ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਰੈਲੀ ਨੂੰ ਹਾਈਕੋਰਟ ਦੀ 'ਹਾਂ' ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਸਮੇਤ ਪੂਰਾ ਅਕਾਲੀ ਦਲ ਬਾਗ਼ੋ-ਬਾਗ਼ ਹੈ। ਬਾਦਲ ਨੇ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਦੇ ਫੈਸਲੇ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਕਾਂਗਰਸ ਨੇ ਰੈਲੀ ਰੋਕ ਕੇ ਜਮਹੂਰੀਅਤ 'ਤੇ ਘਾਤਕ ਹਮਲਾ ਕੀਤਾ ਸੀ ਤੇ ਹਾਈ ਕੋਰਟ ਨੇ ਪੰਜਾਬ ਵਿੱਚ ਅਮਨ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਅਕਾਲੀ-ਭਾਜਪਾ ਦੇ ਹੱਥ ਮਜ਼ਬੂਤ ਕੀਤੇ ਹਨ।

ਬਾਦਲ ਨੇ ਐਲਾਨ ਕੀਤਾ ਕਿ ਇਹ ਰੈਲੀ ਨਿਰਧਾਰਿਤ ਸਮੇਂ ਅਨੁਸਾਰ ਭਲਕੇ ਉਸੇ ਥਾਂ 'ਤੇ ਕੀਤੀ ਜਾਵੇਗੀ। ਸਾਬਕਾ ਮੁੱਖ ਮੰਤਰੀ ਨੇ ਕਾਂਗਰਸ ਨੂੰ ਸਿੱਖ-ਵਿਰੋਧੀ ਪਾਰਟੀ ਕਰਾਰ ਦਿੰਦਿਆਂ ਕਿਹਾ ਕਿ ਅਸੀਂ ਸਿੱਖੀ ਦਾ ਮੁਖੌਟਾ ਪਹਿਨੇ ਕਾਂਗਰਸੀ ਏਜੰਟਾਂ ਦਾ ਪਰਦਾਫਾਸ਼ ਕਰਾਂਗੇ, ਜਿਹੜੇ ਪੰਥ ਨੂੰ ਤੋੜਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਕੁਝ ਧਾਰਮਿਕ ਜਥੇਬੰਦੀਆਂ ਨੂੰ ਆਪਣੇ ਪਿੱਠੂਆਂ ਵਜੋਂ ਇਸਤੇਮਾਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਕਿ ਲੋਕਾਂ ਦਾ ਧਿਆਨ ਸਰਕਾਰ ਦੀਆਂ ਨਾਕਾਮੀਆਂ ਤੋਂ ਹਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਵਿੱਚ ਫਿਰਕੂ ਅੱਗ ਦੀ ਧੂਣੀ ਬਾਲ ਕੇ ਰੱਖਣਾ ਚਾਹੁੰਦੀ ਹੈ ਤਾਂ ਕਿ ਲੋਕ ਇਸ ਕੋਲੋਂ ਉਨ੍ਹਾਂ ਚੋਣ ਵਾਅਦਿਆਂ ਬਾਰੇ ਨਾ ਪੁੱਛਣ ਜਿਹੜੇ ਸਰਕਾਰ ਤੋੜ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਬੇਅਦਬੀ ਰਿਪੋਰਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਅਕਸ ਨੂੰ ਸੁਧਾਰਨ ਲਈ ਪਾਰਟੀ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਮੈਦਾਨ ਵਿੱਚ ਨਿੱਤਰ ਆਏ ਹਨ। ਅਬੋਹਰ ਦੀ ਰੈਲੀ ਤੋਂ ਬਾਅਦ ਬੀਤੇ ਕੱਲ੍ਹ ਵੀ ਪਰਕਾਸ਼ ਸਿੰਘ ਬਾਦਲ ਨੇ ਪ੍ਰੈਸ ਕਾਨਫ਼ਰੰਸ ਕਰ ਕੇ ਕਾਂਗਰਸ ਸਰਕਾਰ 'ਤੇ ਵੱਡੇ ਸ਼ਬਦੀ ਹਮਲੇ ਕੀਤੇ ਤੇ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਆਪਣੀ ਜਾਨ ਤਕ ਦੇਣ ਦੀ ਗੱਲ ਕਹੀ।