Patiala Violence In Punjab : ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ। ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਸ਼ਿਵ ਸੈਨਾ ਅਤੇ ਸਿੱਖ ਜੱਥੇਬੰਦੀਆਂ ਵਿਚਾਲੇ ਮਾਰਚ ਨੂੰ ਲੈ ਕੇ ਝੜਪ ਹੋ ਗਈ ਸੀ , ਜਿਸ ਤੋਂ ਬਾਅਦ ਅੱਜ ਸ਼ਹਿਰ ਵਿੱਚ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਇਹ ਸੇਵਾਵਾਂ ਸਵੇਰੇ 9:30 ਵਜੇ ਤੋਂ ਸ਼ਾਮ 6 ਵਜੇ ਤੱਕ ਮੁਅੱਤਲ ਕੀਤੀਆਂ ਗਈਆਂ ਸੀ ਪਰ ਹੁਣ ਹਾਲਾਤ ਠੀਕ ਹੋਣ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਨੂੰ ਮੁੜ ਬਹਾਲ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਦਿੱਤੀ ਹੈ। ਸ਼ੁੱਕਰਵਾਰ ਨੂੰ ਹੋਈ ਹਿੰਸਾ 'ਚ ਚਾਰ ਲੋਕ ਜ਼ਖਮੀ ਹੋ ਗਏ ਸਨ।
ਇਸ ਤੋਂ ਬਾਅਦ ਇੱਥੇ ਕਰਫਿਊ ਲਗਾ ਦਿੱਤਾ ਗਿਆ। ਹਾਲਾਂਕਿ ਲੋਕਾਂ ਦਾ ਕਹਿਣਾ ਹੈ ਕਿ ਸਥਿਤੀ ਸ਼ਾਂਤੀਪੂਰਨ ਹੈ। ਇਸ ਮਾਮਲੇ 'ਤੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਦਾ ਕਹਿਣਾ ਹੈ ਕਿ ਲੋਕਾਂ ਨੂੰ ਕਿਸੇ ਵੀ ਗਲਤ ਸੂਚਨਾ 'ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਪੁਲਿਸ ਅਤੇ ਪ੍ਰਸ਼ਾਸਨ ਤੱਥਾਂ ਦੀ ਜਾਣਕਾਰੀ ਸਾਂਝੀ ਕਰਨਗੇ।
ਇਸ ਤੋਂ ਪਹਿਲਾਂ ਬੀਤੀ ਰਾਤ ਸ਼ਿਵ ਸੈਨਾ ਦੇ ਸਾਬਕਾ ਆਗੂ ਹਰੀਸ਼ ਸਿੰਗਲਾ (Harish Singla) ਨੂੰ ਪੁਲਿਸ ਦੇ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਪੁਲਿਸ ਨੇ ਮਾਹੌਲ ਖਰਾਬ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਜਿਕਰਯੋਗ ਹੈ ਕਿ ਸ਼ਿਵ ਸੈਨਾ ਪੰਜਾਬ ਵਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ (Harish Singla) ਪਟਿਆਲਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ।
ਓਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Mr. Bhagwant Mann) ਨੇ ਪਟਿਆਲਾ (Patiala) ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਸਨ ਅਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਣਾ ਚਾਹੀਦਾ।