ਚੰਡੀਗੜ੍ਹ: ਬੇਅਦਬੀ ਅਤੇ ਗੋਲ਼ੀਕਾਂਡਾਂ ਦੀ ਜਾਂਚ ਲਈ ਬਣੀ ਵਿਸ਼ੇਸ਼ ਜਾਂਚ ਟੀਮ ਸ਼ੁੱਕਰਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ ਗਈ ਸੀ, ਪਰ ਉਹ ਉਨ੍ਹਾਂ ਤੋਂ ਪੁੱਛਗਿੱਛ ਕਰਨ ਵਿੱਚ ਸਫ਼ਲ ਨਹੀਂ ਹੋਈ। ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਕਰਨ ਵਾਲੇ ਐਸਆਈਟੀ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਅੱਜ ਉਨ੍ਹਾਂ ਦੇ ਸੈਕਟਰ ਚਾਰ ਸਥਿਤ ਗ੍ਰਹਿ ਵਿਖੇ ਪਹੁੰਚੇ ਸਨ, ਪਰ ਬਾਦਲ ਨੇ ਉਨ੍ਹਾਂ ਨੂੰ ਗੱਲਬਾਤ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ।

ਬਾਦਲ ਨੇ ਐਸਆਈਟੀ ਅਧਿਕਾਰੀ ਨੂੰ ਕਿਹਾ ਕਿ ਉਹ ਸਿਰਫ਼ ਐਸਆਈਟੀ ਮੁਖੀ ਲਈ ਹੀ ਉਡੀਕ ਕਰ ਰਹੇ ਸਨ ਅਤੇ ਉਹ ਐਸਆਈਟੀ ਦੇ ਸਵਾਲਾਂ ਦੇ ਜਵਾਬ ਸਿਰਫ਼ ਇਸ ਦੇ ਮੁਖੀ ਨੂੰ ਹੀ ਦੇਣਗੇ। ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਬਾਦਲ ਨਾਲ ਐਸਆਈਟੀ ਦੇ ਮੁਖੀ ਏਡੀਜੀਪੀ ਪ੍ਰਬੋਧ ਕੁਮਾਰ ਨਾਲ ਗੱਲਬਾਤ ਕਰਵਾਈ ਪਰ ਉਹ ਨਾ ਮੰਨੇ। ਇਸ 'ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਾਦਲ ਨੂੰ ਭਰੋਸਾ ਦਿੱਤਾ ਕਿ ਐਸਆਈਟੀ ਮੁਖੀ ਜਲਦ ਹੀ ਪਹੁੰਚ ਜਾਣਗੇ ਅਤੇ ਬਾਅਦ ਪ੍ਰਕਾਸ਼ ਸਿੰਘ ਬਾਦਲ ਆਪਣੀ ਰਿਹਾਇਸ਼ ਵਿੱਚ ਵਾਪਸ ਚਲੇ ਗਏ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਨੇ ਬਾਦਲਾਂ ਅਤੇ ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਨੂੰ ਸੰਮਨ ਜਾਰੀ ਕਰਨ ਵਾਲੇ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਮੁੱਖ ਮੰਤਰੀ ਨੂੰ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ ਐਸਆਈਟੀ ਤੋਂ ਹਟਾਉਣ ਦੀ ਮੰਗ ਵੀ ਕੀਤੀ ਸੀ। ਪਰ ਅੱਜ ਬਾਦਲ ਨੇ ਸੰਮਨ ਜਾਰੀ ਕਰਤਾ ਅਧਿਕਾਰੀ ਨੂੰ ਇਹ ਕਹਿ ਕੇ ਮੋੜ ਦਿੱਤਾ ਕਿ ਉਹ ਸਿਰਫ਼ ਐਸਆਈਟੀ ਮੁਖੀ ਨਾਲ ਹੀ ਗੱਲਬਾਤ ਕਰਨਗੇ।