Patiala News: ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਪੀਏ ’ਤੇ ਪੁਲਿਸ ਹਿਰਾਸਤ ’ਚ ਅਣਮਨੁੱਖੀ ਤਸ਼ੱਦਦ ਦੇ ਦੋਸ਼ ਲਾਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਬਦਲੇ ਵਾਲੀ ਕਾਰਵਾਈ ਨਾ ਰੋਕੀ ਤਾਂ 11 ਜਨਵਰੀ ਨੂੰ ਪੰਜਾਬ ਆ ਰਹੀ ‘ਭਾਰਤ ਜੋੜੋ ਯਾਤਰਾ’ ਦਾ ਮੂੰਹ ਵਿਜੀਲੈਂਸ ਵੱਲ ਵੀ ਕੀਤਾ ਜਾ ਸਕਦਾ ਹੈ।
ਬਿੱਟੂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ’ਤੇ ਲਾਏ ਜਾ ਰਹੇ ਦੋਸ਼ਾਂ ਨੂੰ ਵੀ ਬੇਬੁਨਿਆਦ ਆਖਿਆ। ਉਨ੍ਹਾਂ ਆਖਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁੱਖ ਮੰਤਰੀ ਵੱਲੋਂ ਆਮ ਲੋਕਾਂ ਨੂੰ ਚਾਹ ਪਿਲਾਉਣ ਤੇ ਖਾਣਾ ਖਵਾਉਣ ’ਤੇ ਖਰਚ ਕਰਨ ਦੀ ਕਾਰਵਾਈ ‘ਆਪ’ ਸਰਕਾਰ ਤੋਂ ਬਰਦਾਸ਼ਤ ਨਹੀਂ ਹੋ ਰਹੀ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦਾ ਕੰਟਰੋਲ ਤਾਂ ਦਿੱਲੀ ਕੋਲ ਹੈ। ਉਨ੍ਹਾਂ ‘ਆਪ’ ਦੀ ਲੀਡਰਸ਼ਿਪ ’ਤੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਲਈ ਪੰਜਾਬ ਵਿੱਚੋਂ ਧੰਨ ਇਕੱਠਾ ਕਰਨ ਦੇ ਇਲਜ਼ਾਮ ਵੀ ਲਾਏ। ਇਸੇ ਦੌਰਾਨ ਬਿੱਟੂ ਨੇ ਨੋਟਬੰਦੀ ਨੂੰ ਕੇਂਦਰੀ ਹਕੂਮਤ ਦਾ ਮੰਦਭਾਗਾ ਫੈਸਲਾ ਕਰਾਰ ਦਿੱਤਾ।
ਦੱਸ ਦਈਏ ਕਿ ਕਾਂਗਰਸੀ ਰਵਨੀਤ ਬਿੱਟੂ ਨੇ ਮੰਗਲਵਾਰ ਨੂੰ ਪਟਿਆਲਾ ਜੇਲ੍ਹ ’ਚ ਬੰਦ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕੀਤੀ। ਦਿਲਚਸਪ ਹੈ ਕਿ ਇਸ ਦੌਰਾਨ ਉਹ ਨਵਜੋਤ ਸਿੱਧੂ ਨੂੰ ਨਹੀਂ ਮਿਲੇ ਜੋ ਇਸੇ ਜੇਲ੍ਹ ਵਿੱਚ ਬੰਦ ਹਨ।
ਅਹਿਮ ਗੱਲ ਹੈ ਕਿ ਇਸ ਤੋਂ ਪਹਿਲਾਂ ਆਸ਼ੂ ਨਾਲ ਕੀਤੀ ਮੁਲਾਕਾਤ ਵੇਲੇ ਵੀ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਤੋਂ ਦੂਰੀ ਬਣਾ ਕੇ ਰੱਖੀ ਸੀ। ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਭਾਰਤ ਭੂਸ਼ਣ ਆਸ਼ੂ ਪੰਜ ਮਹੀਨਿਆਂ ਤੋਂ ਪਟਿਆਲਾ ਜੇਲ੍ਹ ’ਚ ਬੰਦ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।