ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਸ਼ਬਦੀ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੀ ਧਮਕੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ।
ਪੂਰੀ ਤਰ੍ਹਾਂ ਨਾਲ ਝੂਠੇ ਨਿਕਲੇ ਸਰਕਾਰ ਦੇ ਦਾਅਵੇੇ
ਪ੍ਰਤਾਪ ਬਾਜਵਾ ਨੇ ਕਿਹਾ, "ਇਹ ਅਜੀਬ ਤੇ ਨਿਰਾਸ਼ਾਜਨਕ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਗੈਂਗਸਟਰਾਂ ਵੱਲੋਂ ਭੇਜਿਆ ਇੱਕ ਧਮਕੀ ਭਰਿਆ ਈ-ਮੇਲ ਮਿਲਿਆ ਹੈ ਜਿਸ ਵਿੱਚ ਉਨ੍ਹਾਂ ਨੂੰ ਆਪਣੇ ਪੁੱਤਰ ਲਈ ਇਨਸਾਫ਼ ਮੰਗਣ 'ਤੇ ਗੰਭੀਰ ਸਿੱਟੇ ਭੁਗਤਣ ਦੀ ਧਮਕੀ ਦਿੱਤੀ ਗਈ ਹੈ।" ਬਾਜਵਾ ਨੇ ਕਿਹਾ, "ਮੂਸੇਵਾਲ ਨਾਂ ਸਿਰਫ਼ ਮਾਨਸਾ ਤੋਂ ਚੋਣਾਂ ਲੜਣ ਵਾਲਾ ਕਾਂਗਰਸੀ ਸੀ ਸਗੋਂ ਕੌਮਾਂਤਰੀ ਪੱਧਰ ਦਾ ਕਲਾਕਾਰ ਵੀ ਸੀ। ਅਜਿਹਾ ਲਗਦਾ ਹੈ ਜਿਵੇਂ ਮੁੱਖ ਮੰਤਰੀ ਤੇ ਪੰਜਾਬ ਪੁਲਿਸ ਦੇ ਗੈਂਗਸਟਰਾਂ ਨੂੰ ਖ਼ਤਮ ਕਰਨ ਦੇ ਦਾਅਵੇ ਖੋਖਲੇ ਸੀ।"
ਮੂਸੇਵਾਲਾ ਦੇ ਪਰਿਵਾਰ ਤੋਂ ਫਿਰੌਤੀ ਮੰਗ ਰਹੇ ਨੇ ਗੈਂਗਸਟਰ
ਬਾਜਵਾ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ ਤਿੰਨ ਮਹੀਨੇ ਤੋਂ ਜ਼ਿਆਦਾ ਸਮਾ ਹੋ ਗਿਆ ਹੈ ਪਰ ਅਜੇ ਵੀ ਪਰਿਵਾਰ ਨੂੰ ਦੇਸ਼ ਤੇ ਵਿਦੇਸ਼ ਤੋਂ ਫਿਰੌਤੀ ਲਈ ਲਗਾਤਾਰ ਫੋਨ ਆ ਰਹੇ ਹਨ।
ਗੁਰਪ੍ਰੀਤ ਕੌਰ ਨੂੰ ਲੈ ਕੇ ਆਪ 'ਤੇ ਨਿਸ਼ਾਨੇ
ਪ੍ਰਤਾਪ ਬਾਜਵਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਘਰਵਾਲੀ ਗੁਰਪ੍ਰੀਤ ਕੌਰ ਗਰੇਵਾਲ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ ਖੜਕਾਇਆ ਸੀ ਜਿਸ ਵਿੱਚ ਉਸ ਨੇ ਆਪਣੇ ਪਤੀ ਨੇ ਸ਼ਰੀਰਿਕ ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਸੀ। ਜਿਸ ਤੋਂ ਬਾਅਦ ਅਦਾਲਤ ਨੇ ਪੰਜਾਬ ਪੁਲਿਸ ਨੂੰ ਗੁਰਪ੍ਰੀਤ ਕੌਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਸੀ। ਇਸ ਦੇ ਨਾਲ ਹੀ ਆਦੇਸ਼ ਦਿੱਤੇ ਸੀ ਕਿ ਉਨ੍ਹਾਂ ਨੂੰ ਕੋਈ ਸ਼ਰੀਰਿਕ ਨੁਕਸਾਨ ਨਾ ਹੋਵੇ। ਅਦਾਲਤ ਨੇ ਪੰਜਾਬ ਸਰਕਾਰ ਤੇ ਵਿਧਾਇਕ ਪਠਾਨਮਾਜਰਾ ਨੂੰ ਇਸ ਸਬੰਧ ਵਿੱਚ 21 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਹਾਲਾਂਕਿ ਗੁਰਪ੍ਰੀਤ ਕੌਰ ਨੇ ਪਹਿਲਾਂ ਜ਼ੀਰਕਪੁਰ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਪਰ ਪੁਲਿਸ ਦੀ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਅਦਾਲਤ ਦਾ ਦਰਵਾਜ਼ਾ ਖੜਕਾਉਣ ਪਿਆ। ਬਾਜਵਾ ਨੇ ਕਿਹਾ ਕਿ ਇਸ ਮਾਮਲੇ 'ਤੇ ਭਗਵੰਤ ਮਾਨ ਤੇ ਕੇਜਰੀਵਾਲ ਦੀ ਚੁੱਪੀ ਤੇ ਉਹ ਹੈਰਾਨ ਹਨ।