Parkash Singh Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਾਦਲ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤ ਸੁਖਬੀਰ ਸਿੰਘ ਬਾਦਲ ਤੇ ਹੋਰ ਮੈਂਬਰਾਂ ਨੇ ਦਿਖਾਈ। ਪੰਜਾਬ ਪੁਲਿਸ ਦੇ ਜਵਾਨਾਂ ਨੇ ਹਥਿਆਰ ਪੁੱਠੇ ਕਰਕੇ ਬਾਦਲ ਨੂੰ ਸਲਾਮੀ ਦਿੱਤੀ। ਇਸ ਮੌਕੇ ਜਿਥੇ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ, ਉਥੇ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਸਨ। 


ਸਸਕਾਰ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਨੈਸ਼ਨਲ ਕਾਨਫਰੰਸ ਨੇਤਾ ਉਮਰ ਅਬਦੁੱਲਾ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਹੋਰ ਹਸਤੀਆਂ ਹਾਜ਼ਰ ਸਨ।


ਅੰਤਿਮ ਯਾਤਰਾ ਮੌਕੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਮੌਕੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਪਿੰਡ ਬਾਦਲ 'ਚ ਉਨ੍ਹਾਂ ਦੇ ਜੱਦੀ ਖੇਤਾਂ ਵਿੱਚ ਕੀਤਾ ਗਿਆ ਹੈ। ਇਸ ਸਮੇਂ ਬਾਦਲ ਪਰਿਵਾਰ ਕਾਫੀ ਭਾਵੁਕ ਨਜ਼ਰ ਆਇਆ। ਉਨ੍ਹਾਂ ਦੇ ਬੇਟੇ ਸੁਖਬੀਰ ਸਿੰਘ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ ਅਤੇ ਪੋਤੇ-ਪੋਤੀਆਂ ਬੇਹੱਦ ਭਾਵੁਕ ਦਿਖਾਈ ਦਿੱਤੇ।


ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ 'ਚ ਉਨ੍ਹਾਂ ਦੇ ਆਪਣੇ ਕਿੰਨੂ ਦੇ ਬਾਗ ਵਿੱਚ ਕੀਤਾ ਗਿਆ। ਉਨ੍ਹਾਂ ਦੇ ਅੰਤਿਮ ਸੰਸਕਾਰ ਲਈ ਕਿੰਨੂ ਦੇ ਬਾਗ ਵਾਲੀ ਜਗ੍ਹਾ ਨੂੰ ਪੱਧਰਾ ਕਰਕੇ ਲਗਭਗ 50 ਫੁੱਟ ਲੰਬਾ ਅਤੇ 30 ਫੁੱਟ ਚੌੜਾ ਮਕਬਰਾ ਤਿਆਰ ਕੀਤਾ ਗਿਆ ਸੀ। ਇਸ ਜਗ੍ਹਾ 'ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਯਾਦਗਾਰ ਬਣਾਈ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।