ਚੰਡੀਗੜ੍ਹ: ਬੇਅਦਬੀਆਂ ਅਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਸ਼ੇਸ਼ ਰਿਆਇਤ ਦਿੱਤੀ ਹੈ। ਐਸਆਈਟੀ ਨੇ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ ਨੂੰ ਅੰਮ੍ਰਿਤਸਰ ਦੇ ਸਰਕਿਟ ਹਾਊਸ ਵਿੱਚ ਪੇਸ਼ ਹੋਣ ਲਈ ਕਿਹਾ ਸੀ, ਪਰ ਹੁਣ ਉਨ੍ਹਾਂ ਦੀ ਵਡੇਰੀ ਉਮਰ ਕਾਰਨ ਉਨ੍ਹਾਂ ਦੀ ਮਰਜ਼ੀ ਦੇ ਸਥਾਨ 'ਤੇ ਪੁੱਛਗਿੱਛ ਕਰਨ ਦੀ ਖੁੱਲ੍ਹ ਦਿੱਤੀ ਹੈ।

ਸੰਮਨ ਜਾਰੀ ਕਰਨ ਵਾਲੇ ਐਸਆਈਟੀ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਦੀ ਉਮਰ ਵੱਧ ਹੋਣ ਕਾਰਨ ਇਹ ਖੁੱਲ੍ਹ ਦਿੱਤੀ ਗਈ ਹੈ ਅਤੇ ਇਸ ਸਬੰਧੀ ਉਨ੍ਹਾਂ ਨੂੰ ਲਿਖਤੀ ਸੂਚਨਾ ਵੀ ਭੇਜੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਾਲੇ ਤਕ ਬਾਦਲ ਦਾ ਕੋਈ ਉੱਤਰ ਪ੍ਰਾਪਤ ਨਹੀਂ ਹੋਇਆ ਹੈ।

ਐਸਆਈਟੀ ਨੇ 16 ਨਵੰਬਰ ਨੂੰ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਤਲਬ ਕੀਤਾ ਸੀ, ਪਰ ਹੁਣ ਉਨ੍ਹਾਂ ਦੀ ਮਰਜ਼ੀ ਵਾਲੀ ਥਾਂ 'ਤੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਐਸਆਈਟੀ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ 19 ਨਵੰਬਰ ਅਤੇ ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਨੂੰ 21 ਨਵੰਬਰ ਨੂੰ ਪੇਸ਼ ਹੋਣ ਲਈ ਸੰਮਣ ਭੇਜੇ ਹਨ।