ਪੰਜਾਬ 'ਚ ਖੇਡ ਪੱਖੀ ਮਾਹੌਲ ਸਿਰਜਣ ਲਈ ਪੁਰਾਣੇ ਖਿਡਾਰੀਆਂ ਨੂੰ ਅੱਗੇ ਆਉਣਾ ਪਵੇਗਾ: ਪਰਗਟ ਸਿੰਘ
ਪਰਗਟ ਸਿੰਘ ਨੇ ਲਾਇਲਪੁਰ ਖਾਲਸਾ ਕਾਲਜ ਨੂੰ ਹਾਕੀ ਐਸਟੋਟਰਫ ਲਈ 5 ਲੱਖ ਰੁਪਏ ਅਤੇ ਜੀਐਸ ਬੋਧੀ ਕਲੱਬ ਨੂੰ 2 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ।
ਜਲੰਧਰ: ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨਾ ਹੋਵੇਗਾ ਜਿਸ ਲਈ ਵਿਸ਼ੇਸ਼ ਤੌਰ ਉਤੇ ਪੁਰਾਣੇ ਖਿਡਾਰੀਆਂ ਨੂੰ ਵੀ ਅੱਗੇ ਆਉਣਾ ਹੋਵੇਗਾ। ਇਹ ਗੱਲ ਪੰਜਾਬ ਦੇ ਖੇਡ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਚੌਥੀ ਬਾਬਾ ਜੀਐਸ ਬੋਧੀ ਵੈਟਰਨ ਹਾਕੀ ਲੀਗ ਦੇ ਫ਼ਾਈਨਲ ਮੈਚ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਹੀ।
ਇਸ ਮੌਕੇ ਪਰਗਟ ਸਿੰਘ ਜੋ ਸਾਬਕਾ ਹਾਕੀ ਓਲੰਪੀਅਨ ਹਨ, ਨੇ ਵੀ ਹਾਕੀ ਫੜ ਕੇ ਵੈਟਰਨ ਖਿਡਾਰੀਆਂ ਨਾਲ ਹਾਕੀ ਮੈਚ ਖੇਡਿਆ। ਹਾਕੀ ਮੈਦਾਨ ਵਿੱਚ ਪਰਗਟ ਸਿੰਘ ਦਾ ਉਹੀ ਸਕਿੱਲ ਦੇਖਣ ਨੂੰ ਮਿਲਿਆ। ਛੋਟੀ ਉਮਰ ਦੇ ਖਿਡਾਰੀ ਖੇਡ ਮੰਤਰੀ ਪਰਗਟ ਸਿੰਘ ਨੂੰ ਖੇਡਦਾ ਦੇਖ ਕੇ ਬਹੁਤ ਉਤਸ਼ਾਹਤ ਹੋਏ ਅਤੇ ਉਨ੍ਹਾਂ ਆਪਣੇ ਸਮੇਂ ਦੇ ਮਹਾਨ ਖਿਡਾਰੀ ਰਹੇ ਪਰਗਟ ਸਿੰਘ ਨਾਲ ਸੈਲਫੀਆਂ ਵੀ ਲਈਆਂ। 1996 ਐਟਲਾਂਟਾ ਓਲੰਪਿਕਸ ਵਿੱਚ ਪਰਗਟ ਸਿੰਘ ਦੀ ਕਪਤਾਨੀ ਹੇਠ ਭਾਰਤ ਵੱਲੋਂ ਖੇਡਣ ਵਾਲੇ ਹਰਪ੍ਰੀਤ ਸਿੰਘ ਮੰਡੇਰ ਤੇ ਸੰਜੀਵ ਕੁਮਾਰ ਵੀ ਮੌਕੇ ਉਤੇ ਮੌਜੂਦ ਸੀ। ਤਿੱਕੜੀ ਨੇ ਅੱਜ ਹਾਕੀ ਖੇਡ ਕੇ ਪੁਰਾਣੇ ਦਿਨ ਚੇਤੇ ਕੀਤੇ।
ਪਰਗਟ ਸਿੰਘ ਨੇ ਲਾਇਲਪੁਰ ਖਾਲਸਾ ਕਾਲਜ ਨੂੰ ਹਾਕੀ ਐਸਟੋਟਰਫ ਲਈ 5 ਲੱਖ ਰੁਪਏ ਅਤੇ ਜੀਐਸ ਬੋਧੀ ਕਲੱਬ ਨੂੰ 2 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਾਕੀ ਖੇਡ ਨੂੰ ਵੱਡੀ ਦੇਣ ਵਾਲੇ ਸਾਡੇ ਸਾਰਿਆਂ ਦੇ ਮਹਿਬੂਬ ਕੋਚ ਜੀਐਸ ਬੋਧੀ ਜੀ ਦੀ ਯਾਦ ਵਿੱਚ ਹੁੰਦੀ ਲੀਗ ਵਿੱਚ ਪੁਰਾਣੇ ਖਿਡਾਰੀਆਂ ਨੂੰ ਖੇਡਦਿਆਂ ਦੇਖ ਕੇ ਖੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਪੁਰਾਣੇ ਖਿਡਾਰੀਆਂ ਨੂੰ ਇਸੇ ਤਰ੍ਹਾਂ ਖੇਡ ਮੈਦਾਨ ਵਿੱਚ ਨਿੱਤਰਨਾ ਪਵੇਗਾ ਕਿਉਂਕਿ ਖਿਡਾਰੀ ਨੌਜਵਾਨਾਂ ਦੇ ਆਦਰਸ਼ ਹਨ ਜਿਨ੍ਹਾਂ ਨੂੰ ਦੇਖ ਕੇ ਨੌਜਵਾਨੀ ਖੇਡਾਂ ਨੂੰ ਸ਼ਿੱਦਤ ਨਾਲ ਅਪਣਾਏਗੀ। ਚੌਥੀ ਬਾਬਾ ਜੀ ਐਸ ਬੋਧੀ ਵੈਟਰਨ ਹਾਕੀ ਲੀਗ ਦੇ ਫ਼ਾਈਨਲ ਵਿੱਚ ਓਲੰਪੀਅਨ ਜਗਦੇਵ ਸਿੰਘ ਕਲੱਬ ਜਲੰਧਰ ਨੇ ਨੈਸ਼ਨਲ ਹਾਕੀ ਕਲੱਬ ਕਪੂਰਥਲਾ ਨੂੰ 2-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ।