Partap Singh Bajwa on Bhagwant Mann : ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਹੜ੍ਹ-ਪ੍ਰਭਾਵਿਤ ਘੋਸ਼ਿਤ ਕਰਨ ਵਿੱਚ ਢਿੱਲ ਵਰਤਣ ਕਰ ਕੇ ਸਖ਼ਤ ਨਿਖੇਧੀ ਕੀਤੀ, ਇਸ ਤੱਥ ਦੇ ਬਾਵਜੂਦ ਕਿ ਹੜ੍ਹਾਂ ਕਰ ਕੇ ਸੂਬੇ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।


 ਬਾਜਵਾ ਨੇ ਕਿਹਾ ਕਿ "ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਅਜਿਹੇ ਉਦਾਸੀਨ ਰਵੱਈਏ ਕਾਰਨ, ਪੰਜਾਬ ਵਿੱਤੀ ਸਹਾਇਤਾ ਲਈ ਕੇਸ ਨੂੰ ਅੱਗੇ ਵਧਾਉਣ ਵਿੱਚ ਅਸਮਰਥ ਰਿਹਾ ਹੈ। ਫ਼ੰਡਾਂ ਦੀ ਘਾਟ ਵਾਲਾ ਸੂਬਾ - ਪੰਜਾਬ ਪਹਿਲਾਂ ਹੀ ਆਪਣੇ ਰੁਟੀਨ ਦੇ ਕੰਮਾਂ ਨੂੰ ਪੂਰਾ ਕਰਨ ਲਈ ਸਖ਼ਤ ਸੰਘਰਸ਼ ਕਰ ਰਿਹਾ ਹੈ। 


ਵਿਗੜੀ ਵਿੱਤੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਲੋੜ ਹੈ। ਚਿੱਕੜ ਵਿੱਚ ਫ਼ੋਟੋਆਂ ਖਿਚਾਉਣ ਦੀ ਬਜਾਏ, ਮੁੱਖ ਮੰਤਰੀ ਨੂੰ ਮੁਲਾਂਕਣ ਦੇ ਕੰਮ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਪੀੜਤਾਂ ਲਈ ਰਾਹਤ ਪੈਕੇਜ ਦਾ ਐਲਾਨ ਕੀਤਾ ਜਾ ਸਕੇ, ਜੋ ਮਦਦ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ"


ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਨੇ ਪਹਿਲਾਂ ਹੀ ਪੰਜਾਬ ਦੇ ਰਾਜਪਾਲ ਕੋਲ ਇਹ ਮਾਮਲਾ ਉਠਾਇਆ ਸੀ ਅਤੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਹੜ੍ਹ ਨਾਲ ਹਿੱਲ ਜਾਣ ਤੋਂ ਬਾਅਦ ਕੇਂਦਰ ਸਰਕਾਰ ਤੋਂ 10000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਮੰਗ ਕੀਤੀ ਸੀ।



ਇੱਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਗੁਆਂਢੀ ਰਾਜ ਹਰਿਆਣਾ ਨੇ ਪਹਿਲਾਂ ਹੀ 12 ਜ਼ਿਲ੍ਹਿਆਂ ਨੂੰ ਹੜ੍ਹ ਪ੍ਰਭਾਵਿਤ ਘੋਸ਼ਿਤ ਕਰ ਦਿੱਤਾ ਹੈ ਅਤੇ ਪੂਰੀ ਤਰਾਂ ਹੜ੍ਹ ਨਾਲ ਨੁਕਸਾਨੀਆਂ ਫ਼ਸਲਾਂ ਲਈ ਪ੍ਰਤੀ ਏਕੜ 15,000 ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ।  ਪੰਜਾਬ ਦੇ ਹੜ੍ਹ ਪ੍ਰਭਾਵਿਤ 19 ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫ਼ਸਲ ਪੂਰੀ ਤਰਾਂ ਤਬਾਹ ਹੋ ਚੁੱਕੀ ਹੈ ਤੇ 'ਆਪ' ਸਰਕਾਰ ਨੇ ਹਾਲੇ ਤੱਕ ਉਨ੍ਹਾਂ ਲਈ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ।


"ਜਲੰਧਰ ਦੇ ਪਿੰਡਾਂ ਵਿੱਚ ਸ਼ਨੀਵਾਰ ਰਾਤ ਨੂੰ ਫਿਰ ਪਾਣੀ ਦਾ ਪੱਧਰ ਵਧਣ ਤੋਂ ਬਾਅਦ, ਕਈ ਪਿੰਡਾਂ ਦੇ ਵਸਨੀਕ ਧੁੱਸੀ ਬੰਦ ਦੇ ਨੇੜੇ ਪਨਾਹ ਲੈਣ ਲਈ ਮਜਬੂਰ ਹੋ ਗਏ। 'ਆਪ' ਸਰਕਾਰ ਉਨ੍ਹਾਂ ਨੂੰ ਅਜਿਹੇ ਮੁਸ਼ਕਲ ਸਮੇਂ ਵਿੱਚ ਰਾਤਾਂ ਬਿਤਾਉਣ ਲਈ ਇੱਕ ਸੁਰੱਖਿਅਤ ਜਗ੍ਹਾ ਪ੍ਰਦਾਨ ਕਰਨ ਲਈ ਫਿਰ ਤੋਂ ਅਸਫਲ ਰਹੀ ਹੈ", ਬਾਜਵਾ ਨੇ ਕਿਹਾ।