ਜਲੰਧਰ: ਸਾਬਕਾ ਮੰਤਰੀ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਨੂੰ ਪੀਐਮ ਮੋਦੀ ਨਾਲ BSF ਦੀ ਸੀਮਾ ਘਟਾਉਣ ਬਾਰੇ ਗੱਲ ਕਰਨੀ ਚਾਹੀਦੀ ਸੀ। ਪਰਗਟ ਸਿੰਘ ਨੇ ਕਿਹਾ ਹੈ ਕਿ ਜਿੱਥੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਮਾਮਲਾ ਹੈ, ਕੇਂਦਰ ਤੋਂ ਪੈਕੇਜ ਦੀ ਮੰਗ ਕਰਨਾ ਕੋਈ ਨਵੀਂ ਗੱਲ ਨਹੀਂ ਪਰ ਨਾਲ ਹੀ ਭਗਵੰਤ ਮਾਨ ਨੂੰ ਬੀਐਸਐਫ ਦੀ ਸੀਮਾ ਘਟਾਉਣ ਬਾਰੇ ਪ੍ਰਧਾਨ ਮੰਤਰੀ ਨਾਲ ਗੱਲ ਕਰਨੀ ਚਾਹੀਦੀ ਹੈ।

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਰਾਮ ਰਹੀਮ ਨੂੰ ਬਰਗਾੜੀ ਕਾਂਡ ਦਾ ਮੁੱਖ ਦੋਸ਼ੀ ਬਣਾਉਣ ਦੇ ਫੈਸਲੇ 'ਤੇ ਕਾਂਗਰਸੀ ਲੀਡਰ ਪਰਗਟ ਸਿੰਘ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਇਸ ਮਾਮਲੇ 'ਚ ਕਾਰਵਾਈ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਕਾਰਵਾਈ ਨੂੰ ਅੱਗੇ ਤੋਰ ਰਹੀ ਹੈ ਤੇ ਇਹ ਕੋਈ ਨਵੀਂ ਗੱਲ ਨਹੀਂ।

ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੁਣ ਜਨਤਾ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਕਿਉਂਕਿ ਲੋਕਾਂ ਨੂੰ ਹੁਣ ਪੂਰੀਆਂ ਉਮੀਦਾਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੀਤੇ ਵਾਅਦਿਆਂ ਨੂੰ ਕਿਵੇਂ ਪੂਰਾ ਕਰਦੀ ਹੈ।

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਬਰਗਾੜੀ ਬੇਅਦਬੀ ਕਾਂਡ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਨਵਜੋਤ ਸਿੱਧੂ ਨੇ ਅਰਵਿੰਦ ਕੇਜਰੀਵਾਲ ਦੀ ਬਰਗਾੜੀ ਮੁੱਦੇ 'ਤੇ ਬੋਲਣ ਦੀ ਇੱਕ ਪੁਰਾਣੀ ਵੀਡੀਓ ਪੋਸਟ ਕੀਤੀ ਹੈ ਤੇ ਉਨ੍ਹਾਂ ਨੂੰ ਇਸ 'ਤੇ ਕਾਰਵਾਈ ਕਰਨ ਲਈ ਕਿਹਾ ਹੈ।


ਇਸ ਵੀਡੀਓ 'ਚ ਕੇਜਰੀਵਾਲ ਕਹਿੰਦਾ ਹੈ ਪੰਜਾਬ ਦੇ ਲੋਕ ਬਰਗਾੜੀ ਬੇਅਦਬੀ ਕਾਂਡ 'ਤੇ ਗੁੱਸੇ 'ਚ ਹਨ; ਉਹ ਚਾਹੁੰਦੇ ਹਨ ਕਿ ਇਸ ਕੇਸ ਦੇ ਮਾਸਟਰਮਾਈਂਡ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਦੋਸ਼ੀ ਕੌਣ ਹਨ, ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਦੇਖ ਸਕਦੇ ਹੋ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ 24 ਘੰਟਿਆਂ 'ਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ।