ਚੰਡੀਗੜ੍ਹ: ਪ੍ਰਦੂਸ਼ਣ ਤੇ ਪਰਾਲੀ ਸਾੜਨ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਇਨਕਾਰ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੇ ਸੁਰ ਵੱਖੋ-ਵੱਖ ਹਨ। ਜਿੱਥੇ ਇੱਕ ਪਾਸੇ ਸਾਬਕਾ ਮੰਤਰੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰਨਾਂ ਲੀਡਰਾਂ ਨੇ ਕੈਪਟਨ ਵੱਲੋਂ ਕੇਜਰੀਵਾਲ ਨੂੰ ਨਾ ਮਿਲਣ ਦਾ ਫੈਸਲਾ ਕਾਬਿਲੇਤਾਰੀਫ ਦੱਸਿਆ, ਉੱਥੇ ਹੀ ਅਕਾਲੀ ਦਲ ਦੇ ਬਾਬਾ ਬੋਹੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਨਿੰਦਾ ਕੀਤੀ ਹੈ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰ ਲੈਣੀ ਚਾਹੀਦੀ ਸੀ, ਕਿਉਂਕਿ ਕਿਸੇ ਮਸਲੇ ਦਾ ਹੱਲ ਮਿਲ-ਬੈਠ ਕੇ ਗੱਲਬਾਤ ਰਾਹੀਂ ਹੀ ਨਿਕਲਦਾ ਹੈ। ਆਲ ਪਾਰਟੀ ਮੀਟਿੰਗ ਦੇ ਅਸਫਲ ਹੋਣ ਦਾ ਠੀਕਰਾ ਕੈਪਟਨ ਦੇ ਸਿਰ ਭੰਨ੍ਹਦਿਆਂ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਬੈਠਕ ਬੁਲਾ ਕੇ ਆਪ ਗ਼ਾਇਬ ਰਹਿੰਦੇ ਹਨ। ਜੇਕਰ ਬੈਠਕ ਵਿੱਚ ਮੁੱਖ ਮੰਤਰੀ ਹੀ ਮੌਜੂਦ ਨਹੀਂ ਤਾਂ ਬਾਕੀ ਪਾਰਟੀਆਂ ਕਿਵੇਂ ਸ਼ਾਮਲ ਹੋਣ।
ਆਮ ਆਦਮੀ ਪਾਰਟੀ ਵੱਲੋਂ ਹੋਰਨਾਂ ਸੂਬਿਆਂ ਨੂੰ ਦਿੱਤੇ ਜਾ ਰਹੇ ਪਾਣੀ ਦੀ ਰਾਇਲਟੀ ਬਾਬਤ ਕੀਤੇ ਜਾ ਰਹੇ ਪ੍ਰਦਰਸ਼ਨ ਬਾਰੇ ਬਾਦਲ ਨੇ ਕਿਹਾ ਕਿ ਸਾਰੇ ਪੁਰਾਣੇ ਮਸਲੇ ਨੇ ਜਿਨ੍ਹਾਂ ਨੂੰ ਬੈਠ ਕੇ ਹੀ ਸੁਲਝਾਇਆ ਜਾ ਸਕਦਾ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਬਾਰੇ ਪੁੱਛੇ ਗਏ ਸਵਾਲ ਨੇ ਸਾਬਕਾ ਮੁੱਖ ਮੰਤਰੀ ਨੇ ਇਹ ਕਹਿ ਕੇ ਟਰਕਾ ਦਿੱਤਾ ਕਿ ਇਹ ਮਾਮਲਾ ਸ਼੍ਰੋਮਣੀ ਕਮੇਟੀ ਦਾ ਤੇ ਮੈਂਬਰਾਂ ਦਾ ਹੈ, ਇਸ ਵਿੱਚ ਮੇਰੀ ਕੋਈ ਦਖ਼ਲਅੰਦਾਜ਼ੀ ਨਹੀਂ ਹੈ।