ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਸਿੱਟ ਦਾ ਗਠਨ ਉਨ੍ਹਾਂ ਦੀ ਸਰਕਾਰ ਵੇਲੇ ਕੀਤਾ ਗਿਆ ਸੀ। ਸਿੱਟ ਆਪਣਾ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸੁਖਦੇਵ ਸਿੰਘ ਢੀਂਡਸਾ ਨੂੰ ਪਦਮਸ੍ਰੀ ਐਵਾਰਡ ਮਿਲਣ ਦੀ ਵਧਾਈ ਦਿੱਤੀ।
ਦਰਅਸਲ ਬਾਦਲ ਸਾਬਕਾ ਸੀਐਮ ਤੇ ਪੰਜ ਸੂਬਿਆਂ ਵਿੱਚ ਵੱਖ-ਵੱਖ ਸਮੇਂ ਰਾਜਪਾਲ ਰਹੇ ਮਰਹੂਮ ਸੁਰਜੀਤ ਸਿੰਘ ਬਰਨਾਲਾ ਦੀ ਦੂਸਰੀ ਬਰਸੀ ਵਿੱਚ ਪੁੱਜੇ ਹੋਏ ਸਨ। ਇਸ ਸਮੇਂ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ ਤੇ ਸਾਰੀ ਅਕਾਲੀ-ਭਾਜਪਾ ਲੀਡਰਸ਼ਿਪ ਹਾਜ਼ਰ ਸੀ।
ਇਸ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਰਜੀਤ ਸਿੰਘ ਬਰਨਾਲਾ ਕੌਮ ਦੇ ਮਹੀਨ ਲੀਡਰ ਸਨ। ਉਨ੍ਹਾਂ ਕਿਹਾ ਕਿ ਬੇਅਦਬੀ ਤੇ ਗੋਲ਼ੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜਥੇਦਾਰ ਤੋਤਾ ਸਿੰਘ ਨੇ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਬਾਰੇ ਕੁਝ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਅਦਾਲਤ ਦਾ ਫੈਸਲਾ ਹੀ ਅੰਤਿਮ ਹੋਏਗਾ।