ਚੰਡੀਗੜ੍ਹ: ਕੀ 20 ਡਾਲਰ ਫ਼ੀਸ ਕਰਕੇ ਸਿੱਖ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਟਾਲਾ ਵੱਟ ਰਹੇ ਹਨ। ਇਹ ਸਵਾਲ ਉਸ ਵੇਲੇ ਉੱਠਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗਰੀਬ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਫ਼ੀਸ ਆਪਣੇ ਖ਼ਜ਼ਾਨੇ ਵਿੱਚੋਂ ਭਰਨ ਲਈ ਆਖਿਆ ਹੈ। ਕੈਪਟਨ ਨੇ ਇਹ ਮੁੱਦਾ ਕਰਤਾਰਪੁਰ ਲਾਂਘੇ ਰਾਹੀਂ ਘੱਟ ਸ਼ਰਧਾਲੂ ਜਾਣ ਦੀਆਂ ਮੀਡੀਆ ਰਿਪੋਰਟਾਂ ਤੋਂ ਬਾਅਦ ਉਠਾਇਆ ਹੈ।
ਇਸ ਮਾਮਲੇ ਦੀ ਪੜਤਾਲ ਕਰਨ 'ਤੇ ਪਤਾ ਲੱਗਾ ਕਿ ਗੁੰਝਲਦਾਰ ਪ੍ਰਕ੍ਰਿਆ ਤੇ ਪਾਸਪੋਰਟ ਦੀ ਸ਼ਰਤ ਕਰਕੇ ਸ਼ਰਧਾਲੂ ਕਰਤਾਰਪੁਰ ਸਾਹਿਬ ਨਹੀਂ ਜਾ ਰਹੇ। ਦਿਲਚਸਪ ਹੈ ਕਿ ਕੈਪਟਨ ਨੇ ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ ਫੀਸ ਸ਼੍ਰੋਮਣੀ ਕਮੇਟੀ ਨੂੰ ਭਰਨ ਲਈ ਕਿਹਾ ਹੈ। ਪੜਤਾਲ ਦੌਰਾਨ ਪਾਇਆ ਗਿਆ ਹੈ ਕਿ ਬਹੁਤੇ ਪੀਲੇ ਕਾਰਡ ਧਾਰਕਾਂ ਕੋਲ ਤਾਂ ਪਾਸਪੋਰਟ ਹੀ ਨਹੀਂ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਜਾਣ ਦੀ ਤਾਂਘ ਰੱਖਣ ਨੌਜਵਾਨ ਵੀ ਪਾਕਿਸਤਾਨ ਜਾਣ ਤੋਂ ਕੰਨੀ ਕਤਰਾ ਰਹੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਪਾਕਿਸਤਾਨ ਦੌਰੇ ਮਗਰੋਂ ਉਨ੍ਹਾਂ ਨੂੰ ਕਿਸੇ ਹੋਰ ਦੇਸ਼ ਜਾਣ ਵਿੱਚ ਦਿੱਕਤ ਆ ਸਕਦੀ ਹੈ।
ਯਾਦ ਰਹੇ ਭਾਰਤ-ਪਾਕਿ ਸਮਝੌਤੇ ਤਹਿਤ ਰੋਜ਼ਾਨਾ 5000 ਯਾਤਰੀ ਕਰਤਾਰਪੁਰ ਲਾਂਘੇ ਰਾਹੀਂ ਜਾ ਸਕਦੇ ਹਨ। ਇਸ ਦੇ ਉਲਟ ਰੋਜ਼ਾਨਾ ਸੈਂਕੜਿਆਂ ਦੇ ਹਿਸਾਬ ਨਾਲ ਹੀ ਸ਼ਰਧਾਲੂ ਜਾ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ 9 ਨਵੰਬਰ ਨੂੰ ਉਦਘਾਟਨ ਵਾਲੇ ਦਿਨ 897 ਸ਼ਰਧਾਲੂਆਂ ਨੇ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾ ਕੇ ਗੁਰਦੁਆਰੇ ਦੇ ਦਰਸ਼ਨ ਕੀਤੇ। 10 ਨਵੰਬਰ ਨੂੰ 229, 11 ਨਵੰਬਰ ਨੂੰ 122 ਤੇ 12 ਨਵੰਬਰ ਨੂੰ 546 ਸ਼ਰਧਾਲੂਆਂ ਨੇ ਲਾਂਘੇ ਦੀ ਵਰਤੋਂ ਕੀਤੀ ਹੈ।
ਸ਼ਰਧਾਲੂਆਂ ਨਾਲ ਕੀਤੀ ਗੱਲਬਾਤ ਰਾਹੀਂ ਪਤਾ ਲੱਗਾ ਕਿ ਸਭ ਤੋਂ ਵੱਡੀ ਸਮੱਸਿਆ ਪਾਰਪੋਰਟ ਹੈ। ਇਸ ਲਈ ਕੈਪਟਨ ਨੇ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਦੀ ਬਜਾਏ ਸ਼ਨਾਖ਼ਤ ਦੇ ਸਬੂਤ ਵਜੋਂ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ ਦਸਤਾਵੇਜ਼ਾਂ ਨੂੰ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਦਲਵੇਂ ਦਸਤਾਵੇਜ਼ਾਂ ਦੀ ਵਿਧੀ ਨੂੰ ਅਪਣਾਇਆ ਜਾ ਸਕਦਾ ਹੈ ਕਿਉਂਕਿ ਕਿਸੇ ਵੀ ਤਰ੍ਹਾਂ ਪਾਸਪੋਰਟ ’ਤੇ ਵੀਜ਼ੇ ਦੀ ਮੋਹਰ ਦੀ ਲੋੜ ਨਹੀਂ।
ਮੁੱਖ ਮੰਤਰੀ ਨੇ ਕਿਹਾ ਕਿ ਲਾਂਘਾ ਪਾਰ ਕਰਕੇ ਇਤਿਹਾਸਕ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਘੱਟ ਗਿਣਤੀ ਦਾ ਮਤਲਬ ਇਹ ਨਹੀਂ ਕਿ ਲੋਕਾਂ ਵਿੱਚ ਦਿਲਚਸਪੀ ਨਹੀਂ ਹੈ ਸਗੋਂ ਪਾਸਪੋਰਟ ਤੇ 20 ਡਾਲਰ ਦੀ ਫ਼ੀਸ ਇਸ ਦਾ ਮੁੱਖ ਕਾਰਨ ਬਣੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਵਿੱਚ ਹਨ ਪਰ ਇਨ੍ਹਾਂ ਰੁਕਾਵਟਾਂ ਕਾਰਨ ਉਨ੍ਹਾਂ ਨੂੰ ਵਾਪਸ ਮੁੜਨਾ ਪੈਂਦਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਬਾਰੇ ਕੀਤੇ ਐਮਓਯੂ ਵਿੱਚ ਸੋਧ ਕਰ ਕੇ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸ਼ਰਧਾਲੂਆਂ ਦੀ ਦਰਸ਼ਨਾਂ ਦੀ ਤਾਂਘ ਪੂਰੀ ਨਾ ਹੋ ਸਕੀ ਤਾਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦੇ ਸਾਂਝੇ ਯਤਨਾਂ ਨਾਲ ਹਕੀਕਤ ਵਿੱਚ ਆਏ ਇਸ ਵਿਲੱਖਣ ਉਪਰਾਲੇ ਦਾ ਮੰਤਵ ਧੁੰਦਲਾ ਹੋ ਜਾਵੇਗਾ।
ਕਰਤਾਰਪੁਰ ਲਾਂਘੇ 'ਚ ਪਾਸਪੋਰਟ ਜਾਂ 20 ਡਾਲਰ ਅੜਿੱਕਾ?
ਏਬੀਪੀ ਸਾਂਝਾ
Updated at:
14 Nov 2019 03:52 PM (IST)
ਕੀ 20 ਡਾਲਰ ਫ਼ੀਸ ਕਰਕੇ ਸਿੱਖ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਟਾਲਾ ਵੱਟ ਰਹੇ ਹਨ। ਇਹ ਸਵਾਲ ਉਸ ਵੇਲੇ ਉੱਠਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗਰੀਬ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਫ਼ੀਸ ਆਪਣੇ ਖ਼ਜ਼ਾਨੇ ਵਿੱਚੋਂ ਭਰਨ ਲਈ ਆਖਿਆ ਹੈ। ਕੈਪਟਨ ਨੇ ਇਹ ਮੁੱਦਾ ਕਰਤਾਰਪੁਰ ਲਾਂਘੇ ਰਾਹੀਂ ਘੱਟ ਸ਼ਰਧਾਲੂ ਜਾਣ ਦੀਆਂ ਮੀਡੀਆ ਰਿਪੋਰਟਾਂ ਤੋਂ ਬਾਅਦ ਉਠਾਇਆ ਹੈ।
- - - - - - - - - Advertisement - - - - - - - - -