ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਚ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ ਰੁਜ਼ਗਾਰ ਸਬੰਧੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਅਧਿਆਪਕਾਂ ਤੇ ਲਾਠੀਚਾਰਜ ਕੀਤਾ ਗਿਆ।
ਦਰਅਸਲ ਬੇਰੁਜ਼ਗਾਰ ਅਧਿਆਪਕ ਬਾਰਾਂਦਰੀ ਪਾਰਕ ਵਿਖੇ ਇਕੱਠੇ ਹੋ ਕੇ ਰੋਸ ਮਾਰਚ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਜਦੋਂ ਵਾਈ.ਪੀ.ਐਸ ਚੌਕ ਕੋਲ ਪਹੁੰਚੇ ਤਾਂ ਉਥੇ ਭਾਰੀ ਪੁਲਿਸ ਫੋਰਸ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰਸਤੇ ਵਿੱਚ ਰੋਕਿਆ ਗਿਆ। ਭਾਰੀ ਬਹਿਸ ਕਰਨ ਦੌਰਾਨ ਬੇਰੁਜ਼ਗਾਰ ਅਧਿਆਪਕ ਪਹਿਲਾਂ ਦੋ ਵਾਰ ਧੱਕਾ ਮੁੱਕੀ ਹੋਏ।
ਪ੍ਰਸ਼ਾਸਨ ਵੱਲੋਂ ਜਦੋਂ ਸਮਾਂ ਮੰਗਿਆ ਗਿਆ ਸਮਾਂ ਖ਼ਤਮ ਹੋਣ ਤੋਂ ਬਾਅਦ ਬੇਰੁਜ਼ਗਾਰ ਅਧਿਆਪਕ ਜਦੋਂ ਤੀਜੀ ਵਾਰ ਅੱਗੇ ਵਧੇ ਤਾਂ ਪੁਲਿਸ ਬਲ ਵੱਲੋਂ ਭਾਰੀ ਮਾਤਰਾ ਵਿੱਚ ਲਾਠੀਚਾਰਜ ਕਰਕੇ ਬੇਰੁਜ਼ਗਾਰ ਨੌਜੁਆਨ ਮੁੰਡੇ-ਕੁੜੀਆਂ 'ਤੇ ਤਸ਼ੱਦਦ ਢਾਹਿਆ ਗਿਆ।
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਈਟੀਟੀ ਅਧਿਆਪਕਾਂ ਦੀਆਂ ਪੋਸਟਾਂ ਤੇ ਬੀਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ.ਟੀ.ਟੀ. ਦੀ ਹੋਂਦ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਜਦੋਂ ਕਿ ਈ.ਟੀ.ਟੀ. ਸਿਰਫ਼ ਪ੍ਰਾਇਮਰੀ ਅਧਿਆਪਕਾਂ ਲਈ ਤੇ ਬੀਐੱਡ ਅਪਰ ਪ੍ਰਾਇਮਰੀ ਅਧਿਆਪਕਾਂ ਲਈ ਕੋਰਸ ਕਰਵਾਇਆ ਜਾਂਦਾ ਹੈ।
ਦੂਜਾ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਈ.ਟੀ.ਟੀ. ਕਰ ਰਹੇ ਜਾਂ ਕਰ ਚੁੱਕੇ ਉਮੀਦਵਾਰ ਬੇਰੁਜ਼ਗਾਰ ਬੈਠੇ ਹਨ। ਉਨ੍ਹਾਂ ਕਿਹਾ ਦੌਰਾਨ ਉਨ੍ਹਾਂ ਦੀਆਂ ਹੱਕੀ ਮੰਗਾਂ 'ਤੇ ਡਾਕਾ ਮਾਰ ਕੇ ਪੰਜਾਬ ਸਰਕਾਰ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹੀ ਹੈ।
ਇਸ ਲਈ ਅਸੀਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਸ ਵੱਲੋਂ ਲਿਆ ਗਿਆ ਤਾਨਾਸ਼ਾਹੀ ਫ਼ੈਸਲਾ ਵਾਪਸ ਲਵੇ ਤੇ ਈ.ਟੀ.ਟੀ. ਦੇ ਉੱਪਰ ਪਹਿਲ ਦੇ ਆਧਾਰ 'ਤੇ ਸਿਰਫ ਈ.ਟੀ.ਟੀ. ਦੇ ਉਮੀਦਵਾਰ ਨੂੰ ਹੀ ਵਿਚਾਰਿਆ ਜਾਵੇ।
ਬੇਰੁਜ਼ਗਾਰ ਅਧਿਆਪਕਾਂ ਦੀਆਂ ਮੁੱਖ ਮੰਗਾਂ:
1) ਈਟੀਟੀ ਦੀਆਂ ਅਸਾਮੀਆਂ ਵੇਲੇ ਪਹਿਲ ਦੇ ਅਧਾਰ 'ਤੇ ਈਟੀਟੀ ਟੈੱਟ ਪਾਸ ਉਮੀਦਵਾਰਾਂ ਨੂੰ ਵਿਚਾਰਿਆ ਜਾਵੇ।
2) 10,000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ ।
3) ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ।
4) ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ।
5) ਉਮਰ ਹੱਦ ਵਿਚ ਛੋਟ ਦਿੱਤੀ ਜਾਵੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ