Patiala News: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੇ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ (18 farmer organizations) ਵੱਲੋਂ ਦਿੱਲੀ (Delhi) ਵੱਲ ਕੂਚ ਕੀਤਾ ਜਾਏਗਾ। ਇਸ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਲਈ 2 ਜਨਵਰੀ ਨੂੰ ਜੰਡਿਆਲਾ ਗੁਰੂ ਤੇ 6 ਜਨਵਰੀ ਨੂੰ ਬਰਨਾਲਾ ਵਿੱਚ ਕਿਸਾਨ ਮਹਾਪੰਚਾਇਤਾਂ ਕੀਤੀਆਂ ਜਾ ਰਹੀਆਂ। ਇਸ ਦੇ ਨਾਲ ਅੱਜ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਹੋ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਤੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਦੋਵੇਂ ਫੋਰਮਾਂ ਵੱਲੋਂ ਫਰਵਰੀ ਮਹੀਨੇ ਵਿੱਚ ਦਿੱਲੀ ਵੱਲ ਕੂਚ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਕੂਚ ਕਰਨ ਦੀ ਤਰੀਕ ਦਾ ਐਲਾਨ 2 ਜਨਵਰੀ ਨੂੰ ਜੰਡਿਆਲਾ ਗੁਰੂ ਤੇ 6 ਜਨਵਰੀ ਨੂੰ ਬਰਨਾਲਾ ਵਿੱਚ ਹੋਣ ਵਾਲੀਆਂ ਕਿਸਾਨ ਮਹਾਪੰਚਾਇਤਾਂ ਦੌਰਾਨ ਕੀਤੀ ਜਾਵੇਗੀ। ਇਸ ਸਬੰਧੀ ਚੰਡੀਗੜ੍ਹ ਵਿੱਚ ਵੀ ਅੱਜ ਦੋਵੇਂ ਫੋਰਮਾਂ ਦੇ ਆਗੂਆਂ ਦੀ ਮੀਟਿੰਗ ਹੋਵੇਗੀ।
ਕਿਸਾਨ ਆਗੂ ਡੱਲੇਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਮੁਅੱਤਲ ਕਰਨ ਵੇਲੇ ਲਿਖਤੀ ਵਾਅਦਾ ਕੀਤਾ ਸੀ ਕਿ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇਗਾ, ਅੰਦੋਲਨ ਦੌਰਾਨ ਕਿਸਾਨਾਂ ’ਤੇ ਪਾਏ ਕੇਸ ਰੱਦ ਕੀਤੇ ਜਾਣਗੇ, ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੂਰਾ ਇਨਸਾਫ ਦਿਵਾਇਆ ਜਾਵੇਗਾ ਤੇ ਬਿਜਲੀ ਸੋਧ ਬਿੱਲ ਖ਼ਪਤਕਾਰਾਂ ਨਾਲ ਚਰਚਾ ਕਰੇ ਬਿਨਾਂ ਨਹੀਂ ਲਿਆਂਦਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਨੇ ਇਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਬੇਰੁਖੀ ਵਾਲੇ ਰਵੱਈਏ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸੰਯੁਕਤ ਕਿਸਾਨ ਮੋਰਚਾ (ਗੈਰ- ਰਾਜਨੀਤਿਕ) ਤੇ ਉੱਤਰ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਤੇ ਇਸ ਕਾਰਜ ਨੂੰ ਪੂਰਾ ਕਰਨ ਲਈ ਦੱਖਣ ਭਾਰਤ ਦੀਆਂ 32 ਗੈਰ-ਰਾਜਨੀਤਕ ਕਿਸਾਨ ਜਥੇਬੰਦੀਆਂ ਵੀ ਇਸ ਵਿੱਚ ਹਿੱਸਾ ਲੈ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।