੇ ਲਾਇਬ੍ਰੇਰੀਅਨਾਂ ਦੀਆਂ 67 ਅਸਾਮੀਆਂ ਦੀ ਭਰਤੀ 45 ਦਿਨਾਂ ਅੰਦਰ ਮੁਕੰਮਲ ਕੀਤੀ ਜਾਵੇਗੀ।
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਵੱਲੋਂ 1158 ਅਸਾਮੀਆਂ ਦੀ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਭਰਤੀ ਪੰਜਾਬੀ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਚੋਣ ਕਮੇਟੀਆਂ ਬਣਾ ਕੇ ਕੀਤੀ ਜਾਵੇਗੀ। ਇਸ ਨੂੰ 45 ਦਿਨਾਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪਰਗਟ ਸਿੰਘ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਤੇ ਲਾਇਬ੍ਰੇਰੀਅਨਾਂ ਦੀਆਂ 67 ਅਸਾਮੀਆਂ ਦੀ ਭਰਤੀ 45 ਦਿਨਾਂ ਅੰਦਰ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਭਰਤੀ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੋਵੇਗੀ। ਇਹ ਭਰਤੀ ਸਿਰਫ਼ ਲਿਖਤੀ ਟੈਸਟ ਦੇ ਆਧਾਰ ’ਤੇ ਨਿਰੋਲ ਮੈਰਿਟ ਅਨੁਸਾਰ ਕੀਤੀ ਜਾਵੇਗੀ ਜਿਸ ਵਿੱਚ ਕੋਈ ਇੰਟਰਵਿਊ ਦੇ ਨੰਬਰ ਨਹੀਂ ਰੱਖੇ ਜਾਣਗੇ।
ਦੋਵੇਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਅਗਵਾਈ ਵਿੱਚ ਚੋਣ ਕਮੇਟੀ ਬਣੇਗੀ। ਇਸੇ ਤਰ੍ਹਾਂ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਲਜਾਂ ਵਿੱਚ ਗੈਸਟ ਫੈਕਲਟੀ, ਪਾਰਟ ਟਾਈਮ ਅਤੇ ਠੇਕੇ ਉਤੇ ਕੰਮ ਕਰੇ ਲੈਕਚਰਾਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਅਪਲਾਈ ਕਰਨ ਲਈ ਉੱਪਰਲੀ ਉਮਰ ਹੱਦ ਵਿੱਚ ਛੋਟ ਤੇ ਤਜਰਬੇ ਦੇ ਨੰਬਰ ਦਿੱਤੇ ਜਾਣਗੇ।
ਇਸੇ ਦੌਰਾਨ ਹੜਤਾਲ ਸਬੰਧੀ ਆਰਗੇਨਾਈਜ਼ੇਸ਼ਨ ਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਪੰਜਾਬ ਭਵਨ ਵਿਚ ਮੀਟਿੰਗ ਕੀਤੀ ਗਈ। ‘ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ’(ਪਫੁਕਟੋ) ਨੇ ਮੀਟਿੰਗ ਵਿੱਚ ਸਿੱਖਿਆ ਮੰਤਰੀ ਨੂੰ ਦੱਸਿਆ ਕਿ ਅਧਿਆਪਕਾਂ ਦੀਆਂ ਦੋ ਮੰਗਾਂ ਵਿੱਚ 7ਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਵਾਉਣਾ ਤੇ ਨਵੇਂ ਅਧਿਆਪਕਾਂ ਦੀ ਭਰਤੀ ਲਈ ਤਨਖ਼ਾਹ ਸਕੇਲਾਂ ਨੂੰ ਯੂਜੀਸੀ ਨਾਲੋਂ ਵੱਖ ਕੀਤੇ ਜਾਣ ਦਾ ਫ਼ੈਸਲਾ ਵਾਪਸ ਕਰਵਾਉਣਾ ਸ਼ਾਮਲ ਹਨ।
ਦੋਵੇਂ ਮੰਗਾਂ ਪੂਰੀਆਂ ਹੋਣ ਨਾਲ ਸਿੱਖਿਆ ਖੇਤਰ ਵਿੱਚ ਕਾਫ਼ੀ ਜ਼ਿਆਦਾ ਸੁਧਾਰ ਆਵੇਗਾ। ਵਫ਼ਦ ਵਿੱਚ ਸ਼ਾਮਲ ਅਹੁਦੇਦਾਰਾਂ ਨੇ ਦੱਸਿਆ ਕਿ ਮੰਤਰੀ ਨੇ ਮੁਲਾਕਾਤ ਉਪਰੰਤ ਭਰੋਸਾ ਦਿਵਾਇਆ ਕਿ ਅਧਿਆਪਕਾਂ ਦੀਆਂ ਦੋਵੇਂ ਮੰਗਾਂ ਨੂੰ ਮੁੱਖ ਮੰਤਰੀ ਨਾਲ ਵਿਚਾਰਿਆ ਜਾਵੇਗਾ। ਇਸ ਦੇ ਨਾਲ ਹੀ ਵਫ਼ਦ ਨੂੰ ਅਧਿਆਪਕਾਂ ਦੀਆਂ 1925 ਏਡਿਡ ਅਸਾਮੀਆਂ ਨੂੰ ਵੀ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਜਲਦੀ ਹੀ ਸਰਲ ਬਣਾਇਆ ਜਾਵੇਗਾ।