ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸਖਤ ਹਦਾਇਤ ਤੋਂ ਬਾਅਦ ਪਟਿਆਲਾ ਹਿੰਸਾ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਹੁਣ ਤੱਕ ਕੁੱਲ ਨੌਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਮੁੱਖ ਤੌਰ 'ਤੇ ਹਰੀਸ਼ ਸਿੰਗਲਾ, ਜੱਗੀ ਪੰਡਿਤ, ਸ਼ੰਕਰ ਭਾਰਦਵਾਜ ਸ਼ਾਮਲ ਹਨ ਜਿਨਾਂ ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਹੈ।


ਇਸ ਮਾਮਲੇ ਦੇ ਮਾਸਟਰਮਾਈਂਡ ਮੰਨੇ ਜਾ ਰਹੇ ਬਰਜਿੰਦਰ ਸਿੰਘ ਪਰਵਾਨਾ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਬਰਜਿੰਦਰ ਪਰਵਾਨਾ ਦੇ ਭੜਕਾਉਣ ਉੱਪਰ ਹੀ ਖਾਲਿਸਤਾਨੀ ਦੇ ਸਮਰਥਨ ਵਿੱਚ ਮਾਰਚ ਕੱਢਿਆ ਗਿਆ ਸੀ। ਇਸ ਤੋਂ ਇਲਾਵਾ ਕੁਲਦੀਪ ਸਿੰਘ, ਦਲਜੀਤ ਸਿੰਘ ਤੇ ਰਾਜਿੰਦਰ ਸਿੰਘ ਨੂੰ ਪਟਿਆਲਾ ਤੋਂ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਦਵਿੰਦਰ ਸਿੰਘ ਨੂੰ ਜੀਂਦ, ਹਰਿਆਣਾ ਤੋਂ ਫੜਿਆ ਹੈ ਜਦੋਂਕਿ ਸ਼ਿਵਦੇਵ ਨੂੰ ਫਤਿਹਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ।

ਸੀਐਮ ਭਗਵੰਤ ਮਾਨ ਦਾ ਆਈਜੀ ਛੀਨਾ ਨੂੰ ਕਲੀਅਰ ਕੱਟ ਮੈਸੇਜ, ਦੋਸ਼ੀ ਬਖਸ਼ੇ ਨਾ ਜਾਣ
ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਨਵੇਂ ਲਾਏ ਗਏ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਕਲੀਅਰ ਕੱਟ ਮੈਸੇਜ ਦਿੱਤਾ ਕਿ ਪਟਿਆਲਾ ਹਿੰਸਾ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਦੇ ਚੱਲਦਿਆਂ ਪਟਿਆਲਾ ਪੁਲਿਸ ਵੱਲੋਂ ਇਸ ਕੇਸ ਦੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਪਰਵਾਨਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਸ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇ। ਪੁਲਿਸ ਨੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਖੇ ਹੋਈ ਹਿੰਸਕ ਘਟਨਾ ਤੋਂ ਬਾਅਦ ਇਸ ਘਟਨਾ ਦੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ।