ਟਕਸਾਲੀਆਂ ਦੀ ਹਮਾਇਤ ਦੇ ਬਾਵਜੂਦ ਬਾਦਲ ਵੱਲੋਂ ਬਰਗਾੜੀ ਮੋਰਚੇ ਦਾ ਵਿਰੋਧ
ਏਬੀਪੀ ਸਾਂਝਾ | 19 Oct 2018 04:23 PM (IST)
ਮਾਨਸਾ: ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਦੇ ਟਕਸਾਲੀ ਲੀਡਰਾਂ ਵੱਲੋਂ ਬਰਗਾੜੀ ਮੋਰਚੇ ਦੇ ਸਮਰਥਨ ਤੋਂ ਬਾਅਦ ਵੀ ਪਾਰਟੀ ਦੀ ਲੀਡਰਸ਼ਿਪ ਦੇ ਸੁਰ ਪਹਿਲਾਂ ਵਾਲੇ ਹੀ ਹਨ। ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇੱਕ ਵਾਰ ਫਿਰ ਬਰਗਾੜੀ ਮੋਰਚੇ ਨੂੰ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਲਈ ਜ਼ਿੰਮੇਵਾਰ ਧਿਰ ਵਜੋਂ ਪੇਸ਼ ਕੀਤਾ ਹੈ। ਇਸ ਤੋਂ ਇਲਾਵਾ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਅਸਤੀਫ਼ੇ ਬਾਰੇ ਕੁਝ ਨਾ ਬੋਲਿਆ। ਸ਼ੁੱਕਰਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਵਿਧਾਨ ਸਭਾ ਹਲਕਾ ਬੁਢਲਾਡਾ ਵਿੱਚ ਇੱਕ ਵਿਆਹ ਸਮਾਗਮ ਵਿੱਚ ਪਹੁੰਚੇ ਸਨ। ਇੱਥੇ ਜਦ ਉਨ੍ਹਾਂ ਨੂੰ ਉੁਨ੍ਹਾਂ ਦੇ ਕਤਲ ਦੀ ਸਾਜਿਸ਼ ਘੜਨ ਵਾਲਿਆਂ ਦੀ ਗ੍ਰਿਫ਼ਤਾਰੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਸੂਈ ਬਰਗਾੜੀ ਮੋਰਚੇ ਅਤੇ ਕਾਂਗਰਸ ਸਰਕਾਰ 'ਤੇ ਧਰ ਲਈ। ਬਾਦਲ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਹਾਲਾਂਕਿ, ਪ੍ਰਕਾਸ਼ ਸਿੰਘ ਬਾਦਲ ਪਹਿਲਾਂ ਕਹਿ ਚੁੱਕੇ ਹਨ ਕਿ ਉਹ ਪੰਜਾਬ ਦੀ ਅਮਨ-ਸ਼ਾਂਤੀ ਲਈ ਆਪਣੀ ਜਾਨ ਦੇਣ ਲਈ ਵੀ ਤਿਆਰ ਹਨ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਗਰਮਖ਼ਿਆਲੀਆਂ ਨੂੰ ਉਤਸ਼ਾਹਤ ਕਰ ਰਹੀ ਹੈ ਅਤੇ ਬਰਗਾੜੀ ਮੋਰਚੇ ਨੂੰ ਵੀ ਹਰ ਕਿਸਮ ਦੀ ਸਰਕਾਰੀ ਸਹਾਇਤਾ ਹਾਸਲ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਬਰਗਾੜੀ ਮੋਰਚੇ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਨ। ਸੇਖਵਾਂ ਨੇ ਸੰਕੇਤ ਦਿੱਤੇ ਸਨ ਕਿ ਉਹ ਆਪਣੇ ਦੋਵੇਂ ਸਾਥੀਆਂ ਨਾਲ ਬਰਗਾੜੀ ਮੋਰਚੇ ਵਿੱਚ ਸ਼ਾਮਲ ਹੋ ਸਕਦੇ ਹਨ।